Monday, July 8, 2024

ਜਥੇ: ਅਵਤਾਰ ਸਿੰਘ ਨੇ ਅਰਦਾਸ ਵਲੋਂ ਤਬਦੀਲ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਲਈ ਲਿਖਿਆ

ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਇਕ ਗੁਰਦੁਆਰੇ ਵਿੱਚ ਪ੍ਰਵਾਨਤ ਸਿੱਖ ਅਰਦਾਸ ਨੂੰ ਤਬਦੀਲ ਕਰਨ ਦੀ ਮਨਮੱਤੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਥਕ ਰਹਿਤ ਮਰਯਾਦਾ ਨਾਲ ਛੇੜਛਾੜ ਕਰਨ ਦਾ ਹੈ ਅਤੇ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਕਰਨ ਲਈ ਲਿਖਤੀ ਰੂਪ ਵਿੱਚ ਬੇਨਤੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਥ ਵਿਚੋਂ ਛੇਕੇ ਗਏ ਪ੍ਰੋ.ਦਰਸ਼ਨ ਸਿੰਘ ਦੇ ਯੂ.ਏ.ਈ. ਵਿੱਚ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਪ੍ਰਚਾਰ ਦੌਰੇ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਥ ਵਿਰੋਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਸਿੱਖ ਸਿਧਾਂਤਾਂ ਨੂੰ ਢਾਹ ਲਗਾਉਣ ਲਈ ਕਿਸ ਤਰ੍ਹਾਂ ਕਾਰਜਸ਼ੀਲ ਹਨ।ਉਨ੍ਹਾਂ ਕਿਹਾ ਕਿ ਪੰਥ ਵਿਰੋਧੀਆਂ ਦੀ ਇਸ ਕੋਝੀ ਕਾਰਵਾਈ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਪੰਥਕ ਰਹਿਤ ਮਰਯਾਦਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਰਦਾਸ ਦੇ ਆਰੰਭ ਵਿੱਚ ਆਉਂਦੇ ‘ਪ੍ਰਿਥਮ ਭਗੌਤੀ’ ਵਾਲੇ ਬੰਦ ਅਤੇ ਅੰਤਲੀਆਂ ‘ਨਾਨਕ ਨਾਮ ਚੜ੍ਹਦੀ ਕਲਾ’ ਵਾਲੀਆਂ ਦੋ ਤੁਕਾਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਜਾ ਸਕਦੀ ਅਤੇ ਸਿੱਖ ਰਹਿਤ ਮਰਯਾਦਾ ਅੰਦਰ ਅੰਕਿਤ ਅਰਦਾਸ ਨਾਲ ਫੁੱਟ ਨੋਟ ਦੇ ਕੇ ਇਸ ਸਬੰਧੀ ਸਪੱਸ਼ਟ ਹਦਾਇਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਬੰਧਤ ਗੁਰਦੁਆਰਾ ਸਾਹਿਬ ਵਿੱਚ ਇਨ੍ਹਾਂ ਦੋਹਾਂ ਬੰਦਾਂ ਵਿੱਚ ਤਬਦੀਲੀਆਂ ਦੇ ਨਾਲ-ਨਾਲ ਅਰਦਾਸ ਦੇ ਹੋਰਨਾਂ ਹਿੱਸਿਆਂ ਨੂੰ ਵੀ ਠੇਸ ਪਹੁੰਚੀ ਹੈ।ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਆਪਣੇ ਤੌਰ ‘ਤੇ ਪੰਥ ਪ੍ਰਵਾਨਿਤ ਅਰਦਾਸ ਵਿੱਚ ਤਬਦੀਲੀ ਕਰਨ ਦਾ ਕੋਈ ਹੱਕ ਨਹੀਂ ਹੈ।ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਸਬੰਧਤ ਗੁਰਦੁਆਰਾ ਸਾਹਿਬ ਵਿੱਚ ਸਖ਼ਤ ਵਿਰੋਧ ਕਰਨ ਅਤੇ ਪ੍ਰਵਾਨਿਤ ਸਿੱਖ ਅਰਦਾਸ ਨੂੰ ਯਕੀਨੀ ਬਣਾਉਣ ਲਈ ਲਾਮਬੰਦ ਹੋਣ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply