Tuesday, September 29, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 15 ਦਸੰਬਰ ਨੂੰ – ਬੇਦੀ

Diljit Singh Bediਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ‘ਗੁਰੂ ਕੇ ਮਹਿਲ’ ਵਿਖੇ 16 ਦਸੰਬਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।  ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 15 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ, ਜੋ ਸਰਾਂ ਗੁਰੂ ਰਾਮਦਾਸ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੌਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 16 ਦਸੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਸਵੇਰੇ 8 ਤੋਂ 9 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਮੁੱਖ ਵਾਕ ਦੀ ਕਥਾ ਹੋਵੇਗੀ।9 ਤੋਂ 2 ਵਜੇ ਤੀਕ ਸਕੂਲਾਂ ਦੇ ਬੱਚੇ ਤੇ ਬੀਬੀਆਂ ਦੇ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਪਰੰਤ ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਤੇ ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ ਸ੍ਰੀ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਧਰਮਵੀਰ ਸਿੰਘ ਸ੍ਰੀ ਗੁਰੂ ਰਾਮਦਾਸ ਗੁਰਮਤਿ ਸਤਿਸੰਗ ਸਭਾ, ਭਾਈ ਪਰਮਿੰਦਰ ਸਿੰਘ, ਭਾਈ ਰਜਿੰਦਰ ਸਿੰਘ ਬੱਗਾ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣੇ ਵਾਲੇ, ਬੀਬੀ ਸੁਖਮਨੀਪ੍ਰੀਤ ਕੌਰ ਤੇ ਬੀਬੀ ਜਸਜੀਤ ਕੌਰ ਕੋਟ ਖਾਲੜਾ, ਬੀਬੀ ਹਰਸਿਮਰਨ ਕੌਰ ਖਾਲਸਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਤੇ ਅਮਰੀਕਨ ਸਿੰਘਾਂ ਦਾ ਜਥਾ ਮੀਰੀ-ਪੀਰੀ ਅਕੈਡਮੀ ਦੇ ਜਥਿਆਂ ਵੱਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਅਕਾਲ ਪੁਰਖ ਦੇ ਉਪਦੇਸ਼ ਨਾਲ ਜੋੜਿਆ ਜਾਵੇਗਾ।
ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply