Monday, July 8, 2024

ਮਿਆਰੀ ਸਿੱਖਿਆ, ਕਿੱਤਾ ਮੁਖੀ ਸਿਖਲਾਈ ਅਤੇ ਹੁਨਰ ਵਿਕਾਸ ਸਮੇਂ ਦੀਆਂ ਮੁੱਖ ਲੋੜਾਂ- ਡਾ. ਚੀਮਾ

PPN1212201505

ਅੰਮ੍ਰਿਤਸਰ, 12 ਦਸੰੰਬਰ (ਜਗਦੀਪ ਸਿੰਘ ਸੱਗੂ)- ਮਿਆਰੀ ਸਿੱਖਿਆ, ਕਿੱਤਾ ਮੁਖੀ ਸਿਖਲਾਈ ਅਤੇ ਹੁਨਰ ਵਿਕਾਸ ਸਮੇਂ ਦੀਆਂ ਤਿੰਨ ਮੁੱਖ ਲੋੜਾਂ ਹਨ ਜਿਨ੍ਹਾਂ ਰਾਹੀਂ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਹੋ ਸਕਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਿੰਨੋਂ ਲੋੜਾਂ ਨੂੰ ਪੂਰਾ ਕਰਨ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਡ. ਦਲਜੀਤ ਸਿੰਘ ਚੀਮਾ ਨੇ ਅੱਜ ਸਥਾਨਕ ਡੀ. ਏ. ਵੀ ਇੰਟਰਨੈਸ਼ਨਲ ਸਕੂਲ, ਵੇਰਕਾ ਚੌਕ, ਬਾਈਬਾਸ ਰੋਡ ਵਿਖੇ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਰਵਿਸ ਸੈਕਟਰ ਤੇ ਉਦਯੋਗਾਂ ਦੀ ਲੋੜ ਅਨੁਸਾਰ ਸਿੱਖਿਆ ਨੀਤੀਆਂ ਬਣਾ ਰਹੀ ਹੈ ਤਾਂ ਜੋ ਪੜ੍ਹੇ-ਲਿਖੇ ਵਿਦਿਆਰਥੀ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਡੀ. ਏ. ਵੀ ਵਰਗੀਆਂ ਸੰਸਥਾਵਾਂ ਦਾ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਵਿਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਨੂੰ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ਅਤੇ ਸਰਹੱਦੀ ਇਲਾਕਿਆਂ ਵਿਚ ਵੀ ਆਪਣੇ ਵਿੱਦਿਅਕ ਅਦਾਰੇ ਖੋਲ੍ਹਣੇ ਚਾਹੀਦੇ ਹਨ ਤਾਂ ਜੋ ਉਥੋਂ ਦੇ ਬੱਚੇ ਵੀ ਮਿਆਰੀ ਸਿੱਖਿਆ ਹਾਸਲ ਕਰ ਸਕਣ।

PPN1212201515
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਦੀਆਂ ਨਵੀਆਂ ਚੁਣੌਤੀਆਂ ਨੂੰ ਸਮਝਦਿਆਂ ਸਿੱਖਿਆ ਦੇ ਪਾਠਕ੍ਰਮ ਅਤੇ ਸਿਖਲਾਈ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਨੇ ਇਨਕਲਾਬੀ ਕਦਮ ਚੁੱਕੇ ਹਨ ਅਤੇ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਸੂਬੇ ਭਰ ਵਿਚ ਮੈਰੀਟੋਰੀਅਰਸ ਤੇ ਆਦਰਸ਼ ਸਕੂਲ ਖੋਲ੍ਹੇ ਗਏ ਹਨ ਅਤੇ ਸਕੂਲਾਂ ਵਿਚ ਵੋਕੇਸ਼ਨਲ ਸਿੱਖਿਆ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਸੂਬੇ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ ਅਧਿਆਪਕਾਂ ਦੀ ਟ੍ਰੇਨਿੰਗ ਨੀਤੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਕੇਵਲ ਬੁਨਿਆਦੀ ਢਾਂਚੇ ਨਾਲ ਹੀ ਨਹੀਂ ਚੱਲਦੇ ਸਗੋਂ ਇਨ੍ਹਾਂ ਲਈ ਕਾਬਲ ਅਧਿਆਪਕਾਂ ਦੀ ਲੋੜ ਹੁੰਦੀ ਹੈ। ਡਾ. ਚੀਮਾ ਨੇ ਇਸ ਮੌਕੇ ਆਪਣੇ ਅਖਤਿਆਰੀ ਫੰਡ ਵਿਚੋਂ ਸਕੂਲ ਨੂੰ ਤਿੰਨ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸਕੂਲ ਦੇ ਨਵੇਂ ਬਣਾਏ ‘ਅਤਿਥੀ ਗ੍ਰਹਿ’ ਦਾ ਉਦਘਾਟਨ ਕੀਤਾ ਅਤੇ ਸਕੂਲ ਦੇ ਸਾਲਾਨਾ ਰਸਾਲੇ ‘ਪ੍ਰਥਾ’ ਨੂੰ ਵੀ ਜਾਰੀ ਕੀਤਾ। ਉਨ੍ਹਾਂ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਰਾਜ ਪੱਧਰ ‘ਤੇ ਮੱਲ੍ਹਾਂ ਮਾਰਨ ਵਾਲੇ 142 ਵਿਦਿਆਰਥੀਆਂ ਦਾ ਸਨਮਾਨ ਕੀਤਾ। ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਵਰਗੀ ਡਾ. ਉਰਮਿਲਾ ਲਖਨਪਾਲ ਵਜੀਫਾ ਅਤੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਵਰਗੀ ਡਾ. ਸਮੀਨ ਸਿੰਘ ਵਜੀਫੇ ਤਹਿਤ ਨਕਦ ਪੁਰਸਕਾਰ, ਯਾਦ ਚਿੰਨ੍ਹ ਅਤੇ ਪੁਸਤਕਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸਕੂਲ ਵੱਲੋਂ ਮੁਫ਼ਤ ਚਲਾਈ ਜਾ ਰਹੀ ਸੰਸਥਾ ‘ਨਵ ਪ੍ਰੇਰਨਾ’ ਦੇ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ।
ਇਸ ਤੋਂ ਪਹਿਲਾਂ ਸਕੂਲ ਦੇ ਚੇਅਰਮੈਨ ਡਾ. ਵੀ. ਪੀ ਲਖਨਪਾਲ, ਪ੍ਰਬੰਧਕ ਡਾ. ਰਾਜੇਸ਼ ਕੁਮਾਰ ਅਤੇ ਪ੍ਰਿੰਸੀਪਲ ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਡਾ. ਚੀਮਾ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਿੰਸੀਪਲ ਅੰਜਨਾ ਗੁਪਤਾ ਨੇ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸਕੂਲ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਬਾਰੇ ਸਾਲਾਨਾ ਰਿਪੋਰਟ ਪੜ੍ਹੀ ਅਤੇ ਬੱਚਿਆਂ ਨੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਰਾਹੀਂ ਆਪਣੀ ਬਹੁ-ਪੱਖੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਭਨਾਂ ਦਾ ਮਨ ਮੋਹ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਕੱਵਾਲੀ ‘ਆਸ਼ਿਕ ਦਾ ਸਜ਼ਦਾ ਹਰ ਵੇਲੇ’ ਨੇ ਸਭ ਤੋਂ ਵੱਧ ਤਾੜੀਆਂ ਖੱਟੀਆਂ। ਜ਼ਿਕਰਯੋਗ ਹੈ ਕਿ ਇਹੀ ਕੱਵਾਲੀ ਕਲਰਸ ਚੈਨਲ ਦੇ ਪ੍ਰੋਗਰਾਮ ‘ਇੰਡੀਆਜ਼ ਗਾਟ ਟੈਲੇਂਟ’ ਵਿਚ ਧੁੰਮਾਂ ਪਾ ਕੇ ਅੰਮ੍ਰਿਤਸਰ ਦਾ ਮਾਣ ਵਧਾ ਚੁੱਕੀ ਹੈ।  ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਅਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰਬੀਰ ਸਿੰਘ, ਸ. ਰਾਜਿੰਦਰ ਸਿੰਘ ਮਰਵਾਹਾ, ਸ. ਕੁਲਵਿੰਦਰ ਸਿੰਘ ਬਾਜਵਾ, ਸ. ਕੁਲਜੀਤ ਸਿੰਘ, ਪ੍ਰੋ. ਅਮਰਦੀਪ ਗੁਪਤਾ, ਪ੍ਰਿੰਸੀਪਲ ਜੀਵਨ ਜੋਤੀ ਸਿਧਾਨਾ, ਸ੍ਰੀ ਰਾਕੇਸ਼ ਮਹਿਰਾ, ਸ੍ਰੀ ਹੀਰਾ ਲਾਲ ਕੰਧਾਰੀ, ਸ੍ਰੀ ਸੰਦੀਪ ਆਹੂਜਾ ਤੋਂ ਇਲਾਵਾ ਸਕੂਲ ਸਟਾਫ, ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਸ਼ਹਿਰ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ। .

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply