Monday, July 8, 2024

ਕਾਂਗਰਸ ਪੰਜਾਬ ਤੇ ਸਿੱਖਾਂ ਦੀ ਇਕ ਨੰਬਰ ਦੁਸ਼ਮਣ ਜਮਾਤ, ‘ਆਪ’ ਨੇ ਦਿੱਲੀ ਵਿੱਚ ਸਰਕਾਰੀ ਖਜ਼ਾਨਾ ਲੁੱਟਿਆ-ਬਾਦਲ

PPN1412201513

PPN1412201514

ਸ੍ਰੀ ਗੋਇੰਦਵਾਲ ਸਾਹਿਬ, 14 ਦਸੰਬਰ (ਕੁਲਵਿੰਦਰ ਕੰਬੋਕੇ, ਹਰਦਿਆਲ ਸਿੰਘ ਭੈਣੀ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਸੂਬੇ ਦੇ ਲੋਕਾਂ ਦੀ ਹਿੱਤਾਂ ਦੀ ਰਾਖੀ ਲਈ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਘੱਟੋ-ਘੱਟ ਪੰਜਾਬ, ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੇ ਹਿੱਤਾਂ ਬਾਰੇ ਕਾਂਗਰਸ ਪਾਰਟੀ ਦੇ ਪਿਛੋਕੜ ‘ਤੇ ਜ਼ਰੂਰ ਝਾਤ ਮਾਰਨ ਜੋ ਕਿ ਮੁੱਢ ਕਦੀਮ ਤੋਂ ਪੰਜਾਬ ਤੇ ਸਿੱਖ ਵਿਰੋਧੀ ਰਹੀ ਹੈ। ਅੱਜ ਇੱਥੇ ਸਦਭਾਵਨਾ ਰੈਲੀ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖਾਂ ਦੀ ਇਕ ਨੰਬਰ ਦੁਸ਼ਮਣ ਕਾਂਗਰਸ ਪਾਰਟੀ ਤੋਂ ਪੰਜਾਬ ਵਾਸੀਆਂ ਨੂੰ ਸਾਵਧਾਨ ਕੀਤਾ ਜਿਸ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਹਮੇਸ਼ਾ ਹੀ ਸੂਬੇ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਨੇ ਸੂਬੇ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤੌਰ ‘ਤੇ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇਹ ਧਾਰਮਿਕ ਮਾਮਲਿਆਂ ਵਿੱਚ ਸਿੱਧੇ ਤੌਰ ‘ਤੇ ਦਖ਼ਲਅੰਦਾਜ਼ੀ ਕਰਕੇ ਸਿੱਖ ਪੰਥ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਤਬਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 1984 ਵਿੱਚ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਸਿੱਖ ਦੇ ਹੋਏ ਕਤਲੇਆਮ ਲਈ ਕਾਂਗਰਸ ਤੇ ਇਸ ਦੀ ਦੰਭੀ ਲੀਡਰਸ਼ਿਪ ਕਦੇ ਵੀ ਮੁਆਫੀ ਦੇ ਕਾਬਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਪੰਜਾਬੀ ਸ੍ਰੀ ਹਰਿਮੰਦਰ ਸਾਹਿਬ ‘ਤੇ ਭਾਰਤੀ ਫੌਜ ਰਾਹੀਂ ਕਰਵਾਏ ਗਏ ਟੈਂਕਾਂ ਤੇ ਤੋਪਾਂ ਨਾਲ ਹਮਲੇ ਨੂੰ ਕਦੇ ਵੀ ਨਹੀਂ ਭੁੱਲ ਸਕਦੇ ਜਿੱਥੇ ਕਿ ਬਹੁਤ ਸਾਰੀਆਂ ਔਰਤਾਂ ਤੇ ਬੱਚਿਆਂ ਸਮੇਤ ਅਨੇਕਾਂ ਬੇਗੁਨਾਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬੀ ਖਾਸ ਕਰਕੇ ਸਿੱਖ ਦੇਸ਼ ਦੀ ਸੁਰੱਖਿਆ ਖਾਤਰ ਆਪਣੀ ਸੰਜੀਦਗੀ ਤੇ ਬਹਾਦਰੀ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਨੇ ਸਦਾ ਹੀ ਦੇਸ਼ ਦੀਆਂ ਸੁਰੱਖਿਆ ਫੌਜਾਂ ਵਿੱਚ ਆਪਣਾ ਵਿਲੱਖਣ ਯੋਗਦਾਨ ਪਾਇਆ ਹੈ ਪਰ ਇਹ ਬਹੁਤ ਜ਼ਿਆਦਾ ਦੁੱਖ ਦੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਵਰਗੇ ਪਵਿੱਤਰ ਅਸਥਾਨ ‘ਤੇ ਕਾਂਗਰਸ ਲੀਡਰਸ਼ਿਪ ਨੇ ਇਸੇ ਭਾਰਤੀ ਫੌਜ ਤੋਂ ਹਮਲਾ ਕਰਵਾਇਆ। ਸ. ਬਾਦਲ ਨੇ ਕਿਹਾ,”ਅਸੀਂ ਇਨ੍ਹਾਂ ਘਟਨਾਵਾਂ ਨੂੰ ਕਿਵੇਂ ਭੁੱਲ ਸਕਦੇ ਹਾਂ ਜੋ ਸਾਡੀ ਮਾਨਸਿਕਤਾ ‘ਤੇ ਡੂੰਘੀ ਤਰ੍ਹਾਂ ਉੱਕਰੀਆਂ ਹੋਈਆਂ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਦਾ ਹੀ ਪੰਜਾਬ ਨਾਲ ਸਦਾ ਹੀ ਧ੍ਰੋਹ ਕਮਾਇਆ ਹੈ। ਇਸ ਪਾਰਟੀ ਨੇ ਪੰਜਾਬ ਨੂੰ ਆਪਣੀ ਰਾਜਧਾਨੀ, ਦਰਿਆਵਾਂ ਦੇ ਪਾਣੀਆਂ ਵਿੱਚ ਬਣਦੇ ਹਿੱਸੇ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਤਬਦੀਲ ਕਰਨ ਤੋਂ ਵਾਂਝਾ ਰੱਖਿਆ ਹੈ ਜੋ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਗਏ ਵੱਡੇ ਧੋਖੇ ਤੋਂ ਰੱਤੀ ਭਰ ਵੀ ਘੱਟ ਨਹੀਂ ਹੈ। ਸ. ਬਾਦਲ ਨੇ ਕਿਹਾ, ”ਇਸ ਸਾਰੇ ਵਰਤਾਰੇ ਨੇ ਸਾਡੇ ਮਨਾਂ ਵਿੱਚ ਗੁੱਸੇ, ਘਿਰਣਾ ਤੇ ਨਫਰਤ ਦੀ ਭਾਵਨਾ ਪੈਦਾ ਕੀਤੀ ਜੋ ਕਿ ਅਜੇ ਵੀ ਸਾਡੇ ਮਨਾਂ ਵਿੱਚੋਂ ਨਹੀਂ ਨਿਕਲੀ।” ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਦੇ ਝੂਠੇ ਭੰਡੀ ਪ੍ਰਚਾਰ ਤੋਂ ਸਾਵਧਾਨ ਕੀਤਾ ਜਿਸ ਦਾ ਹਮੇਸ਼ਾ ਹੀ ਇਕੋ-ਇਕ ਉਦੇਸ਼ ਵੋਟਾਂ ਲੈਣ ਖਾਤਰ ਲੋਕਾਂ ਨੂੰ ਗੁੰਮਰਾਹ ਕਰਨਾ ਰਿਹਾ ਹੈ।
ਮਾਝੇ ਦੇ ਬਹਾਦਰ ਲੋਕਾਂ ਦੀ ਸ਼ਲਾਘਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅੱਜ ਹੋਈ ਪੰਜਵੀਂ ਸਦਭਾਵਨਾ ਰੈਲੀ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਮਾਝੇ ਦੇ ਲੋਕਾਂ ਨੇ ਸਹੀ ਮਾਅਨਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਪ੍ਰਤੀ ਵਚਨਬੱਧਤਾ ਤੇ ਵਫ਼ਾਦਾਰੀ ਦਾ ਸਬੂਤ ਦਿੱਤਾ ਹੈ। ਸ. ਬਾਦਲ ਨੇ ਅੱਜ ਦੀ ਰੈਲੀ ਵਿੱਚ ਲੋਕਾਂ ਦੇ ਵੱਡੇ ਇਕੱਠ ਤੋਂ ਉਹ ਬਹੁਤ ਜ਼ਿਆਦਾ ਉਤਸ਼ਾਹਿਤ ਹੋਏ ਹਨ ਜੋ ਕਿ ਉਨ੍ਹਾਂ ਦੇ ਛੇ ਦਹਾਕਿਆਂ ਦੇ ਸਿਆਸੀ ਜੀਵਨ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਹੋ ਨਿਬੜੀ ਹੈ।
ਸਦਭਾਵਨਾ ਰੈਲੀਆਂ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਮੁੱਖ ਉਦੇਸ਼ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨਾ ਹੈ ਜੋ ਕਿ ਸੂਬੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦਾ ਮੂਲ ਆਧਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਏਕਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮੁਦੱਈ ਹੈ ਜਿਸ ਨੇ ਵੱਖ-ਵੱਖ ਸਮਿਆਂ ਦੌਰਾਨ ਸਮਾਜ ਵਿਰੋਧੀ ਤੱਤਾਂ ਵੱਲੋਂ ਭੜਕਾਹਟ ਪੈਦਾ ਕਰਨ ਦੇ ਸਮਾਜਿਕ ਤੰਦਾਂ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ,”ਅਸੀਂ ਪੰਜਾਬ ਦੇ ਲੋਕਾਂ ਨੇ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਜਜ਼ਬਾ ਸਾਡੇ ਮਹਾਨ ਗੁਰੂਆਂ, ਫਕੀਰਾਂ, ਸੰਤਾਂ ਤੇ ਪੈਗੰਬਰਾਂ ਤੋਂ ਹਾਸਲ ਕੀਤਾ ਹੈ।”
ਪੰਜਾਬ ਤੇ ਪੰਥ ਵਿਰੋਧੀ ਅਤੇ ਹੋਰ ਫੁੱਟ ਪਾਊ ਤਾਕਤਾਂ ਤੋਂ ਸੂਬੇ ਨੂੰ ਤੱਤੀ ਵਾਅ ਨਾ ਲੱਗਣ ਦੇਣ ਪ੍ਰਤੀ ਆਪਣੀ ਦ੍ਰਿੜਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੇਸ਼ ਵਿਰੋਧੀ ਤੱਤਾਂ ਨੂੰ ਸਮਾਜ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਣਗੇ ਕਿਉਂਕਿ ਸੂਬੇ ਦੇ ਲੋਕਾਂ ਨੂੰ ਅੱਤਵਾਦ ਦੇ ਕਾਲੇ ਦੌਰ ਵਿੱਚ ਇਸ ਦੀ ਵੱਡੀ ਕੀਮਤ ਚੁਕਾਉਣੀ ਪਈ ਹੈ ਜਿਸ ਵਿੱਚ ਲਗਪਗ 22,000 ਮਾਸੂਮ ਜਾਨਾਂ ਗਈਆਂ ਸਨ।ਫੁੱਟ ਪਾਊ ਤਾਕਤਾਂ ਦੀ ਚੁਣੌਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਖਾਸ ਕਰਕੇ ਸਿੱਖਾਂ ਨੂੰ ਧਰਮ ਦੇ ਨਾਂਅ ‘ਤੇ ਪੈਦਾ ਕੀਤੀ ਜਾ ਰਹੀ ਭੜਕਾਹਟ ਤੋਂ ਭਾਵਨਾਤਮਕ ਤੌਰ ‘ਤੇ ਬਲੈਕਮੇਲ ਨਾ ਹੋਣ ਲਈ ਆਖਿਆ। ਸ. ਬਾਦਲ ਨੇ ਕਿਹਾ ਕਿ ਅਸੀਂ ਇਨ੍ਹਾਂ ਸਿਆਸੀ ਚਾਲਾਂ ਪਹਿਲਾਂ ਹੀ ਬਹੁਤ ਨੁਕਸਾਨ ਉਠਾਇਆ ਹੈ ਅਤੇ ਅਸੀਂ ਹੋਰ ਨੁਕਸਾਨ ਸਹਿਣ ਨਹੀਂ ਕਰ ਸਕਦੇ। ਬਦਕਿਸਮਤੀ ਨਾਲ ਸਾਨੂੰ ਪਹਿਲਾਂ ਹੀ ਸਾਡੇ ਪਵਿੱਤਰ ਗੁਰਧਾਮ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਪੰਜਾ ਸਾਹਿਬ ਤੋਂ ਵਿਛੋੜ ਦਿੱਤਾ ਹੈ ਜੋ ਕਿ ਪਾਕਿਸਤਾਨ ਵਿੱਚ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਤੇ ਪੰਥ ਵਿਰੋਧੀ ਸ਼ਕਤੀਆਂ ਮੁੜ ਉਸ ਏਜੰਡੇ ਨੂੰ ਲੈ ਕੇ ਅੱਗੇ ਵੱਧਦੀਆਂ ਹਨ ਤਾਂ ਇਸ ਨਾਲ ਅਸੀਂ ਆਪਣੇ ਪਵਿੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਪਟਨਾ (ਬਿਹਾਰ) ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਤੋਂ ਵਿਛੜ ਜਾਵਾਂਗੇ।
ਇਤਿਹਾਸਕ ਕਸਬੇ ਸ੍ਰੀ ਗੋਇੰਦਵਾਲ ਸਹਿਬ ਵਿਖੇ ‘ਸਦਭਾਵਨਾ ਰੈਲੀ’ ਵਿਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਹੈ ਕਿਉਂ ਕਿ ਪਾਰਟੀ ਦੇ 95ਵੇਂ ਸਥਾਪਨਾ ਦਿਵਸ ‘ਤੇ ਉਹ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੀ ਬਹੁਤ ਮਾਣ ਵਾਲੀ ਗੱਲ ਹੈ ਕਿ ਕਿਉਂ ਕਿ ਉਹ ਭਾਰਤ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਵਿਚ ਪ੍ਰਧਾਨ ਦੇ ਅਹੁਦੇ ‘ਤੇ ਸੇਵਾਵਾਂ ਨਿਭਾਅ ਰਹੇ ਹਨ।ਸ਼੍ਰੋਮਣੀ ਅਕਾਲੀ ਦਲ ਦੀ ਅਮੀਰ ਵਿਰਾਸਤ ਨੂੰ ਯਾਦ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਹਮੇਸ਼ਾ ਹੀ ਅਨਿਆਂ ਦੇ ਖਿਲਾਫ ਡਟ ਕੇ ਖੜ੍ਹੀ ਹੈ ਅਤੇ ਸ਼ੁਰੂ ਤੋਂ ਲੈ ਕੇ ਗੁਰੂਦੁਆਰਾ ਸੁਧਾਰ ਲਹਿਰ, ਆਜ਼ਾਦੀ ਦਾ ਸੰਘਰਸ਼ ਅਤੇ ਐਮਰਜੈਂਸੀ ਦੌਰਾਨ ਪਾਰਟੀ ਦਾ ਯੋਗਦਾਨ ਅਭੁੱਲ ਰਿਹਾ ਹੈ।ਭਾਰਤੀ ਇਤਿਹਾਸ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਅਫਰੀਕੀ ਆਗੂ ਨੈਲਸਨ ਮੰਡੇਲਾ ਵੱਲੋਂ ਅਨਿਆਂ ਖਿਲਾਫ 15 ਸਾਲ ਕੱਟੀ ਜੇਲ੍ਹ ਕਰਕੇ ਉਨ੍ਹਾਂ ਦਾ ਆਦਰਸ-ਸਤਿਕਾਰ ਕਰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਲੱਖਾਂ ਵਰਕਰਾਂ ਨੇ ਏਕਤਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਲਈ ਇਸ ਤੋਂ ਜ਼ਿਆਦਾ ਸਮਾਂ ਜੇਲ੍ਹਾਂ ਵਿਚ ਗੁਜ਼ਾਰੇ ਹਨ।ਪੰਜਾਬੀ ਵਿਰੋਧੀ ਏਜੰਡੇ ਲਈ ਗਾਂਧੀ ਪਰਿਵਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਹਮੇਸ਼ਾ ਸਿੱਖਾਂ ਦੇ ਜਜ਼ਬਾਤਾਂ ਨਾਲ ਖੇਡਿਆ ਹੈ ਤਾਂ ਜੋ ਇਸ ਦਾ ਸਿਆਸੀ ਲਾਹਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਵੀ ਇਸ ਪਰਿਵਾਰ ਨੇ ਚੱਬਾ ਵਿਖੇ ਗਰਮਖਿਆਲੀਆਂ ਦਾ ਇਕੱਠ ਕਰਕੇ ਆਪਣਾ ਪੰਜਾਬ ਵਿਰੋਧੀ ਏਜੰਡਾ ਸਪੱਸ਼ਟ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦੀ ਬੇਜੋੜ ਸਫਲਤਾ ਨੂੰ ਉਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਲਈ ਕਰਾਰਾ ਜਵਾਬ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਇਕਸੂਤਰੀ ਵਿਕਾਸ ਅਤੇ ਸ਼ਾਂਤੀ ਦੇ ਏਜੰਡੇ ਨੂੰ ਲੋਕਾਂ ਦਾ ਵੀ ਭਰਪੂਰ ਸਮੱਰਥਨ ਮਿਲ ਰਿਹਾ ਹੈ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣੀ ਹੈ ਉਦੋਂ ਹੀ ਪੰਜਾਬ ਵਿਚ ਬੇਸ਼ੁਮਾਰ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਥੀਨ ਡੈਮ, ਰਣਜੀਤ ਸਾਗਰ ਡੈਮ, ਅੰਮ੍ਰਿਤਸਰ ਏਅਰਪੋਰਟ, ਥਰਮਲ ਪਲਾਂਟ ਅਤੇ ਕਿੰਨੇ ਹੀ ਫੋਕਲ ਪੁਆਇੰਟ ਬਾਦਲ ਸਰਕਾਰ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਟਾ-ਦਾਲ ਸਕੀਮ, ਕਿਸਾਨਾਂ ਨੂੰ ਮੁਫਤ ਬਿਜਲੀ ਆਦਿ ਵੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀ ਹੀ ਦੇਣ ਹੈ।ਇਸ ਮੌਕੇ ਇਕ ਵੱਡਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਵਿਕਾਸ ਲਈ 2000 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿਚ 400 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਡੇਰਿਆਂ ਅਤੇ ਢਾਣੀਆਂ ਨੂੰ ਬਿਜਲੀ ਕੁਨੈਕਸ਼ਨ ਅਤੇ ਪਹੁੰਚ ਮਾਰਗ ਬਣਾ ਕੇ ਦਿੱਤੇ ਜਾਣਗੇ।
ਸਮਾਜਿਕ ਭਲਾਈ ਦੀਆਂ ਸਕੀਮਾਂ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 250 ਰੁਪਏ ਤੋਂ ਵਧਾ ਕੇ 500 ਰੁਪਏ ਕਰ ਦਿੱਤੀ ਹੈ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ 50000 ਹਜ਼ਾਰ ਰੁਪਏ ਤੱਕ ਮੁਫਤ ਇਲਾਜ ਕਰਵਾਇਆ ਜਾ ਸਕੇਗਾ। ਇਹ ਸਕੀਮ ਜਨਵਰੀ 2016 ਤੋਂ ਸ਼ੁਰੂ ਹੋ ਜਾਵੇਗੀ।ਉੱਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਦੂਜਿਆਂ ਵਾਂਗ ਕਦੇ ਵੀ ਝੂਠੇ ਵਾਅਦੇ ਨਹੀਂ ਕਰਦੇ ਅਤੇ ਉਹ ਜੋ ਕਹਿੰਦੇ ਹਨ ਉਹ ਕਰਕੇ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਕਿਹਾ ਗਿਆ ਸੀ, ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾ ਦਿੱਤਾ ਗਿਆ ਹੈ, ਕੌਮਾਂਤਰੀ ਹਵਾਈ ਅੱਡੇ ਬਣ ਗਏ ਹਨ ਅਤੇ ਸਾਰੇ ਵੱਡੇ ਸ਼ਹਿਰਾਂ ਨੂੰ 4-6 ਮਾਰਗੀ ਸੜਕਾਂ ਨਾਲ ਜੋੜ ਦਿੱਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਹਰੇਕ ਹਲਕੇ ਦੀ ਵਿਕਾਸ ਲਈ 25 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।ਆਪ ਦੇ ਆਗੂਆਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਧੋਖੇਬਾਜ਼ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ‘ਆਪ’ ਦਿੱਲੀ ਵਿਚ ਆਮ ਲੋਕਾਂ ਦੀ ਪਾਰਟੀ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਸੀ ਅਤੇ ਹੁਣ ਉਸ ਨੇ ਵਿਧਾਇਕਾਂ ਦੀਆਂ ਪ੍ਰਤੀ ਮਹੀਨਾ 2.50 ਲੱਖ ਰੁਪਏ ਤਨਖਾਹਾਂ ਕਰਕੇ ਸਰਕਾਰੀ ਖਜ਼ਾਨੇ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਿਧਾਇਕ ਦੀ ਤਨਖਾਹ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਵੀ ਜ਼ਿਆਦਾ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ‘ਆਪ’ ਦੇ ਵਿਧਾਇਕ ਹਰ ਤਰ੍ਹਾਂ ਦੀਆਂ ਸੁੱਖ-ਸੁਵਿਧਾਵਾਂ ਦਾ ਵੀ ਆਨੰਦ ਉਠਾ ਰਹੇ ਹਨ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਚੱਬਾ ਵਿਖੇ ਹੋਏ ਇਕੱਠ ਦੇ ਪ੍ਰਬੰਧਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਾਂਗਰਸੀ ਲੀਡਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਇਕੱਠ ਦਾ ਇਕ-ਨੁਕਾਤੀ ਏਜੰਡਾ ਲੋਕਾਂ ਵਿੱਚ ਫਿਰਕੂ ਪਾੜਾ ਪਾਉਣਾ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਹਾਲਾਤ ਨੂੰ ਬੜੀ ਸੰਜੀਦਗੀ ਨਾਲ ਨਜਿੱਠ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਵਿੱਚ ਲੋਕਾਂ ਦੇ ਭਰੋਸੇ ਨੂੰ ਬਹਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਕਦੇ ਵੀ ਦੇਸ਼ ਵਿਰੋਧੀ ਤਾਕਤਾਂ ਦਾ ਸਾਥ ਨਹੀਂ ਦੇਣਗੇ ਕਿਉਂਕਿ ਪੰਜਾਬ ਵਾਸੀਆਂ ਨੂੰ ਇਕ ਦਹਾਕੇ ਤੋਂ ਵੱਧ ਸਮਾਂ ਅੱਤਵਾਦ ਦੇ ਕਾਲੇ ਦੌਰ ਵਿੱਚੋਂ ਗੁਜ਼ਰਨਾ ਪਿਆ ਹੈ। ਆਪਣੇ ਭਾਸ਼ਣ ਵਿੱਚ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕੋ-ਇਕ ਸੂਬਾ ਹੈ ਜਿੱਥੇ ਕੁੱਲ 2.5 ਕਰੋੜ ਆਬਾਦੀ ਵਿੱਚੋਂ ਤਕਰੀਬਨ 1.5 ਕਰੋੜ ਲੋਕਾਂ ਨੂੰ ਮੁਫਤ ਆਟਾ-ਦਾਲ ਮੁਹੱਈਆ ਕਰਵਾ ਕੇ ਸਿੱਖ ਫਿਲਾਸਫੀ ਮੁਤਾਬਕ ਹਰੇਕ ਨੂੰ ਭੋਜਨ ਦੇ ਸਿਧਾਂਤ ‘ਤੇ ਪਹਿਰਾ ਦਿੱਤਾ ਜਾ ਰਿਹਾ ਹੈ। ਸ. ਕੈਰੋਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਇਸ ਨੇਕ ਕਾਰਜ ਲਈ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁਲਕ ਨੂੰ ਅੰਨ ਭੰਡਾਰ ਪੱਖੋਂ ਸਵੈ-ਨਿਰਭਰ ਬਣਾਉਣ ਲਈ ਪੰਜਾਬ ਨੇ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਸੂਬੇ ਵਿੱਚ ਹਰੇਕ ਨਾਗਰਿਕ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਆਟਾ-ਦਾਲ ਸਕੀਮ ਚਾਲੂ ਕੀਤੀ ਗਈ ਸੀ।
ਇਸ ਮੌਕੇ ਮਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ. ਬਾਦਲ ਨੇ ਮਾਝਾ ਖੇਤਰ ਵਿੱਚ ਸਮੁੱਚੇ ਵਿਕਾਸ ਤੇ ਖੁਸ਼ਹਾਲੀ ਦਾ ਯੁੱਗ ਸ਼ੁਰੂ ਕੀਤਾ ਜਦਕਿ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਖਿੱਤੇ ਨੂੰ ਵਿਕਾਸ ਪੱਖੋਂ ਅਣਗੌਲੀ ਰੱਖਿਆ। ਕਾਂਗਰਸੀ ਲੀਡਰਸ਼ਿਪ ਦੀ ਤਿੱਖੀ ਅਲੋਚਨਾ ਕਰਦੇ ਹੋਏ ਸ. ਮਜੀਠੀਆ ਨੇ ਕਿਹਾ ਕਿ ਸਾਲ 1984 ਦੇ ਸਿੱਖ ਕਤਲੇਆਮ ਤੋਂ ਕਾਂਗਰਸੀ ਲੀਡਰ ਕਦੇ ਵੀ ਆਪਣੇ ਆਪ ਨੂੰ ਦੋਸ਼-ਮੁਕਤ ਨਹੀਂ ਕਰ ਸਕਦੇ। ਉਨ੍ਹਾਂ ਨੇ ਹਾਲ ਹੀ ਵਿੱਚ ਵਿਧਾਨ ਸਭਾ ਤੋਂ ਅਸਤੀਫਾ ਦੇਣ ਵਾਲੇ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਕਾਂਗਰਸ ਦੀ ਟਿਕਟ ‘ਤੇ ਉਪ ਚੋਣ ਨਾ ਲੜਨ ਕਿਉਂਕਿ ਇਸ ਪਾਰਟੀ ਦੇ ਪੰਜੇ ਬੇਗੁਨਾਹ ਸਿੱਖਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਉਸ ਸੰਵੇਦਨਹੀਣਤਾ ਨੂੰ ਵੀ ਯਾਦ ਦਿਵਾਇਆ ਜਿਸ ਦੇ ਸਬੰਧ ਵਿੱਚ ਉਨ੍ਹਾਂ ਨੇ ਕਿਹਾ ਸੀ,”ਜਦੋਂ ਕੋਈ ਵੱਡਾ ਦਰੱਖਤ ਡਿਗਦਾ ਹੈ ਤਾਂ ਧਰਤੀ ਕੰਬਦੀ ਹੈ।” ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ 31 ਵਰ੍ਹੇ ਬੀਤ ਜਾਣ ਦੇ ਬਾਵਜੂਦ ਪੀੜਤ ਨਿਆਂ ਨੂੰ ਤਰਸ ਰਹੇ ਹਨ ਜਦਕਿ ਦੂਜੇ ਪਾਸੇ ਇਸ ਘੋਰ ਅਪਰਾਧ ਵਿਚ ਸ਼ਾਮਲ ਕਾਂਗਰਸੀ ਲੀਡਰ ਆਜ਼ਾਦ ਘੁੰਮ ਰਹੇ ਹਨ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ‘ਤੇ ਜ਼ੋਰਦਾਰ ਹਮਲਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਮਾਨ ਨੇ ਸਿੱਖ ਰਹਿਤ ਮਰਿਆਦਾ ਦੀਆਂ ਸ਼ਾਨਦਾਰ ਦੀ ਉਲੰਘਣਾ ਕੀਤੀ ਹੈ। ਭਗਵੰਤ ਮਾਨ ਦੀ ਅਲੋਚਨਾ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸ਼ਰਾਬੀ ਹਾਲਤ ਵਿੱਚ ਸ਼ਾਮਲ ਦਾ ਬੱਜਰ ਪਾਪ ਕੀਤਾ। ਸ. ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਲੋਕਾਂ ਖਾਸ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੁੱਦੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਬੰਧ ਵਿੱਚ ਦੋਹਰੀ ਬੋਲੀ ਬੋਲ ਰਹੇ ਹਨ ਜਦਕਿ ਹਕੀਕਤ ਇਹ ਹੈ ਕਿ ਉਹ ਨਸ਼ੇ ਦਾ ਆਦੀ ਹੈ ਤੇ ਉਸ ਨੇ ਨਸ਼ੇ ਦੀ ਹਾਲਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜਾ ਕੇ ਸਾਡੇ ਸਦੀਵੀ ਗੁਰੂ ਦਾ ਨਿਰਾਦਰ ਕੀਤਾ ਹੈ।
ਆਪਣੇ ਭਾਸ਼ਣ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੀ 95ਵੀਂ ਵਰ੍ਹੇਗੰਢ ‘ਤੇ ਵਧਾਈ ਦਿੰਦੇ ਹੋਏ ਇਸ ਨੂੰ ਸਮੁੱਚੀ ਆਵਾਮ ਦੀ ਪਾਰਟੀ ਦੱਸਿਆ ਜਿਸ ਨੇ ਹਮੇਸ਼ਾ ਹੀ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ‘ਤੇ ਪਹਿਰਾ ਦਿੱਤਾ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਾਲ 2017 ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਹੈਟ੍ਰਿਕ ਮਾਰੇਗਾ। ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਅਲੋਚਨਾ ਕਰਦੇ ਹੋਏ ਸ੍ਰੀ ਚੁੱਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੰਮ ਕਰਨ ਦਾ ਤਰੀਕਾ ਤਾਨਾਸ਼ਾਹੀ ਵਾਲਾ ਸੀ ਅਤੇ ਉਹ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕੰਮ ਕਰਨ ਵਾਲੇ ਮੁੱਖ ਮੰਤਰੀ ਸਨ ਜਦਕਿ ਦੂਜੇ ਪਾਸੇ ਸ. ਪਰਕਾਸ਼ ਸਿੰਘ ਬਾਦਲ ਤੱਕ ਹਰੇਕ ਵਿਅਕਤੀ ਦੀ ਪਹੁੰਚ ਹੈ ਜੋ ਸਵੇਰੇ 5 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਲੋਕਾਂ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੇ ਲਾਮਿਸਾਲ ਵਿਕਾਸ ਤੇ ਲੋਕ ਭਲਾਈ ਸਕੀਮ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦਿੱਤਾ ਹੈ।ਮੁੱਖ ਸੰਸਦੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ ਨੇ ਸਦਭਾਵਨਾ ਰੈਲੀ ਦੀ ਕਾਰਵਾਈ ਚਲਾਈ ਅਤੇ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਮੁੱਖ ਸੰਸਦੀ ਸਕੱਤਰ ਸ. ਹਰਮੀਤ ਸਿੰਘ ਸੰਧੂ ਤੇ ਸ. ਅਮਰਪਾਲ ਸਿੰਘ ਅਜਨਾਲਾ, ਵਿਧਾਇਕ ਬੀਬੀ ਜਗੀਰ ਕੌਰ, ਸ. ਬਲਜੀਤ ਸਿੰਘ ਜਲਾਲਉਸਮਾਂ ਤੇ ਸ. ਮਨਜੀਤ ਸਿੰਘ ਮੀਆਂਵਿੰਡ, ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਸੰਸਦ ਮੈਂਬਰ ਸ. ਰਾਜਮਹਿੰਦਰ ਸਿੰਘ ਮਜੀਠੀਆ, ਸਾਬਕਾ ਵਿਧਾਇਕ ਸ੍ਰੀ ਮਨਮੋਹਨ ਸਿੰਘ ਸਠਿਆਲਾ ਤੇ ਸ. ਵੀਰ ਸਿੰਘ ਲੋਪੋ ਕੇ, ਸਾਬਕਾ ਚੇਅਰਮੈਨ ਪੇਡਾ ਭਾਈ ਮਨਜੀਤ ਸਿੰਘ, ਚੇਅਰਮੈਨ ਪਰਵਾਸੀ ਭਲਾਈ ਬੋਰਡ ਸ੍ਰੀ ਆਰ.ਸੀ. ਯਾਦਵ, ਮੁੱਖ ਮੰਤਰੀ ਦੇ ਸਲਾਹਕਾਰ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਮੁੱਖ ਮੰਤਰੀ ਦੇ ਮੀਡੀਆ ਤੇ ਕੌਮੀ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਹਰਚਰਨ ਬੈਂਸ, ਉਪ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਜੰਗਵੀਰ ਸਿੰਘ, ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਪ੍ਰਧਾਨ ਸ. ਰਵੀਕਿਰਨ ਸਿੰਘ ਕਾਹਲੋਂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਸ੍ਰੀ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਰਵਿੰਦਰ ਪਾਲ ਸਿੰਘ ਪੱਖੋ ਕੇ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply