Saturday, March 21, 2026

ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ

ਬਠਿੰਡਾ, 19 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨੈਸ਼ਨਲ ਹੇਰਾਲਡ ਮਾਮਲੇ ਵਿੱਚ ਅੱਜ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈਕੇ ਪੂਰੇ ਦੇਸ਼ ਭਰ ਵਿੱਚ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੀ ਅਗਵਾਈ ਵਿੱਚ ਕਾਂਗਰਸ ਭਵਨ ਵਿਖੇ ਇੱਕਤਰ ਹੋਏ ਜਿਲ੍ਹਾ ਕਾਂਗਰਸ ਸ਼ਹਿਰੀ ਦੇ ਸੈਂਕੜੇ ਵਰਕਰਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਬੱਸ ਸਟੈਂਡ ਦੇ ਸਾਹਮਣੇ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਦੋਸ਼ ਲਾਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਰਾਸ਼ਟਰ ਅਤੇ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਹੋਈ ਹਾਰ ਤੋਂ ਬੌਖਲਾਹਟ ਵਿੱਚ ਆਕੇ ਜਾਤੀ ਰੰਜਿਸ਼ ਦੀ ਰਾਜਨੀਤੀ ਕਰ ਰਹੇ ਹਨ, ਆਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਲੋਕਤੰਤਰ ਦੀਆਂ ਧੱਜੀਆਂ ਉਡਾਉਂਦੇ ਹੋਏ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਬੇਵਜਾਹ ਪਰੇਸ਼ਾਨ ਕਰ ਰਹੇ ਹਨ ਜਦੋਂ ਕਿ ਇਸ ਮਾਮਲੇ ਵਿੱਚ ਗਾਂਧੀ ਪਰਿਵਾਰ ਬੇਕਸੂਰ ਹੈ ਅਤੇ ਸਾਰੀ ਜਗ੍ਹਾ ਵੀ ਉਹਨਾਂ ਦੀ ਜੱਦੀ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਗਾਂਧੀ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸੀ ਵਰਕਰ ਬਰਦਾਸ਼ਤ ਨਹੀਂ ਕਰਨਗੇ ਅਤੇ ਦੇਸ਼ ਭਰ ਵਿੱਚ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ। ਉਹਨਾਂ ਦੋਸ਼ ਲਾਏ ਕਿ ਦੇਸ਼ ਵਾਸੀਆਂ ਲਈ ਅੱਛੇ ਦਿਨ ਅਤੇ ਕਾਲੇ ਧੰਨ ਦੇ 15-15 ਲੱਖ ਰੁਪਏ ਖਾਤਿਆਂ ਵਿੱਚ ਜਮ੍ਹਾਂ ਕਰਵਾਉਣ ਦੇ ਦਾਅਵੇ ਕਰਨ ਵਾਲੀ ਮੋਦੀ ਸਰਕਾਰ ਹਰ ਫਰੰਟ ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਮੋਦੀ ਸਾਹਿਬ ਨੂੰ ਤਾਂ ਦੇਸ਼ ਵਾਸੀਆਂ ਦੀ ਕੋਈ ਫਿਕਰ ਨਾ ਹੋਕੇ ਜਹਾਜ ਦੇ ਸਫਰ ਦੀ ਲਾਲਸਾ ਰਹਿੰਦੀ ਹੈ ਜਿਸ ਕਰਕੇ ਦੇਸ਼ ਵਾਸੀ ਇਹਨਾਂ ਨੂੰ ਅੱਛੇ ਦਿਨ ਵਾਲੇ ਪ੍ਰਧਾਨ ਮੰਤਰੀ ਦੀ ਬਜਾਏ ਐਨਆਰਆਈ ਪ੍ਰਧਾਨ ਮੰਤਰੀ ਵਜੋਂ ਦੇਖ ਰਹੇ ਹਨ। ਸਾਬਕਾ ਮੰਤਰੀ ਨੇ ਪੰਜਾਬ ਦੀਆਂ ਸੜਕਾਂ ਤੇ ਸਤਾਧਾਰੀ ਬੱਸਾਂ ਵੱਲੋਂ ਦਰੜੀਆਂ ਜਾ ਰਹੀਆਂ ਨੰਨੀਆਂ ਛਾਵਾਂ ਦੇ ਮਾਮਲੇ ਤੇ ਪੰਜਾਬ ਸਰਕਾਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਘੇਰਦਿਆਂ ਮੰਗ ਕੀਤੀ ਕਿ ਇਸ ਮਾਮਲੇ ਤੇ ਨੰਨੀ ਛਾਂ ਜਵਾਬ ਦੇਣ। ਇਸ ਮੌਕੇ ਵਿਧਾਇਕ ਅਜੈਬ ਸਿੰਘ ਭੱਟੀ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਮੀਤ ਪ੍ਰਧਾਨ ਨਰਿੰਦਰ ਭਲੇਰੀਆ ਨੇ ਵੀ ਕੇਂਦਰ ਸਰਕਾਰ ਦੀਆਂ ਵਧੀਕੀਆਂ ਦੀ ਨਿੰਦਾ ਕੀਤੀ।
ਇਸ ਮੌਕੇ ਜਿਲ੍ਹਾ ਸ਼ਹਿਰੀ ਪ੍ਰਧਾਨ ਮੋਹਨ ਲਾਲ ਝੁੰਬਾ, ਜਨਰਲ ਸਕੱਤਰ ਰੁਪਿੰਦਰ ਬਿੰਦਰਾ, ਇਕਬਾਲ ਢਿੱਲੋਂ, ਕੇ ਕੇ ਅਗਰਵਾਲ, ਰਾਮ ਹਲਵਾਈ ਐਮਸੀ, ਛੋਟੇ ਲਾਲ, ਗੁਰਾ ਸਿੰਘ ਤੁੰਗਵਾਲੀ, ਰਾਜਾ ਐਮਸੀ, ਜਗਜੀਤ ਗਿੱਲਪੱਤੀ, ਪ੍ਰੀਤਮ ਬਰਾੜ, ਰਾਜ ਰਾਣੀ, ਸੁਖਦੇਵ ਸਿੰਘ, ਬਲਜੀਤ ਪ੍ਰਧਾਨ, ਰੋਕੀ ਸ਼ਰਮਾ, ਗੁਰਮੀਤ ਸਿੱਧੂ, ਅਮਰ ਕੌਰ, ਸੁਰੇਸ਼ ਬਾਂਸਲ, ਹਿੰਮਤ ਬੇਦੀ, ਮਹਿੰਦਰ ਕਰਾੜਾ, ਬਲਵੀਰ ਸਿੰਘ, ਜਗਮੀਤ ਸਿੰਘ, ਵਿਜੇ ਵਸ਼ਿਸ਼ਟ, ਵਿਜੇ ਗੋਇਲ, ਅਸ਼ਵਨੀ ਗੋਇਲ, ਰਜਿੰਦਰ ਗੋਲਡੀ, ਰਜਨੀ ਬਾਲਾ ਦੇ ਨਾਲ ਵੱਡੀ ਗਿਣਤੀ ਵਿੱਚ ਅਹੁਦੇਦਾਰ ਤੇ ਵਰਕਰ ਹਾਜਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply