
ਪਠਾਨਕੋਟ, 21 ਦਸੰਬਰ (ਪ.ਪ)- ਸਥਾਨਿਕ ਕੇ.ਐਫ.ਸੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਰਾਣੀ ਝਾਂਸੀ ਯੂਥ ਕਲੱਬ ਚੇਅਰਪਰਸਨ ਸ਼੍ਰੀਮਤੀ ਆਸ਼ਾ ਭਗਤ ਦੀ ਪ੍ਰਧਾਨਗੀ ਹੇਠ ਕਲੱਬ ਵੱਲੋਂ ਯੁਵਾ ਸੰਸਦ ਵਿਸ਼ੇ ‘ਤੇ ਬਲਾਕ ਪੱਧਰ ਦਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਸੈਮੀਨਾਰ ਦਾ ਉਦਘਾਟਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੀ ਵਾਈਸ ਪ੍ਰਿੰਸੀਪਲ ਵਿਜੇ ਕੁਮਾਰੀ, ਭਾਜਪਾ ਨੇਤਾ ਰੀਟਾ ਸਿੰਘ, ਮਨਮੋਹਨ ਲਾਲ ਲੇਖਾਕਾਰ ਨਹਿਰੂ ਯੁਵਾ ਕੇਂਦਰ, ਅਮ੍ਰਿਤਪਾਲ ਸਿੰਘ ਬਾਜਵਾ, ਰਜਨਾ ਮਹਾਜਨ, ਅਮਰਜੀਤ ਕੌਰ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੇ ਇਸ ਮੌਕੇ ਬੋਲਦਿਆਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਆਪਣੀ ਪੜ੍ਹਾਈ ਮਿਹਨਤ ਅਤੇ ਲਗਨ ਨਾਲ ਕਰਨ ਤਾਂ ਜੋ ਉਹ ਆਪਣੀ ਪੜ੍ਹਾਈ ਖਤਮ ਕਰਨ ਉਪਰੰਤ ਆਪਣੇ ਪੈਰਾ ‘ਤੇ ਖੜੇ ਹੋ ਸੱਕਣ ਅਤੇ ਉਸਾਰੂ ਸਮਾਜ ਦੀ ਸਿਰਜਨਾ ਵਿੱਚ ਵੱਡਮੁਲਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਅੱਜ ਦਾ ਵਿਦਿਆਰਥੀ ਕੱਲ ਦਾ ਯੁਵਾ ਸੰਸਦ ਹੈ ਇਸ ਲਈ ਉਨ੍ਹਾਂ ਨੂੰ ਦੇਸ਼ ਵਿਚੋਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਅਗੇ ਆਉਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਨਸ਼ਿਆਂ, ਭਰੂਣ ਹੱਤਿਆ, ਦਹੇਜ ਆਦਿ ਨੂੰ ਦੂਰ ਕਰਨ ਲਈ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ‘ਤੇ ਵੱਖ ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਵੱਛ ਭਾਰਤ ਮੁਹਿੰਮ ਅਧੀਨ ਬੱਚਿਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਨਾ ਦਿੱਤੀ। ਸ਼੍ਰੀਮਤੀ ਆਸ਼ਾ ਭਗਤ ਨੇ ਨਹਿਰੂ ਯੁਵਾ ਕੇਂਦਰ ਅਤੇ ਉਨ੍ਹਾਂ ਦੀ ਕਲੱਬ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
Punjab Post Daily Online Newspaper & Print Media