ਅੰਮ੍ਰਿਤਸਰ, 22 ਦਸੰਬਰ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 117 ਹੋ ਗਈ ਹੈ। ਬੀਤੀ 16 ਦਸੰਬਰ ਨੂੰ ਸ਼ਾਮ 6 ਵਜੇ ਦੇ ਕਰੀਬ ਕਿਸੇ ਵੱਲੋਂ ਤਿੰਨ-ਚਾਰ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵੀਨਿਊ ਤੋਂ ਕਰਵਾਇਆ ਗਿਆ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ। ਇਸ ਲਈ ਇਸ ਬੱਚੀ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਬੱਚੀ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।
ਅੱਜ ਇਸ ਬੱਚੀ ਨੂੰ ਸ੍ਰੀਮਤੀ ਰਸ਼ਮੀ ਸ਼ਰਮਾ ਸੁਪਤਨੀ ਸ੍ਰੀ ਰਾਜੇਸ਼ ਸ਼ਰਮਾ ਐਸ. ਡੀ. ਐਮ ਅੰਮ੍ਰਿਤਸਰ-2 ਨੇ ਪੰਘੂੜੇ ਵਿਚ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ, ਪਿੰਡ ਤਲਵੰਡੀ ਖੁਰਦ ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਸ੍ਰੀਮਤੀ ਰਸ਼ਮੀ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਅਧੀਨ ਹੁਣ ਤੱਕ 18 ਲੜਕੇ ਅਤੇ 99 ਲੜਕੀਆਂ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆ ਇਸ ਸਕੀਮ ਅਧੀਨ ਰੈਡ ਕਰਾਸ ਦਫ਼ਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ ਅਤੇ ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ ਨੂੰ ਰੈਡ ਕਰਾਸ ਵੱਲੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿਚ ਉਸ ਦੀ ਸੁਰੱਖਿਆ, ਪਾਲਣ-ਪੋਸ਼ਣ ਅਤੇ ਚੰਗੇ ਭੱਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਲੀਗਲ ਅਡਾਪਸ਼ਨ ਐਂਡ ਪਲੇਸਮੈਂਟ ਏਜੰਸੀੇ) ਵਿਚ ਪ੍ਰਵਰਿਸ਼ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media