Monday, April 20, 2026

ਡੇਢ ਲੱਖ ਤੋਂ ਘੱਟ ਸਾਲਾਨਾ ਆਮਦਨ ਕਿਸੇ ਵੀ ਵਰਗ ਦਾ ਵਿਅਕਤੀ ਹਾਸਲ ਕਰ ਸਕਦਾ ਮੁਫ਼ਤ ਕਾਨੂੰਨੀ ਸਹਾਇਤਾ

PPN2512201505

ਅੰਮ੍ਰਿਤਸਰ, 25 ਦਸੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਕਲੇਰ ਮਾਂਗਟ ਬਲਾਕ ਮਜੀਠਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਵਾਏ ਗਏ ਸੈਮੀਨਾਰ ਦੌਰਾਨ ਉਭਰ ਕੇ ਸਾਹਮਣੇ ਆਏ।ਸੈਮੀਨਾਰ ਦੌਰਾਨ ਸ੍ਰੀ ਬਾਲ ਕ੍ਰਿਸ਼ਨ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਕਾਨੂੰਨੀ ਸਰਵਿਸ ਅਥਾਰਟੀ ਐਕਟ 1987 ਅਧੀਨ ਹੋੋਂਦ ਵਿਚ ਆਈ ਹੈ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਟੋਲ ਫ੍ਰੀ ਹੈਲਪ ਲਾਈਨ ਨੰਬਰ 1968 ਹੈ ਅਤੇ ਜੇਕਰ ਕਿਸੇ ਨੂੰ ਕਾਨੂੰਨੀ ਸਹਾਇਤਾ ਚਾਹੀਦੀ ਹੋਵੇ ਤਾਂ ਉਹ ਇਸ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਬਣੇ ਕਾਨੂੰਨਾਂ, ਘਰੇਲੂ ਹਿੰਸਾ ਰੋਕਣ ਸਬੰਧੀ ਕਾਨੂੰਨਾਂ ਅਤੇ ਰੈਗਿੰਗ ਵਿਰੋਧੀ ਕਾਨੂੰਨਾਂ, ਸੀਨੀਅਰ ਸਿਟੀਜ਼ਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸੇ ਤਰ੍ਹਾਂ ਸ੍ਰੀਮਤੀ ਸਿਮਰਨਪ੍ਰੀਤ ਕੌਰ ਹੁੰਦਲ ਨੇ ਦੱਸਿਆ ਕਿ ਕਿਸੇ ਵੀ ਵਰਗ ਨਾਲ ਸਬੰਧਿਤ ਵਿਅਕਤੀ ਜਿਸਦੀ ਸਾਲਾਨਾ ਆਮਦਨ ਡੇਢ ਲੱਖ ਰੁਪਏ ਤੋ ਘੱਟ ਹੈ, ਮੁਫ਼ਤ ਕਾਨੂੰਨੀ ਸਹਾਇਤ ਹਾਸਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਮੁਕੱਦਮੇਬਾਜ਼ੀ ਨੂੰ ਘੱਟ ਕਰਨ ਲਈ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸਹੀ, ਸਸਤਾ, ਆਸਾਨ ਨਿਆਂ ਮਿਲ ਸਕੇ। ਉਨ੍ਹਾਂ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਤਰੀਕੇ, ਮਨਰੇਗਾ ਸਕੀਮ, ਔਰਤਾਂ ਅਤੇ ਬੱਚਿਆਂ ਦੇ ਕਾਨੂੰਨੀ ਹੱਕਾਂ ਅਤੇ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਐਕਟ 1996 ਅਧੀਨ ਬਣਾਏ ਰੂਲਜ਼ 265 ਅਨੁਸਾਰ ਪ੍ਰਵਾਨਿਤ ਕਿਰਤ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।ਸ੍ਰੀ ਬਲਦੇਵ ਸਿੰਘ ਨੇ ਇਸ ਮੌਕੇ ਦੱਸਿਆ ਕਿ ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ’ ਬਿਜਲੀ, ਪਾਣੀ ਦੇ ਕੇਸ, ਘਰੇਲੂ ਗੈਸ ਕੁਨੈਕਸ਼ਨ, ਬੈਕਿੰਗ, ਬੀਮਾ ਕੰਪਨੀਆਂ, ਡਾਕ ਤਾਰ ਵਿਭਾਗ, ਹਸਪਤਾਲ, ਟਰਾਂਸਪੋਰਟ ਅਤੇ ਹੋਰ ਸਾਰੀਆਂ ਜਨਤਕ ਸੇਵਾਵਾਂ ਚਾਹੇ ਉਹ ਸਰਕਾਰੀ ਖੇਤਰ ਵੱਲੋਂ ਜਾਂ ਨਿੱਜੀ ਖੇਤਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਣ, ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਥਾਈ ਲੋਕ ਅਦਾਲਤ ਦੀ ਜਨਤਕ ਸੇਵਾ ਸਰਵਿਸ ਵਿਚ ਕੀਤਾ ਜਾਂਦਾ ਹੈ, ਇਸ ਲਈ ਕੋਈ ਸਰਕਾਰੀ ਫੀਸ ਜਾਂ ਵਕੀਲ ਕਰਨ ਦੀ ਲੋੜ ਨਹੀਂ ਸ਼ਿਕਾਇਤ ਕਰਤਾ ਕੇਵਲ ਇਕ ਸਾਧਾਰਨ ਕਾਗਜ਼ ‘ਤੇ ਆਪਣੀ ਸ਼ਿਕਾਇਤ ਲਿਖ ਕੇ ਦੇ ਦੇਵੇ ਤਾਂ ਅਦਾਲਤ ਵੱਲੋਂ ਸਬੰਧਤ ਵਿਭਾਗ ਕੋਲੋਂ ਜਵਾਬ ਲੈ ਕੇ 30 ਦਿਨਾਂ ਦੇ ਅੰਦਰ ਕੇਸ ਹੱਲ ਕੀਤਾ ਜਾਂਦਾ ਹੈ। ਇਸ ਮੌਕੇ ਪਿੰਡ ਦਾ ਸਰਪੰਚ, ਪੰਚ ਅਤੇ ਲੋਕ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply