
ਅੰਮ੍ਰਿਤਸਰ, 30 ਦਸੰੰਬਰ (ਗੁਰਚਰਨ ਸਿੰਘ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ 1 ਜਨਵਰੀ 2016 ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋ ਰਹੀ ਹੈ ਜਿਸ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਪਲੇਠੀ ਰੇਲ ਗੱਡੀ ਨੂੰ ਨਾਂਦੇੜ ਸਾਹਿਬ ਲਈ ਰਵਾਨਾ ਕਰਕੇ ਕਰਨਗੇ। ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਅਟਾਰੀ ਹਲਕੇ ਦੀ ਸੰਗਤ ਨੂੰ ਸ੍ਰੀ ਨਾਂਦੇੜ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਇਸ ਸਬੰਧੀ ਅੱਜ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਇਸੇ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਸਟੇਸ਼ਨ ਸੁਪਰਡੈਂਟ ਸ੍ਰੀ ਕੁਲਦੀਪ ਗੋਸਵਾਮੀ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਰਾਜੇਸ਼ ਪੋਪਲੀ, ਡੀ. ਟੀ. ਓ ਸ੍ਰੀਮਤੀ ਲਵਜੀਤ ਕਲਸੀ, ਏ. ਸੀ. ਪੀ ਸ. ਗੁਰਨਾਮ ਸਿੰਘ, ਤਹਿਸੀਲਦਾਰ ਗੁਰਮੰਦਰ ਸਿੰਘ ਤੇ ਸ੍ਰੀ ਅਰਵਿੰਦ ਪ੍ਰਕਾਸ਼ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਪਲੇਟਫਾਰਮ, ਕੰਟੀਨ ਅਤੇ ਹੋਰਨਾਂ ਥਾਵਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਰੁਕਾਵਟ ਅਤੇ ਖੱਜਲ-ਖੁਆਰੀ ਤੋਂ ਯਾਤਰਾ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਪੰਜਾਬ ਸਰਕਾਰ ਦਾ ਇਕ ਅਹਿਮ ਉਪਰਾਲਾ ਹੈ ਜਿਸ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਰੇਲ ਗੱਡੀ 1 ਜਨਵਰੀ ਨੂੰ ਸਵੇਰੇ 11 ਵਜੇ ਦੇ ਕਰੀਬ ਰਵਾਨਾ ਹੋਵੇਗੀ, ਜਿਸ ਸਬੰਧੀ ਸ਼ਰਧਾਲੂ ਸਵੇਰੇ 9 ਵਜੇ ਸਟੇਸ਼ਨ ‘ਤੇ ਪਹੁੰਚ ਜਾਣਗੇ। ਉਨ੍ਹਾਂ ਦੱਸਿਆ ਕਿ 15 ਡੱਬਿਆਂ ਵਾਲੀ ਇਸ ਵਿਸ਼ੇਸ਼ ਰੇਲ ਗੱਡੀ ਦੇ 12 ਡੱਬੇ ਯਾਤਰੀਆਂ ਲਈ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਰੇਲ ਗੱਡੀ ਵਿਚ ਸ਼ਰਧਾਲੁਆਂ ਨੂੰ ਖਾਣ-ਪੀਣ ਤੋਂ ਇਲਾਵਾ ਨਾਂਦੇੜ ਸਾਹਿਬ ਵਿੱਚ ਮੁਫਤ ਠਹਿਰਣ ਅਤੇ ਆਉਣ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਸਟੇਸ਼ਨ ਦੀ ਸਫ਼ਾਈ, ਸਟੇਜ, ਸੁਰੱਖਿਆ, ਸਾਊਂਡ, ਬੈਰੀਕੇਡਿੰਗ, ਮੈਡੀਕਲ ਸਹੂਲਤਾਂ, ਪਾਰਕਿੰਗ ਆਦਿ ਦੇ ਪ੍ਰਬੰਧਾਂ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਸ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
Punjab Post Daily Online Newspaper & Print Media