
ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਮਰਦਮਸ਼ੁਮਾਰੀ ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਤਿੰਨ ਮੁਲਾਜ਼ਮਾਂ ਦਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਮਲਕਪੁਰ (ਅਜਨਾਲਾ) ਦੇ ਪਰਮਜੀਤ ਸਿੰਘ, ਨਗਰ ਪੰਚਾਇਤ ਅਜਨਾਲਾ ਦੇ ਦਵਿੰਦਰ ਕੁਮਾਰ ਅਤੇ ਆਂਗਨਵਾੜੀ ਵਰਕਰ ਮਨਜੀਤ ਕੌਰ ਸ਼ਾਮਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਸਾਲ 2011 ਵਿਚ ਕਰਵਾਈ ਗਈ ਮਰਦਮਸ਼ੁਮਾਰੀ ਲਈ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਲਈ ਭਾਰਤ ਸਰਕਾਰ ਵੱਲੋਂ ਸਨਮਾਨ ਪੱਤਰ ਅਤੇ ਮੈਡਲ ਭੇਜੇ ਗਏ ਸਨ, ਜੋ ਅੱਜ ਇਨ੍ਹਾਂ ਨੂੰ ਸੌਂਪੇ ਗਏ।
ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਜਨਸੰਖਿਆ ਦੀ ਗਿਣਤੀ ਬਹੁਤ ਹੀ ਮਹੱਤਵਪੂਰਨ ਹੁੰਦੀ ਹੈ, ਇਸੇ ਲਈ ਭਾਰਤ ਸਰਕਾਰ ਵੱਲੋਂ ਹਰ 10 ਸਾਲਾਂ ਬਾਅਦ ਮਰਦਮਸ਼ੁਮਾਰੀ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਘਰ ਵਿਚ ਨਿੱਜੀ ਤੌਰ ‘ਤੇ ਜਾ ਕੇ ਇਹ ਕੰਮ ਕੀਤਾ ਜਾਂਦਾ ਹੈ, ਜਿਸ ਲਈ ਲੱਖਾਂ ਹੀ ਮੁਲਾਜ਼ਮ ਬਤੌਰ ਚਾਰਜ ਅਫ਼ਸਰ, ਮਾਸਟਰ ਟਰੇਨਰ, ਸੁਪਰਵਾਈਜ਼ਰ ਅਤੇ ਗਿਣਤੀਕਾਰ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਵੱਲੋਂ ਬਿਹਤਰੀਨ ਕੰਮ ਕੀਤਾ ਜਾਂਦਾ ਹੈ ਉਨ੍ਹਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਨਮਾਨ ਮਿਲਣ ਨਾਲ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹ ਪੈਦਾ ਹੁੰਦਾ ਹੈ। ਇਸ ਮੌਕੇ ਡਿਪਟੀ ਈ. ਐਸ. ਏ ਸ. ਚਰਨਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media