Monday, July 8, 2024

 ਬਾਦਲ ਵੱਲੋਂ ਸ਼ਹੀਦ ਫਤਿਹ ਸਿੰਘ ਤੇ ਕੁਲਵੰਤ ਸਿੰਘ ਦੇ ਪਰਿਵਾਰਾਂ ਨੂੰ 25-25 ਲੱਖ ਤੇ ਸਰਕਾਰੀ ਨੌਕਰੀ ਦਾ ਐਲਾਨ

PPN0501201601

ਬਟਾਲਾ/ਗੁਰਦਾਸਪੁਰ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪਠਾਨਕੋਟ ਦਹਿਸ਼ਤਗਰਦੀ ਹਮਲੇ ‘ਚ ਦੇਸ਼ ਦੀ ਏਕਤਾ ਤੇ ਅਖੰਡਤਾ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਆਨਰੇਰੀ ਕੈਪਟਨ ਫਤਿਹ ਸਿੰਘ ਅਤੇ ਹਵਾਲਦਾਰ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਅੱਜ ਕਾਦੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਕੰਗ ਵਿਖੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਪਠਾਨਕੋਟ ਅੱਤਵਾਦੀ ਹਮਲੇ ਦਾ ਬਹਾਦਰੀ ਨਾਲ ਟਾਕਰਾ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸ਼ਹੀਦ ਪਰਿਵਾਰਾਂ ਦੀ ਇਸ ਔਖੀ ਘੜੀ ਵਿੱਚ ਪੂਰੀ ਤਰਾਂ ਨਾਲ ਖੜ੍ਹੀ ਹੈ। ਸ. ਬਾਦਲ ਨੇ ਕਿਹਾ ਕਿ ਭਾਰਤ ਮਾਂ ਦੇ ਬਹਾਦਰ ਸਪੂਤਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਰਾਜ ਸਰਕਾਰ ਦਾ ਫਰਜ਼ ਹੈ ਅਤੇ ਸਰਕਾਰ ਆਪਣੇ ਇਸ ਫਰਜ਼ ਨੂੰ ਪੂਰਿਆਂ ਕਰਨ ਲਈ ਵਚਨਬੱਧ ਹੈ।ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੂਸਰੇ ਰਾਜਾਂ ਦੇ ਉਨ੍ਹਾਂ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵੀ ਤਿਆਰ ਹੈ ਜਿਨ੍ਹਾਂ ਨੇ ਪਠਾਨਕੋਟ ਹਮਲੇ ‘ਚ ਸ਼ਹਾਦਤ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਦੂਸਰੇ ਰਾਜਾਂ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਇਸ ਔਖੇ ਸਮੇਂ ਉਨ੍ਹਾਂ ਦੀ ਵੀ ਮਦਦ ਕੀਤੀ ਜਾ ਸਕੇ।
ਇੱਕ ਸਵਾਲ ਦੇ ਜੁਆਬ ‘ਚ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭਾਰਤ-ਪਾਕਿ ਸਰਹੱਦ ‘ਤੇ ਹਰ ਉਸ ਚੋਰ-ਮੋਰੀ ਨੂੰ ਬੰਦ ਕਰਨ ਲਈ ਸੁਰੱਖਿਆ ਹੋਰ ਸਖਤ ਕਰਨੀ ਚਾਹੀਦੀ ਹੈ ਤਾਂ ਜੋ ਸਰਹੱਦ ਪਾਰਲੇ ਅਜਿਹੇ ਦਹਿਸ਼ਤਗਰਦੀ ਹਮਲਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕੇਂਦਰ ਸਰਕਾਰ ਕੋਲ ਸਰਹੱਦ ‘ਤੇ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਦੇ ਇਸ ਗੰਭੀਰ ਮੁੱਦੇ ਨੂੰ ਚੁੱਕੇਗੀ।ਇਸਤੋਂ ਪਹਿਲਾਂ ਪਿੰਡ ਸੰਗਰ ਅਤੇ ਕੰਗ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕਮਾਤਰ ਰਾਜ ਹੈ ਜਿਥੇ ਗਰੀਬ ਲੋਕਾਂ ਲਈ ਸਸਤਾ ਆਟਾ-ਦਾਲ ਤੇ ਸ਼ਗਨ ਸਕੀਮ ਵਰਗੀਆਂ ਭਲਾਈ ਯੋਜਨਾਵਾਂ ਸਫਲਤਾ ਨਾਲ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਦੇ ਹਿੱਤ ਨੂੰ ਮੁੱਖ ਰੱਖਿਆਂ ਖੇਤੀ ਸੈਕਟਰ ਲਈ ਲਗਾਤਾਰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰੱਖੀ ਹੈ ਅਤੇ ਰਾਜ ਸਰਕਾਰ ਹਰ ਸਾਲ 5000 ਕਰੋੜ ਰੁਪਏ ਪਾਵਰਕਾਮ ਨੂੰ ਆਪਣੇ ਕੋਲੋਂ ਕਿਸਾਨਾਂ ਦੀਆਂ ਮੋਟਰਾਂ ਦਾ ਬਿੱਲ ਅਦਾ ਕਰਦੀ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸਰਾਹਨਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਸਕੀਮ ਤਹਿਤ ਵੱਖ-ਵੱਖ ਧਰਮਾਂ ਦੇ ਪੈਰੋਕਾਰਾਂ ਨੂੰ ਸ੍ਰੀ ਹਜ਼ੂਰ ਸਾਹਿਬ, ਵਾਰਾਨਸੀ, ਕੱਟੜਾ (ਮਾਤਾ ਵੈਸ਼ਨੋ ਦੇਵੀ) ਅਤੇ ਅਜ਼ਮੇਰ ਸ਼ਰੀਫ ਵਰਗੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਦੀਦਾਰ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਰਾਜ ਹੈ ਜਿਥੇ ਉਸਦੇ ਵਸਨੀਕਾਂ ਨੂੰ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕਰਾਏ ਜਾਂਦੇ ਹਨ। ਕਾਂਗਰਸ ਪਾਰਟੀ ਬਾਰੇ ਬੋਲਦਿਆਂ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਪੰਜਾਬ ਨਾਲ ਬੇਇਨਸਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਚੰਡੀਗੜ੍ਹ, ਪੰਜਾਬ ਦੇ ਪਾਣੀ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਖੋਹਣਾ ਅਜਿਹੇ ਅਨੇਕਾਂ ਮਸਲੇ ਹਨ ਜਿਨ੍ਹਾਂ ‘ਤੇ ਕਾਂਗਰਸ ਨੇ ਹਮੇਸ਼ਾਂ ਹੀ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਕਾਰਵਾਈ ਅਤੇ 1984 ਦੀ ਸਿੱਖ ਨਸਲਕੁਸ਼ੀ ਅਜਿਹੇ ਡੂੰਗੇ ਜ਼ਖਮ ਹਨ ਜੋ ਸਿੱਖ ਕਦੀ ਨਹੀਂ ਭੁੱਲ ਸਕਦੇ। ਸ. ਬਾਦਲ ਨੇ ਕਿਹਾ ਕਿ ਆਰਥਿਕ ਮੁਹਾਜ ‘ਤੇ ਵੀ ਕਾਂਗਰਸ ਨੇ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਹੈ। ਇਸ ਮੌਕੇ ਸਾਬਕਾ ਮੰਤਰੀ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ, ਯੂਥ ਅਕਾਲੀ ਆਗੂ ਜਗਰੂਪ ਸਿੰਘ ਸੇਖਵਾਂ, ਵਿਸ਼ੇਸ਼ ਪ੍ਰਮੁੱਖ ਸਕਤੱਰ ਡਾ. ਐੱਸ. ਕਰੁਣਾ ਰਾਜੂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply