Monday, July 8, 2024

ਕਿਸਾਨਾਂ ਨੂੰ ਰਾਜਮਾਂਹ ਦੀ ਖੇਤੀ ਹੇਠ ਰਕਬਾ ਵਧਾਉਣ ਸਬੰਧੀ ਸੁਚੇਤ ਰਹਿਣ ਦੀ ਲੋੜ

PPN0601201606ਅੰਮ੍ਰਿਤਸਰ, 6 ਜਨਵਰੀ (ਗੁਰਚਰਨ ਸਿੰਘ)- ਕਿਸਾਨਾਂ ਨੂੰ ਰਾਜਮਾਂਹ ਦੀ ਖੇਤੀ ਹੇਠ ਰਕਬਾ ਵਧਾਉਣ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ ਅਤੇ ਇਸ ਦੀ ਖੇਤੀ ਸਿਰਫ ਤਜਰਬੇ ਦੇ ਤੌਰ ‘ਤੇ ਅਤੇ ਮਾਹਿਰਾਂ ਦੀ ਦੇਖ-ਰੇਖ ਹੇਠ ਹੀ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਕਰਦਿਆਂ ਕਿਹਾ ਕਿ ਇਹ ਵੇਖਣ ਵਿਚ ਆਇਆ ਹੈ ਕਿ ਜ਼ਿਲ੍ਹੇ ਵਿਚ ਕਿਸਾਨਾਂ ਵੱਲੋਂ ਇਸ ਸਾਲ ਰਾਜਮਾਂਹ ਦੀ ਖੇਤੀ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਮੰਗੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜਮਾਂਹ ਦੀ ਖੇਤੀ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕੋਈ ਸਿਫ਼ਾਰਸ਼ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਣਵੇਂ ਕਿਸਾਨਾਂ ਵੱਲੋਂ ਰਾਜਮਾਂਹ ਦੀ ਖੇਤੀ ਕੀਤੀ ਗਈ ਹੈ ਜਿਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੇ ਧਿਆਨ ਵਿਚ ਲਿਆਂਦਾ ਜਾ ਚੁੱਕਾ ਹੈ।
ਡਾ. ਛੀਨਾ ਨੇ ਕਿਹਾ ਕਿ ਰਾਜਮਾਂਹ ਦੀ ਸਫਲਤਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਵੱਲੋਂ ਆਪਣੀ ਪੱਧਰ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਕਿਸਾਨ ਬੜੇ ਉਤੇਜਿਤ ਹੋ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੀ ਮਰਜ਼ੀ ਨਾਲ ਰਾਜਮਾਂਹ ਦੀ ਖੇਤੀ ਕਰਨੀ ਚਾਹੁੰਦੇ ਹਨ ਤਾਂ ਉਹ ਸਿਰਫ ਤਜਰਬੇ ਦੇ ਤੌਰ ‘ਤੇ ਮਾਹਿਰਾਂ ਦੀ ਦੇਖ-ਰੇਖ ਹੇਠ ਹੀ ਕਰਨ। ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਦੇ ਮਿਜਾਜ਼ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫ਼ਾਰਸ਼ਾਂ ਨੂੰ ਮੁੱਖ ਰੱਖਦਿਆਂ ਰਾਜਮਾਂਹ ਦੀ ਖੇਤੀ ਹੇਠ ਰਕਬਾ ਵਧਾਉਣਾ ਇਸ ਸਮੇਂ ਉਚਿਤ ਨਹੀਂ ਹੈ ਅਤੇ ਇਸ ਦੀ ਖੇਤੀ ਸਿਰਫ ਪ੍ਰਦਰਸ਼ਨੀਆਂ ਦੇ ਰੂਪ ਵਿਚ ਹੀ ਉਚਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਪੱਧਰ ‘ਤੇ ਇਸ ਫ਼ਸਲ ਹੇਠ ਰਕਬਾ ਲਿਆਉਣ ਨਾਲ ਕਿਸਾਨਾਂ ਦਾ ਮਾਲੀ ਨੁਕਸਾਨ ਹੋ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਪਣੀ ਪੱਧਰ ‘ਤੇ ਰਾਜਮਾਂਹ ਦੀ ਖੇਤੀ ਤੋਂ ਗੁਰੇਜ ਕੀਤਾ ਜਾਵੇ ਅਤੇ ਜੇਕਰ ਫਿਰ ਵੀ ਇਸ ਫ਼ਸਲ ਹੇਠ ਉੁਹ ਆਪਣੀ ਮਰਜ਼ੀ ਨਾਲ ਕੁਝ ਹਿੱਸਾ ਜ਼ਮੀਨ ਦਾ ਤਜਰਬੇ ਦੇ ਤੌਰ ‘ਤੇ ਲਿਆਉਣਾ ਚਾਹੁੰਦੇ ਹਨ ਤਾਂ ਮਾਹਿਰਾਂ ਦੇ ਜ਼ਰੂਰ ਧਿਆਨ ਵਿਚ ਲਿਆਉਣ ਤਾਂ ਜੋ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਰਾਜਮਾਂਹ ਫ਼ਸਲ ਦੇ ਕਿਸੇ ਵੀ ਸਰਟੀਫਾਈਡ ਕਿਸਮ ਦੇ ਬੀਜ ਦੀ ਸਿਫ਼ਾਰਸ਼ ਪੰਜਾਬ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜੋ ਵੀ ਬੀਜ ਦਾ ਪ੍ਰਬੰਧ ਕਰ ਰਹੇ ਹਨ ਉਸ ਬਾਰੇ ਬੀਜ ਦਾ ਬਿੱਲ ਜ਼ਰੂਰ ਲੈਣ। ਉਨ੍ਹਾਂ ਜ਼ਿਲ੍ਹੇ ਦੇ ਬੀਜ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ ਅਤੇ ਜਿਹੜੇ ਬੀਜ ਦੀ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਨਹੀਂ ਹੈ, ਉਸ ਦੀ ਵਿਕਰੀ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੁਤਾਹੀ ਦੀ ਹਾਲਤ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਆਪਣੇ-ਆਪਣੇ ਹਲਕੇ ਦੇ ਡੀਲਰਾਂ ਦੀ ਚੈਕਿੰਗ ਕਰਨ ਦੀ ਵੀ ਹਦਾਇਤ ਕੀਤੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply