
ਅੰਮ੍ਰਿਤਸਰ, 7 ਜਨਵਰੀ (ਗੁਰਚਰਨ ਸਿੰਘ)- ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਲੋਕਾਂ ਨੂੰ ਪੋਲੀਓ ਮੁਕਤ ਕਰਨ ਦੇ ਮਕਸਦ ਨਾਲ 17, 18 ਅਤੇ 19 ਜਨਵਰੀ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ 5 ਸਾਲ ਤੱਕ ਦੀ ਉਮਰ ਦੇ ਕਰੀਬ 3 ਲੱਖ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਆਦੇਸ਼ ਮੁਤਾਬਿਕ ਬੱਚਤ ਭਵਨ ਵਿਖੇ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਦਿੱਤੀ। ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ, ਸ਼ਹਿਰੀ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਬੇਸ਼ੱਕ ਭਾਰਤ ਪੋਲੀਓ ਮੁਕਤ ਦੇਸ਼ਾਂ ਦੀ ਸੂਚੀ ਵਿਚ ਆ ਚੁੱਕਾ ਹੈ, ਪਰੰਤੂ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਅ ਲਈ ਇਕੱਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੀ ਜ਼ਰੂਰਤ ਨਹੀਂ ਹੈ, ਬਲਕਿ ਇਸ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਵੀ ਓਨੀ ਹੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਸੀਕਰੀ ਨੇ ਦੱਸਿਆ ਕਿ ਇਸ ਰਾਊਂਡ ਲਈ ਸਿਹਤ ਵਿਭਾਗ ਵੱਲੋਂ ਮੁਕੰਮਲ ਤੌਰ ‘ਤੇ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸ਼ਹਿਰੀ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ ਦੌਰਾਨ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੋਲੀਓ ਰੋਧਕ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਬੁੱਟਰ ਨੇ ਇਸ ਮੌਕੇ ਕਿਹਾ ਕਿ ਇਹ ਇਕ ਲੋਕ ਹਿੱਤ ਮੁਹਿੰਮ ਹੈ, ਇਸ ਲਈ ਇਸ ਸਮਾਜ ਭਲਾਈ ਦੇ ਕੰਮ ਵਿਚ ਸਾਰੇ ਵਿਭਾਗਾਂ ਨੂੰ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਸਰਵੇਲੈਂਸ ਅਫ਼ਸਰ ਡਾ. ਰਵਿੰਦਰ ਸਿੰਘ ਨੇ ਇਸ ਮੁਹਿੰਮ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਗੁਰਿੰਦਰਜੀਤ ਕੌਰ, ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ, ਡਾ. ਭਾਰਤੀ, ਅਨੂ ਚਾਵਲਾ, ਆਰੂਸ਼ ਭੱਲਾ, ਕਮਲਦੀਪ ਅਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media