Tuesday, September 29, 2026

ਵਧੀਕ ਡਿਪਟੀ ਕਮਿਸ਼ਨਰ ਵੱਲੋ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

PPN0701201606

ਅੰਮ੍ਰਿਤਸਰ, 7 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜ਼ਬੇ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਸਥਾਨਕ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲਾਂ 20, 21 ਅਤੇ 22 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ ਜਦਕਿ ਫੁੱਲ ਡਰੈੱਸ ਰਿਹਰਸਲ 23 ਜਨਵਰੀ ਨੂੰ ਹੋਵੇਗੀ। ਉਨ੍ਹਾਂ ਇਸ ਮੌਕੇ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਦਿਆਂ ਅਧਿਕਾਰੀਆਂ ਨੂੰ ਡਿਊਟੀਆਂ ਦੀ ਵੰਡ ਕੀਤੀ।
ਸ. ਸੰਧੂ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਹੋਰ ਮੌਕੇ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਲਈ ਸਕੂਲਾਂ ਦੀਆਂ ਟੀਮਾਂ ਦੀ ਚੋਣ 18 ਜਨਵਰੀ ਨੂੰ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਸਕੂਲਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਦੇਸ਼ ਭਗਤੀ ਦਾ ਸੰਦੇਸ਼ ਵੱਧ ਤੋਂ ਵੱਧ ਫੈਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਕ ਸਕੂਲ ਦੀਆਂ ਦੋ ਤੋਂ ਵੱਧ ਆਈਟਮਾਂ ਨਾ ਹੋਣ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਐਨ. ਸੀ. ਸੀ, ਹੋਮ ਗਾਰਡ, ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਬੱਚਿਆਂ ਵਲੋਂ ਪੀ. ਟੀ ਸ਼ੋਅ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਸਮਾਗਮ ਮੌਕੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫਾਈ ਨੂੰ ਪੂਰੀ ਤਰਾਂ ਯਕੀਨੀ ਬਣਾਉਣ ਅਤੇ ਸਟੇਡੀਅਮ ਦੀ ਸਜਾਵਟ ਕਰਨ ਲਈ ਕਿਹਾ। ਸ. ਸੰਧੂ ਨੇ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਤਨਦੇਹੀ ਨਾਲ ਨਿਭਾਉਣ।ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ. ਪਰਮਜੀਤ ਸਿੰਘ, ਆਈ. ਪੀ. ਐਸ ਅਧਿਕਾਰੀ ਸ੍ਰੀ ਸੁਰਿੰਦਰ ਲਾਂਬਾ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply