Saturday, March 21, 2026

ਡਾ. ਅੰਬੇਡਕਰ ਨੇ ਭਾਰਤ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਦਾਨ ਕੀਤੀ – ਵਿਜੇ ਸਾਂਪਲਾ

125ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ

PPN0801201611

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਡਾ. ਭੀਮ ਰਾਓ ਅੰਬੇਡਕਰ ਨੇ ਸਾਡੇ ਦੇਸ਼ ਨੂੰ ਇਕ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਦਾਨ ਕਰਦਿਆਂ ਲਿਖਤੀ ਸੰਵਿਧਾਨ ਦਿੱਤਾ ਅਤੇ ਉਨ੍ਹਾਂ ਦੀ ਬਦੌਲਤ ਹੀ ਅੱਜ ਭਾਰਤ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਪ੍ਰਾਪਤ ਹੈ। ਇਹ ਪ੍ਰਗਟਾਵਾ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਨੇ ਅੱਜ ਸਥਾਨਕ ਆਰਟ ਗੈਲਰੀ ਵਿਖੇ ਨਹਿਰੂ ਯੁਵਾ ਕੇਂਦਰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਰਾਸ਼ਟਰੀ ਏਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ।
ਸ੍ਰੀ ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਮੁਲਕ ਭਰ ਵਿਚ ਸਾਰਾ ਸਾਲ ਉਨ੍ਹਾਂ ਦੀ ਵਿਚਾਰਧਾਰਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿਚ ਭਾਸ਼ਣ, ਲੇਖ ਅਤੇ ਖੇਡ ਮੁਕਾਬਲੇ ਆਦਿ ਸ਼ਾਮਿਲ ਹਨ। ਸ੍ਰੀ ਸਾਂਪਲਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਇਕ ਮਹਾਨ ਵਿਦਵਾਨ, ਤਪੱਸਵੀ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਦੇਸ਼ ਵਿਚ ਸਮਾਜਿਕ ਨਿਆਂ ਅਤੇ ਬਰਾਬਰਤਾ ਦੀ ਪ੍ਰੋੜਤਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਅੱਜ ਆਮ ਇਨਸਾਨ ਨੂੰ ਵੋਟ ਪਾਉਣ ਅਤੇ ਚੁਣ ਜਾਣ ਦਾ ਅਧਿਕਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸੰਵਿਧਾਨ ਰਚਨਾ ਦੇ ਨਾਲ-ਨਾਲ ਦੱਬੇ-ਕੁਚਲੇ ਲੋਕਾਂ ਨੂੰ ਸੁਚੇਤ ਅਤੇ ਸਿੱਖਿਅਤ ਕਰਕੇ ਮਨੁੱਖੀ ਅਧਿਕਾਰਾਂ ਤੋਂ ਵੀ ਜਾਗਰੂਕ ਕਰਵਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਿਧਾਂਤ ਅੱਜ ਵੀ ਸਾਡੇ ਲਈ ਪ੍ਰੇਰਨਾ ਸਰੋਤ  ਹੈ ਜਿਸ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੁਆਰਾ ਦਿਖਾਏ ਗਏ ਮਾਰਗ ‘ਤੇ ਚਲਦਿਆਂ ਦੇਸ਼ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਵਾਨੀ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ।
ਇਸ ਤੋਂ ਪਹਿਲਾਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਸ੍ਰੀ ਸੈਮਸਨ ਮਸੀਹ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਵਧੀਕ ਕਮਿਸ਼ਨਰ ਸ. ਪਰਮਜੀਤ ਸਿੰਘ, ਭਾਜਪਾ ਆਗੂ ਸ. ਰਜਿੰਦਰ ਮੋਹਨ ਸਿੰਘ ਛੀਨਾ, ਸ੍ਰੀ ਕੇਵਲ ਗਿੱਲ, ਸ੍ਰੀ ਨਰੇਸ਼ ਸ਼ਰਮਾ ਅਤੇ ਡਾ ਬਲਦੇਵ ਚਾਵਲਾ ਨੇ ਵੀ ਸੰਬੋੋਧਨ ਕੀਤਾ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਖ-ਵੱਖ ਯੂਥ ਕਲੱਬਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply