Sunday, October 6, 2024

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਨੂੰ ਇਕ ਛਲਾਵਾ ਦੱਸਿਆ-ਬਾਦਲ

ਸ੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੀ ਮਾਂ ਪਾਰਟੀ

PPN0901201619

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਦਿੱਲੀ ਵਿਚ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਵੋਟਰਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਉਹ ਹਰ ਫਰੰਟ ‘ਤੇ ਬੁਰੀ ਤਰ੍ਹਾਂ ਨਾਲ ਫੇਲ ਹੋਈ ਹੈ। ਅੱਜ ਰਾਜਾ ਸਾਂਸੀ ਵਿਧਾਨ ਸਭਾ ਹਲਕੇ ਦੇ ਵਿੱਚ ਸੰਗਤ ਦਰਸ਼ਨ ਦੌਰਾਨ ਪਿੰਡ ਜੋਂਸ਼ ਮੁਹਾਲ, ਓਠੀਆਂ, ਕੋਟ ਸਿੱਧੂ ਅਤੇ ਛੀਨਾ ਕਰਮ ਸਿੰਘ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਛਲਾਵਾ ਹੈ ਜੋ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਦਿੱਲੀ ਵਿਚ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਿੱਲੀ ਦੇ ਲੋਕਾਂ ਦੇ ਮੋਹਰੇ ਪੂਰੀ ਤਰ੍ਹਾਂ ਨਾਲ ਫੇਲ ਹੋਈ ਹੈ ਅਤੇ ਹੁਣ ਉਹ ਪੰਜਾਬ ਵਿਚ ਸੱਤਾ ਹਾਸਲ ਕਰਨ ਲਈ ਤਰਲੋ ਮੱਛੀ ਹੋ ਰਹੀ ਹੈ ਪਰ ਪੰਜਾਬ ਦੇ ਸਿਆਣੇ ਲੋਕ ਕਦੇ ਵੀ ਇਸ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਕੇਵਲ ਸ੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਜਦਕਿ ਵਿਰੋਧੀ ਧਿਰ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਦੇ ਖਿਲਾਫ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਅੱਜ ਇਕ ਮੌਕਾਪ੍ਰਸਤ ਆਗੂਆਂ ਦਾ ਟੋਲਾ ਬਣਕੇ ਰਹਿ ਗਿਆ ਹੈ ਜਿਨ੍ਹਾਂ ਨੇ ਸੱਤਾ ਹਾਸਲ ਕਰਨ ਲਈ ਇਕ ਪਾਰਟੀ ਛੱਡ ਕੇ ਦੂਜੀ ਧਿਰ ਦਾ ਸੱਤਾ ਲਈ ਹੱਥ ਫੜਿਆ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਜੋ ਵਾਰ-ਵਾਰ ਲੋਕਾਂ ਵੱਲੋਂ ਨਕਾਰੇ ਜਾ ਚੁੱਕੇ ਹਨ ਸਿਰਫ ਆਪਣੇ ਹਿੱਤਾਂ ਦੇ ਬਾਰੇ ਸੋਚਦੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਜਾਂ ਇਸਦੇ ਲੋਕਾਂ ਦੇ ਹਿੱਤਾਂ ਬਾਰੇ ਕੋਈ ਖਿਆਲ ਨਹੀਂ ਹੈ। ਸ੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਹਿੱਤਾਂ ਲਈ ਵਿੱਢੇ ਗਏ ਸੰਘਰਸ਼ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਦਾ ਖਿਆਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਕ-ਇਕ ਵਰਕਰ ਸੂਬੇ ਦੇ ਹਿੱਤਾਂ ਲਈ ਜੂਝਦਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਮੁਸੀਬਤਾਂ ਵੀ ਝੱਲਣੀਆਂ ਪਈਆਂ ਹਨ। ਸ. ਬਾਦਲ ਨੇ ਕਿਹਾ ਕਿ ਇਸਤੋਂ ਉਲਟ ਹੋਰ ਸਿਆਸੀ ਧਿਰਾਂ ਨੇ ਹਮੇਸ਼ਾ ਸੂਬੇ ਦੀ ਵਰਤੋਂ ਆਪਣੇ ਹਿੱਤਾਂ ਦੀ ਪੂਰਤੀ ਲਈ ਕੀਤੀ ਹੈ।
ਲੋਕਾਂ ਨੂੰ ਆਪਣੇ ਸਹੀ ਨੁਮਾਇੰਦੇ ਚੁਣਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਹੀ ਫੈਸਲਾ ਸੂਬੇ ਦਾ ਭਵਿੱਖ ਬਣਾ ਜਾਂ ਵਿਗਾੜ ਸਕਦਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਹਰ ਸਿਆਸੀ ਧਿਰ ਦੇ ਬਾਰੇ ਪੂਰੀ ਜਾਣਕਾਰੀ ਲੈਣੀ ਚਾਹੀਦੀ ਹੈ ਅਤੇ ਉਸਦੋਂ ਬਾਅਦ ਹੀ ਆਪਣੀ ਵੋਟ ਪਾਉਣ ਦਾ ਫੈਸਲਾ ਲੈਣਾ ਚਾਹੀਦਾ ਹੈ। ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਅਹਿਮੀਅਤ ਬਾਰੇ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਕ ਅਹਿਮ ਪ੍ਰੋਗਰਾਮ ਹੈ ਜਿਸਦਾ ਇਕੋ-ਇਕ ਮੰਤਵ ਲੋਕ ਭਲਾਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਕੋਈ ਵੀ ਸਿਆਸੀ ਏਜੰਡਾ ਨਹੀਂ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਇਹ ਪ੍ਰੋਗਰਾਮ ਇਕ ਵਰਦਾਨ ਸਾਬਤ ਹੋਇਆ ਹੈ।
ਸੂਬਾ ਸਰਕਾਰ ਵੱਲੋਂ ਲਏ ਗਏ ਅਹਿਮ ਫੈਸਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਾਂਦਿਆਂ ੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਸਮਾਜ ਭਲਾਈ ਸਕੀਮਾਂ ਤਹਿਤ ਮਿਲਣ ਵਾਲੀਆਂ ਪੈਨਸ਼ਨਾਂ ਨੂੰ ਦੁਗਣਾ ਕਰਨ ਦਾ ਫੈਸਲਾ ਲਿਆ ਹੈ ਅਤੇ ਇਸਦੇ ਨਾਲ ਹੀ ਨੰਬਰਦਾਰਾਂ ਨੂੰ ਮਿਲਣ ਵਾਲੇ ਮਾਣਭੱਤੇ ਵਿਚ ਵੀ ਵਾਧਾ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਦਿੱਤੇ ਜਾਣ ਵਾਲੇ ਮੁਫਤ ਇਲਾਜ ਦੀ ਸੁਵਿਧਾ ਨੂੰ ਵੀ 30 ਹਜ਼ਾਰ ਰੁਪਏ ਤੋਂ ਵਧਾ ਕੇ 50 ਹਜ਼ਾਰ ਸਲਾਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁੱਖੀ ਦੀ ਮੌਤ ਹੋ ਜਾਣ ਦੀ ਸੂਰਤ ਵਿਚ ਉਸ ਪਰਿਵਾਰ ਨੂੰ ਇਸ ਸਕੀਮ ਤਹਿਤ 5 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਸੂਬੇ ਦੇ ਹਰ ਕਿਸਾਨ ਨੂੰ 50 ਹਜ਼ਾਰ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ ਅਤੇ ਕਿਸੇ ਹਾਦਸੇ ਕਾਰਨ ਉਨ੍ਹਾਂ ਦੀ ਮੌਤ ਦੀ ਸੂਰਤ ਵਿਚ ਉਨ੍ਹਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਰਧਾਲੂਆਂ ਨੂੰ ਸ੍ਰੀ ਹਜ਼ੂਰ ਸਾਹਿਬ, ਵਾਰਾਨਸੀ, ਮਾਤਾ ਵੈਸ਼ਣੋ ਦੇਵੀ ਅਤੇ ਅਜਮੇਰ ਸ਼ਰੀਫ ਦੇ ਮੁਫਤ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸ਼ਰਧਾਲੂਆਂ ਨੂੰ ਇਨ੍ਹਾਂ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾ ਰਹੀ ਹੈ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਯੂਥ ਅਕਾਲੀ ਆਗੂ ਸ. ਰਣਬੀਰ ਸਿੰਘ ਲੋਪੋਕੇ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੀ.ਐੱਸ. ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਅਤੇ ਐੱਸ.ਐੱਸ.ਪੀ. ਜਸਦੀਪ ਸਿੰਘ ਹਾਜਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply