ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਲੋਨੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੂਰੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ 10 ਵਜੇ ਭੋਗ ਪਾਉਣ ਉਪਰੰਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋ ਕੇ ਪ੍ਰਚਾਰਕ ਅਤੇ ਰਾਗੀ ਜੱਥਿਆਂ ਵਲੋਂ ਸ਼ਬਦ ਗਾਇਨ ਅਤੇ ਕਥਾ- ਕੀਰਤਨ ਦਾ ਆਨੰਦ ਮਾਣਿਆ। ਜਿਨ੍ਹਾਂ ਵਿਚ ਬੀਬੀ ਪਰਮਜੀਤ ਕੌਰ ਖਾਲਸਾ, ਭਾਈ ਹਰਜੀਤ ਸਿੰਘ, ਬੀਬੀ ਭਾਈ ਇੰਦਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ। ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਅਤੇ ਕਥਾਵਾਚਕ ਭਾਈ ਬਲਵੀਰ ਸਿੰਘ ਜੀ ਨਥੇਹੇ ਵਾਲਿਆਂ ਦੇ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਜ ਦੇ ਕੁਰਬਾਨੀਆਂ ਭਰੇ ਜੀਵਨ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਹੀਦ ਪਿਤਾ ਦੇ ਪੁੱਤਰ, ਸ਼ਹੀਦ ਪੁੱਤਰਾਂ ਦੇ ਪਿਤਾ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਿਹੀ ਅਦੁੱਤੀ ਸਖ਼ਸ਼ੀਅਤ ਦੀ ਮਿਸਾਲ ਦੁਨੀਆਂ ਭਰ ਦੇ ਇਤਿਹਾਸ ਵਿੱਚੋਂ ਕਿਧਰੇ ਵੀ ਨਹੀਂ ਮਿਲਦੀ ਹੈ। ਉਨ੍ਹਾਂ ਨੇ ਗੁਰਬਾਣੀ ਦੀਆਂ ਗੁੰਝਲਦਾਰ ਬਾਰੀਕੀਆਂ ਤੋਂ ਸੰਗਤ ਨੂੰ ਸਿੱਧੇ ਲਫ਼ਜ਼ਾਂ ‘ਵਿੱਚ ਜਾਣੂੰ ਕਰਵਾਇਆ। ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸਿੱਖੀ ਸਿਧਾਤਾਂ ਤੇ ਚੱਲਣ ਲਈ ਪ੍ਰੇਰਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਸਮਾਗਮ ਦੇ ਅਖੀਰ ਵਿੱਚ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ, ਭਾਈ ਹਰਬੰਸ ਸਿੰਘ ਸਿਵੀਆਂ, ਭਾਈ ਬਲਦੇਵ ਸਿੰਘ ਜੌੜਾ, ਭਾਈ ਕੁਲਦੀਪ ਸਿੰਘ ਪੰਨੂੰ ਖਜਾਨਚੀ ਆਦਿ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਪ੍ਰਚਾਰਕਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਇਸ ਸਮਾਗਮ ਵਿੱਚ ਤਨ ਮਨ ਧਨ ਨਾਲ ਭਰਵਾਂ ਸਹਿਯੋਗ ਕਰਨ ਤੇ ਧੰਨਵਾਦ ਕੀਤਾ। ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media