ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ ਵਿਚ ਦਖਲ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
ਅੰਮ੍ਰਿਤਸਰ 10 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਵਿਚ ਚਾਈਨਿਜ਼ ਡੋਰ ‘ਤੇ ਪਾਬੰਧੀ ਲਗਾਉਣ ਸੰਬੰਧੀ ਵਿਚਾਰ ਕਰੇਗੀ। ਅੱਜ ਇੱਥੇ ਚੀਫ ਖਾਲਸਾ ਦੀਵਾਨ ਵੱਲੋਂ ਕਰਵਾਏ ਗਏ ਇਕ ਸੱਭਿਆਚਾਰਕ ਸਮਾਗਮ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਡੋਰ ਕਾਰਨ ਦਿਨ-ਬ-ਦਿਨ ਹੋ ਰਹੇ ਹਾਦਸਿਆਂ ਦੇ ਕਾਰਨ ਸੂਬਾ ਸਰਕਾਰ ਇਸਦੀ ਪੰਜਾਬ ਵਿਚ ਪਾਬੰਦੀ ਲਗਾਉਣ ‘ਤੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਸਲਾ ਹੈ ਅਤੇ ਇਸ ਸੰਬੰਧੀ ਛੇਤੀ ਹੀ ਕੋਈ ਫੈਸਲਾ ਲਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ਵਿਚ ਕਿਸੇ ਤਰ੍ਹਾਂ ਦਾ ਕੋਈ ਦਖਲ ਨਹੀਂ ਦਿੰਦੀ ਹੈ ਕਿਉਂਕਿ ਐੱਸ.ਜੀ.ਪੀ.ਸੀ. ਇਕ ਵੱਖਰਾ ਅਦਾਰਾ ਹੈ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਵਿਚ ਉਨ੍ਹਾਂ ਦੇ ਦਖਲ ਸੰਬੰਧੀ ਦੋਸ਼ ਬੇਬੁਨਿਆਦ ਅਤੇ ਗੁੰਮਰਾਹਕੁੰਨ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕੀਤਾ ਜਾਂਦਾ ਸੰਗਤ ਦਰਸ਼ਨ ਇਕ ਲੋਕ ਪੱਖੀ ਫੈਸਲਾ ਹੈ ਜਿਸ ਨਾਲ ਲੋਕਾਂ ਦੀਆਂ ਲੰਮੇਂ ਸਮੇਂ ਤੋਂ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ‘ਤੇ ਹੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਇਕੋ-ਇਕ ਮਕਸਦ ਲੋਕ ਭਲਾਈ ਕਰਨਾ ਅਤੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਕੌਮੀ ਚੀਫ ਖਾਲਸਾ ਦੀਵਾਨ ਵੱਲੋਂ ਸਿੱਖਿਆ, ਧਰਮ, ਸਮਾਜਿਕ ਅਤੇ ਸੱਭਿਆਚਾਰਕ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾ ਲੋਕਾਂ ਦੀ ਸਹੀ ਮਾਇਨੇ ਵਿਚ ਸੇਵਾ ਕਰ ਰਹੀ ਹੈ। ਉਨ੍ਹਾਂ ਚੀਫ ਖਾਲਸਾ ਦੀਵਾਨ ਦੀ ਮੈਨਜਮੈਂਟ ਨੂੰ ਜੋਰ ਦੇ ਕੇ ਆਖਿਆ ਕਿ ਉਹ ਗਰੀਬ ਵਿਦਿਆਰਥੀਆਂ ਨੂੰ ਮੁਫਤ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਯਤਨ ਆਰੰਭੇ। ਉਨ੍ਹਾਂ ਚੀਫ ਖਾਲਸਾ ਦੀਵਾਨ ਨੂੰ ਕਿੱਤਾ ਮੁਖੀ ਸਿੱਖਿਆ ਮੁਹੱਈਆ ਕਰਵਾਉਣ ਲਈ ਵੀ ਯਤਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਚੀਫ ਖਾਲਸਾ ਦੀਵਾਨ ਵੱਲੋਂ ਕੀਤੇ ਜਾਂਦੇ ਕੰਮ-ਕਾਜ ਦੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਸ੍ਰੀ ਗੁਰ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਉਸਾਰੇ ਗਏ ਕਲਘੀਧਰ ਓਡੀਟੋਰੀਅਮ ਅਤੇ ਸੈਮੀਨਾਰ ਹਾਲ ਅਤੇ ਕਾਨਫਰੰਸ ਹਾਲ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਮਾਜ ਦੇ ਕਮਜੋਰ ਤਬਕੇ ਨੂੰ ਮਿਆਰੀ ਸਿੱਖਿਆ ਦੇਣ ਦੀ ਵਕਾਲਤ ਕਰਦਿਆਂ ਚੀਫ ਖਾਲਸਾ ਦੀਵਾਨ ਨੂੰ ਅਪੀਲ ਕੀਤੀ ਕਿ ਉਹ ਇਸ ਕਮਜੋਰ ਤਬਕੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵਿਚ ਸਰਕਾਰ ਦੀ ਮਦਦ ਕਰੇ। ਨਾਲ ਹੀ ਉਨ੍ਹਾਂ ਨੇ ਸਰਹੱਦੀ ਖੇਤਰਾਂ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਉੱਚ ਦਰਜੇ ਦੀ ਸਿੱਖਿਆ ਦੇਣ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿਚ ਇਤਿਹਾਸਕ ਕੰਮ ਕਰ ਰਹੀ ਹੈ ਅਤੇ ਚੀਫ ਖਾਲਸਾ ਦੀਵਾਨ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਕੰਮ ਨੂੰ ਹੋਰ ਵਧੀਆ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਵਿਚ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਮੋਹਾਲੀ, ਬਠਿੰਡਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਹਨ । ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਅਨਮੋਲ ਵਿਰਾਸਤ ਨੂੰ ਸੰਭਾਲਣ ਲਈ ਵਿਰਾਸਤ-ਏ-ਖਾਲਸਾ, ਵੱਡੇ ਅਤੇ ਛੋਟੇ ਘੱਲੂਘਾਰੇ ਦੀਆਂ ਯਾਦਗਾਰਾਂ, ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਅਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਲੁਧਿਆਣਾ ਵਿਖੇ ਉਸਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਗਵਾਨ ਵਾਲਮੀਕਿ, ਸ੍ਰੀ ਗੁਰੂ ਰਵੀ ਦਾਸ ਜੀ, ਸਵਾਮੀ ਵਿਵੇਕਾ ਨੰਦ ਜੀ, ਬਾਬਾ ਜੀਵਨ ਸਿੰਘ ਜੀ, ਬਾਬਾ ਮੋਤੀ ਰਾਮ ਮਹਿਰਾ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀਆਂ ਯਾਦਗਾਰਾਂ ਉਸਾਰਨ ਤੋਂ ਇਲਾਵਾ ਸੂਬਾ ਸਰਕਾਰ ਅੰਮ੍ਰਿਤਸਰ ਵਿਖੇ ਜੰਗੀ ਯੋਧਿਆਂ ਦੀ ਯਾਦਗਾਰ ਅਤੇ ਕਰਤਾਰਪੁਰ ਵਿਖੇ ਜੰਗ-ਏ-ਆਜਾਦੀ ਯਾਦਗਾਰ ਵੀ ਸਥਾਪਿਤ ਕਰ ਰਹੀ ਹੈ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੀ.ਐੱਸ. ਚੀਮਾ, ਪੁਲਸ ਕਮਿਸ਼ਨਰ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਹਾਜਰ ਸਨ।
Punjab Post Daily Online Newspaper & Print Media