Friday, July 5, 2024

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

PPN1501201626

ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ)- ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮੁ-ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਸ਼ਾਮਲ ਸਨ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਸ਼ਾਮਲ ਸਨ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਕਣਕ ਮੰਡੀ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ, ਚੌਂਕ ਪ੍ਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।ਨਗਰ ਕੀਰਤਨ ਵਿੱਚ ਕੇਵਲ ਇਕੋ ਸ਼ੋ੍ਰਮਣੀ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸ਼ਾਮਲ ਹੋਏ। ਉਨਾਂ ਤੋਂ ਇਲਾਵਾ , ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸੁਲੱਖਣ ਸਿੰਘ ਤੇ ਸ. ਸਤਬੀਰ ਸਿੰਘ ਓ ਐੱਸ ਡੀ ਧਰਮ ਪ੍ਰਚਾਰ ਕਮੇਟੀ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀਸ. ਅਜੈਬ ਸਿੰਘ, ਸ. ਅਨੂਪ ਸਿੰਘ, ਕੇਂਦਰੀ ਸਿੰਘ ਸਭਾ ਦੇ ਅਹੁਦੇਦਾਰ ਅਤੇ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਮੁਖੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸ. ਦਿਲਜੀਤ ਸਿੰਘ ਬੇਦੀ ਬੁਲਾਰਾ ਤੇ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 16 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 8.30 ਵਜੇ ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਰਾਤ 7.00 ਤੋਂ 9.00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9.00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਹੈ ਕਿ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply