ਪਠਾਨਕੋਟ, 19 ਜਨਵਰੀ (ਪ.ਪ)- ਕੰਡੀ ਖੇਤਰ ਵਿੱਚ ਡਰਿੱਪ ਮਾਈਕਰੋ ਇਰੀਗੇਸ਼ਨ/ ਡਰਿੱਪ ਸਪਰਿੰਕਲਰ ਰਾਹੀਂ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਮੁਹਈਆ ਕਰਨ ਅਤੇ ਭੂਮੀ ਸੁਧਾਰ ਲਈ, ਭੂਮੀ ਰੱਖਿਆ ਵਿਭਾਗ ਪਠਾਨਕੋਟ ਵੱਲੋਂ 1 ਕਰੋੜ ਰੁਪਏ ਦੀ ਯੋਜਨਾ ਬਣਾ ਕੇ ਸਰਕਾਰ ਨੂੰ ਭੇਜੀ ਗਈ ਹੈ। ਇਸ ਇਲਾਕੇ ਦੇ ਜਿੰਨ੍ਹਾਂ ਕਿਸਾਨਾਂ ਨੇ ਇਸ ਯੋਜਨਾ ਦਾ ਲਾਭ ਲੈਣਾ ਹੈ, ਉਹ ਆਪਣਾ ਬਿਨੈਪੱਤਰ ਭੂਮੀ ਰੱਖਿਆ ਵਿਭਾਗ ਦੇ ਦਫ਼ਤਰ ਦੇ ਸਕਦੇ ਹਨ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਡਾ. ਦਰਸ਼ਨ ਪਾਲ ਡਿਪਟੀ ਡਾਇਰੈਕਟਰ ਬਾਗਬਾਨੀ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਰਗੈਨਿਕ ਖੇਤੀ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਖੇਤੀ ਅਤੇ ਬਾਗਬਾਨੀ ਦੀਆਂ ਅਧੁਨਿਕ ਤਕਨੀਕਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਗਾਹ ਵਧੂ ਕਿਸਾਨਾਂ ਦਾ ਇੱਕ ਗਰੁੱਪ ਦੂਸਰੇ ਰਾਜਾਂ ਵਿੱਚ ਜਿੰਨ੍ਹਾਂ ਵਿੱਚ ਉੱਚ ਕੋਟੀ ਦੇ ਖੋਜ ਕੇਂਦਰ ਸਥਿਤ ਹਨ, ਭੇਜਿਆ ਜਾਵੇਗਾ। ਇਸ ਵਾਸਤੇ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਵੱਧ ਤੋਂ ਵੱਧ ਸਹਿਯੋਗ ਕਰੇਗਾ। ਉਨ੍ਹਾਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ।
ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੀਲੀ ਕੁੰਗੀ ਦੀ ਬਿਮਾਰੀ ਦੀ ਰੋਕਥਾਮ ਲਈ ਵਿਭਾਗ ਵੱਲੋਂ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ ਵੱਖ ਪਿੰਡਾਂ ਅਤੇ ਬਲਾਕਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਪੀਲੀ ਕੁੰਗੀ ਦੀ ਰੋਕਥਾਮ ਲਈ ਅੱਧੇ ਮੁੱਲ ‘ਤੇ ਦਵਾਈਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੇ ਆਪਣੇ ਆਪਣੇ ਵਿਭਾਗ ਵੱਲੋਂ ਕੀਤੀ ਗਈ ਕਾਰਗੁਜਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ, ਮਾਈਨਿੰਗ ਅਤੇ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਕੀਤੀਆਂ ਅਤੇ ਇੰਨ੍ਹਾਂ ਵੱਲੋ ਕੀਤੇ ਗਏ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media