ਅੰਮ੍ਰਿਤਸਰ 20 ਜਨਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਘਰ-ਘਰ ਪਹੁੰਚਾਉਣ ਹਿਤ ਹਰ ਸਾਲ ਦੀ ਤਰ੍ਹਾਂ 6-7 ਫਰਵਰੀ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਦੋ ਸਾਲਾ ਪੱਤਰ-ਵਿਹਾਰ ਕੋਰਸ ਦੇ ਇਮਤਿਹਾਨ ਲਏ ਜਾਣਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਦੋ ਸਾਲਾ ਪੱਤਰ ਵਿਹਾਰ ਕੋਰਸ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਦਿਆਰਥੀ ਉੱਚ ਵਿਦਿਆ ਹਾਸਲ ਕਰਦੇ ਹਨ, ਓਥੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਵੱਡਮੁੱਲੀ ਜਾਣਕਾਰੀ ਹਾਸਿਲ ਕਰਕੇ ਆਪਣੇ ਜੀਵਨ ਨੂੰ ਸੰਵਾਰ ਸਕਦੇ ਹਨ।ਉਨ੍ਹਾਂ ਕਿਹਾ ਕਿ ਭਾਗ ਪਹਿਲਾ ਦੇ ਪੇਪਰ ਦੇ ਚਾਰ ਅਧਿਆਏ ਹੋਣਗੇ, ਜਿਨ੍ਹਾਂ ਦੇ ਕੁੱਲ ਚਾਰ ਪੇਪਰ ਹੋਣਗੇ।ਇਨ੍ਹਾਂ ਇਮਤਿਹਾਨਾਂ ਦੇ ਸੈਂਟਰ ਪੰਜਾਬ, ਹਰਿਆਣਾ, ਰਾਜਿਸਥਾਨ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਣਾਏ ਜਾਣਗੇ।ਸਮਾਂ ਸਵੇਰੇ 10 ਤੋਂ 12 ਵਜੇ ਦੁਪਹਿਰ ਅਤੇ ਸ਼ਾਮ 1 ਤੋਂ 3 ਵਜੇ ਤੀਕ ਦਾ ਹੋਵੇਗਾ।ਉਨ੍ਹਾਂ ਹੋਰ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਨ੍ਹਾਂ ਇਮਤਿਹਾਨਾਂ ਸਬੰਧੀ ਵਿਦਿਆਰਥੀਆਂ ਨੂੰ ਰੋਲ ਨੰਬਰ ਭੇਜੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮਿਤੀ 31-1-2016 ਤੋਂ ਬਾਅਦ ਜੇਕਰ ਕਿਸੇ ਵਿਦਿਆਰਥੀ ਨੁੰ ਰੋਲ ਨੰਬਰ ਨਹੀਂ ਮਿਲਦਾ ਤਾਂ ਸਬੰਧਿਤ ਵਿਦਿਆਰਥੀ ਦਫ਼ਤਰ ਦੇ ਫੋਨ ਨੰਬਰ 0183-2553962 ਤੇ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੀਕ ਸੰਪਰਕ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਰੋਲ ਨੰਬਰ ਅਤੇ ਸੈਂਟਰ ਬਾਰੇ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਾਟ ਨੈਟ’ ਤੋਂ ਜਾਣਕਾਰੀ ਹਾਸਿਲ ਕਰ ਸਕਦੇ ਹਨ।
ਸ. ਬੇਦੀ ਨੇ ਕਿਹਾ ਕਿ 80% ਤੋਂ ਉੱਪਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ 1100/- ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸੇ ਤਰ੍ਹਾਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100/-, 3100/- ਅਤੇ 2100/- ਰੁਪਏ ਦਾ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media