Tuesday, November 10, 2026

ਕਾਂਗਰਸ ਪਾਰਟੀ ਵਲੋਂ ਖਡੂਰ ਸਾਹਿਬ ਤੋਂ ਉਪ ਚੋਣ ਦੇ ਬਾਈਕਾਟ ਦਾ ਸਥਾਨਕ ਆਗੂਆਂ ਵਲੋਂ ਸਵਾਗਤ

PPN2901201604

ਬਠਿੰਡਾ, 29 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਰੋਸ ਵਜੋਂ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਰਮਨਦੀਪ ਸਿੰਘ ਸਿੱਕੀ ਵੱਲੋਂ ਅਸਤੀਫਾ ਦੇਣ ਕਾਰਨ 12 ਫਰਵਰੀ ਨੂੰ ਜੀਮਨੀ ਉਪ ਚੋਣ ਲਈ ਵੋਟਾਂ ਪੈਣੀਆਂ ਹਨ ਪਰ ਇਸ ਉਪ ਚੋਣ ਦਾ ਕਾਂਗਰਸ ਪਾਰਟੀ ਨੇ ਮੁਕੰਮਲ ਤੌਰ ਤੇ ਬਾਈਕਾਟ ਕਰ ਦਿੱਤਾ ਹੈ ਜਿਸ ਦਾ ਐਲਾਨ ਪੰਜਾਬ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ। ਉਸ ਫੈਸਲੇ ਤੇ ਪੂਰਨ ਕਾਂਗਰਸ ਪਾਰਟੀ ਇੱਕਜੁੱਟ ਦਿਖਾਈ ਦੇ ਰਹੀ ਹੈ। ਜਿਲ੍ਹਾ ਬਠਿੰਡਾ ਅਧੀਨ ਹਲਕਾ ਰਾਮਪੁਰਾ ਫੂਲ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਇੰਚਾਰਜ ਮਾਲਵਾ ਜੋਨ, ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ, ਵਿਧਾਇਕ ਅਜੈਬ ਸਿੰਘ ਭੱਟੀ ਅਤੇ ਸਾਬਕਾ ਵਿਧਾਇਕ ਮੱਖਣ ਸਿੰਘ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਕਾਂਗਰਸ ਪਾਰਟੀ ਵੱਲੋਂ ਲਏ ਇਸ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਉਪ ਚੋਣ ਤਾਂ ਆਉਂਦੀਆਂ ਰਹਿੰਦੀਆਂ ਹਨ ਪਰ ਲੋਕਾਂ ਦੀਆਂ ਭਾਵਨਾਵਾਂ ਪ੍ਰਮੁੱਖ ਹੁੰਦੀਆਂ ਹਨ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਹਾਲੇ ਤੱਕ ਗ੍ਰਿਫਤਾਰੀ ਨਹੀਂ ਹੋਈ ਤੇ ਨਾ ਹੀ ਉਨ੍ਹਾਂ ਨੂੰ ਸਜਾ ਦਿੱਤੀ ਗਈ ਹੈ ਫਿਰ ਅਸਤੀਫਾ ਦੇਣ ਵਾਲੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਨਦੀਪ ਸਿੰਘ ਸਿੱਕੀ ਦਾ ਚੋਣ ਲੜਨਾ ਭਾਵਨਾਵਾਂ ਦੇ ਉਲਟ ਸੀ ਜਿਸ ਕਰਕੇ ਕਾਂਗਰਸ ਨੇ ਇਹ ਫੈਸਲਾ ਕੀਤਾ ਹੈ। ਇਸ ਫੈਸਲੇ ਲਈ ਚੇਅਰਪਰਸਨ ਸੋਨੀਆਂ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਐਲਾਨ ਕੀਤਾ ਕਿ ਪੰਜਾਬ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ 2017 ਵਿੱਚ ਕਾਂਗਰਸ ਦੀ ਸਰਕਾਰ ਬਨਣ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀਆਂ ਘਟਨਾਵਾਂ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਕੇ ਦੋਸ਼ੀਆਂ ਦੇ ਚੇਹਰੇ ਬੇਨਕਾਬ ਕੀਤੇ ਜਾਣਗੇ। ਉਨ੍ਹਾਂ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਉਪ ਚੋਣ ਦਾ ਬਾਇਕਾਟ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਲਈ ਅੱਗੇ ਆਉਣ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply