
ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)-ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਰਣੀਕੇ ਨੇ ਮਾਹਲ ਅਤੇ ਹਮੀਦਪੁਰਾ ਦੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਕੰਮਾਂ ਅਤੇ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਸ ਮੌਕੇ ਇਨ੍ਹਾਂ ਇਲਾਕਿਆਂ ਵਿਚ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ, ਗਲੀਆਂ ਦੀ ਮੁਰੰਮਤ, ਸਟਰੀਟ ਲਾਈਟਾਂ ਆਦਿ ਦੇ ਚੱਲ ਰਹੇ ਕੰਮਾਂ ਨੂੰ ਮਿੱਥੇ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸੇ ਤਰ੍ਹਾਂ ਉਨ੍ਹਾਂ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫੌਗਿੰਗ ਕਰਨ ਦੀ ਵੀ ਤਾਕੀਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਮਾਹਲ ਲਈ ਪੱਕੇ ਸਫਾਈ ਸੇਵਕ ਅਤੇ ਸੁਪਰਵਾਈਜ਼ਰ ਲਗਾਉਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਰਾਹੀਂ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਉਣ ਦਾ ਕਹਿੰਦਿਆਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਥੁੜ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ, ਐਸ. ਈ. ਸ੍ਰੀ ਪੀ. ਕੇ ਗੋਇਲ, ਸ੍ਰੀ ਜਸਬੀਰ ਸਿੰਘ, ਡਾ. ਬੀ. ਐਸ ਭੰਗੂ ਅਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media