ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 2 ਫਰਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਨ ਜਿਥੋਂ ਉਨ੍ਹਾਂ ਦੀ ਬਦਲੀ ਅੰਮ੍ਰਿਤਸਰ ਵਿਖੇ ਹੋਈ ਹੈ। 2004 ਬੈਚ ਦੇ ਆਈ. ਏ. ਐਸ ਅਧਿਕਾਰੀ ਸ੍ਰੀ ਰੂਜਮ ਇਸ ਤੋਂ ਪਹਿਲਾਂ ਜਲੰਧਰ, ਹੁਸ਼ਿਆਰਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਬਤੌਰ ਆਈ. ਏ. ਐਸ ਅਫਸਰ ਉਹ ਫਾਜ਼ਿਲਕਾ, ਖਡੂਰ ਸਾਹਿਬ, ਮਲੋਟ, ਸ੍ਰੀ ਮੁਕਤਸਰ ਸਾਹਿਬ ਵਿਚ ਵੀ ਵੱਖ-ਵੱਖ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਡਿਊਟੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ। ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰੂਜਮ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਨਗਰੀ ਅੰਮ੍ਰਿਤਸਰ ਬਹੁਤ ਹੀ ਮਹੱਤਵਪੂਰਨ ਜ਼ਿਲ੍ਹਾ ਹੈ ਅਤੇ ਇਥੇ ਆ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਅਤੇ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਲ ਮਹਿਕਮੇ ਨਾਲ ਸਬੰਧਤ ਬਕਾਇਆ ਮਾਮਲਿਆਂ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਅਤੇ ਪੇਂਡੂ ਵਿਕਾਸ ਮਿਸ਼ਨ ਤਹਿਤ ਹੋ ਰਹੇ ਕੰਮਾਂ ਬਾਰੇ ਮੁਕੰਮਲ ਜਾਣਕਾਰੀ ਲੈ ਕੇ ਇਨ੍ਹਾਂ ਵਿਚ ਤੇਜ਼ੀ ਲਿਆਉਣਗੇ। ਸ੍ਰੀ ਰੂਜਮ ਨੇ ਕਿਹਾ ਕਿ ਸ਼ਹਿਰ ਵਿਚ ਜਿਹੜੇ ਵੀ ਪ੍ਰਾਜੈਕਟ ਚੱਲ ਰਹੇ ਹਨ ਜਾਂ ਸ਼ੁਰੂ ਹੋਣੇ ਹਨ, ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਅੰਮ੍ਰਿਤਸਰ ਦੀਆਂ ਅਲੱਗ ਸਮੱਸਿਆਵਾਂ ਹਨ, ਜਿਨ੍ਹਾਂ ਦਾ ਜਾਇਜ਼ਾ ਲੈਣ ਲਈ ਉਹ ਜਲਦ ਹੀ ਸਰਹੱਦੀ ਖੇਤਰ ਦਾ ਦੌਰਾ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਲਈ 24 ਘੰਟੇ ਹਾਜ਼ਰ ਹਨ ਅਤੇ ਉਹ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਉਨ੍ਹਾਂ ਨੂੰ ਦੱਸ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਕਿਹਾ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਆਈ ਏ ਐਸ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਅਮਨਦੀਪ ਕੌਰ, ਤਹਿਸੀਲਦਾਰ ਸ. ਗੁਰਮੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media
