ਅੰਮ੍ਰਿਤਸਰ, 8 ਫਰਵਰੀ (ਗੁਰਚਰਨ ਸਿੰਘ)- ਸਿੱਖ ਕੌਮ ਦੇ ਮਹਾਨ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੇ 170ਵੇਂ ਸ਼ਹੀਦੀ ਦਿਵਸ ਮੌਕੇ 10 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਅਟਾਰੀ ਅਤੇ ਨਰਾਇਣਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ 10 ਫਰਵਰੀ ਨੂੰ ਸ਼ਹੀਦੀ ਸਮਾਗਮ ਦੌਰਾਨ ਸ: ਸ਼ਾਮ ਸਿੰਘ ਅਟਾਰੀਵਾਲਾ ਸਮਾਰਕ, ਅਟਾਰੀ ਵਿਖੇ ਸਵੇਰੇ 11:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਵੇਗਾ ਅਤੇ ਉਪਰੰਤ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਟਾਰੀ ਸਮਾਗਮ ਤੋਂ ਪਹਿਲਾਂ ਠੀਕ ਸਵੇਰੇ 10 ਵਜੇ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੇ ਅੰਮ੍ਰਿਤਸਰ-ਅਟਾਰੀ ਮਾਰਗ (ਨਰਾਇਣਗੜ੍ਹ) ਵਿਖੇ ਗੇਟਵੇ ਆਫ ਇੰਡੀਆ ‘ਤੇ ਸਥਾਪਿਤ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਕਬੱਡੀ ਅਤੇ ਕੁਸ਼ਤੀਆਂ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਸ ਮੌਕੇ ਕਰਨਲ ਹਰਿੰਦਰ ਸਿੰਘ ਅਟਾਰੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਅਤੇ ਸਾਬਕਾ ਸੈਨਾ ਮੁਖੀ ਜਨਰਲ ਜੇ. ਜੇ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ. ਪਰਮਜੀਤ ਸਿੰਘ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਏ. ਸੀ. ਪੀ ਹਰਕਮਲ ਕੌਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਸਿੱਖ ਇਤਿਹਾਸ ਦਾ ਇਕ ਚਮਕਦਾ ਹੀਰਾ ਹੈ। ਮਹਾਰਾਜਾ ਰਣਜੀਤ ਸਿੰਘ ਸਮੇਂ ਵੱਖ-ਵੱਖ ਮੁਹਿੰਮਾਂ ਵਿਚ ਅਤੇ ਮਹਾਰਾਜਾ ਸਾਹਿਬ ਦੇ ਦਿਹਾਂਤ ਉਪਰੰਤ 10 ਫਰਵਰੀ, 1846 ਨੂੰ ਸਤਲੁਜ ਦਰਿਆ ਦੇ ਕੰਢੇ ਸਭਰਾਵਾਂ ਨੇੜੇ ਉਨ੍ਹਾਂ ਅੰਗਰੇਜ਼ਾਂ ਖਿਲਾਫ਼ ਇਕ ਜ਼ਬਰਦਸਤ ਤੇ ਖੂਨੀ ਯੁੱਧ ਲੜਿਆ ਸੀ ਅਤੇ ਇਸ ਲੜਾਈ ਵਿਚ ਉਨ੍ਹਾਂ ਨੇ ਬੇਮਿਸਾਲ ਬਹਾਦਰੀ ਦਿਖਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਤਾ ਸੀ। ਇਸੇ ਬਹਾਦਰੀ ਸਦਕਾ ਜਨਰਲ ਸ਼ਾਮ ਸਿੰਘ ਅਟਾਰੀਵਾਲਾ ਦਾ ਨਾਮ ਅੱਜ ਵੀ ਬੜੇ ਫ਼ਖਰ ਨਾਲ ਲਿਆ ਜਾਂਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media