
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਦੋ ਹੋਰ ਬੱਚੀਆਂ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 123 ਹੋ ਗਈ ਹੈ। ਬੀਤੀ 24 ਜਨਵਰੀ ਨੂੰ ਰਾਤ 10 ਵਜੇ ਦੇ ਕਰੀਬ ਕਿਸੇ ਵੱਲੋਂ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ ਅਤੇ ਅੱਜ ਦੂਸਰੀ ਬੱਚੀ ਪੁਲਿਸ ਥਾਣਾ ਕੰਬੋਅ ਦੇ ਏ. ਐਸ. ਆਈ ਸ੍ਰੀ ਦਵਿੰਦਰ ਸਿੰਘ ਵੱਲੋਂ ਪੰਘੂੜੇ ਵਿਚ ਪ੍ਰਾਪਤ ਹੋਈ ਹੈ। ਇਨ੍ਹਾਂ ਦੋਵਾਂ ਬੱਚੀਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵੀਨਿਊ ਤੋਂ ਕਰਵਾਇਆ ਗਿਆ ਅਤੇ ਇਸ ਵੇਲੇ ਬੱਚੀਆਂ ਬਿਲਕੁਲ ਤੰਦਰੁਸਤ ਹਨ। ਇਸ ਲਈ ਇਨ੍ਹਾਂ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਬੱਚੀ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।
ਅੱਜ ਇਨ੍ਹਾਂ ਬੱਚੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਪੰਘੂੜੇ ਵਿਚ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ, ਪਿੰਡ ਤਲਵੰਡੀ ਖੁਰਦ ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਅਧੀਨ ਹੁਣ ਤੱਕ 19 ਲੜਕੇ ਅਤੇ 104 ਲੜਕੀਆਂ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆ ਇਸ ਸਕੀਮ ਅਧੀਨ ਰੈੱਡ ਕਰਾਸ ਦਫ਼ਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ ਅਤੇ ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ ਨੂੰ ਰੈੱਡ ਕਰਾਸ ਵੱਲੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿਚ ਉਸ ਦੀ ਸੁਰੱਖਿਆ, ਪਾਲਣ-ਪੋਸ਼ਣ ਅਤੇ ਚੰਗੇ ਭੱਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਲੀਗਲ ਅਡਾਪਸ਼ਨ ਐਂਡ ਪਲੇਸਮੈਂਟ ਏਜੰਸੀੇ) ਵਿਚ ਪ੍ਰਵਰਿਸ਼ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੀ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media