
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਅਟਾਰੀ ਵਿਚ ਸਵੱਛ ਭਾਰਤ ਅਭਿਆਨ ਮਿਸ਼ਨ ਅਧੀਨ ਬਣਾਏ ਜਾ ਰਹੇ 14000 ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ ਕੰਮ ਦਾ ਜਾਇਜਾ ਲੈਂਦਿਆਂ ਸ. ਗੁਲਜਾਰ ਸਿੰਘ ਰਣੀਕੇ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਮੀਟਿੰਗ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਖਾਨਿਆਂ ਦੀ ਚੱਲ ਰਹੀ ਉਸਾਰੀ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਅਤੇ ਇਸ ਕੰਮ ਨੂੰ ਹਰ ਹਾਲਤ ਵਿਚ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।
ਮੀਟਿੰਗ ਦੌਰਾਨ ਸ. ਰਣੀਕੇ ਨੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੂੰ ਕਿਹਾ ਕਿ ਉਹ ਹਰ ਹਫਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਖਾਨਿਆਂ ਦੀ ਉਸਾਰੀ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ। ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਅਟਾਰੀ ਹਲਕੇ ਦੇ 33 ਅਤੇ ਵੇਰਕੇ ਦੇ 26 ਪਿੰਡਾਂ ਵਿਚ ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਪਖਾਨਿਆਂ ਦੀ ਉਸਾਰੀ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ। ਜਿਸ ‘ਤੇ ਕੈਬਨਿਟ ਮੰਤਰੀ ਨੇ ਕਿਹਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਕਿਹਾ ਕਿ ਬਣ ਰਹੇ ਇਨ੍ਹਾਂ ਪਖਾਨਿਆਂ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਵੀ ਨਿਰਦੇਸ਼ ਦਿੱਤੇ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਤਾਲਮੇਲ ਪੈਦਾ ਕਰਨ ਲਈ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਪਖਾਨਿਆਂ ਦੀ ਉਸਾਰੀ ਦੇ ਕੰਮ ਨੂੰ ਜਲਦ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਦੋਵਾਂ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿਚ ਜਾ ਕੇ ਲਾਭਪਾਤਰੀਆਂ ਵਿਚ ਸਰਕਾਰ ਦੇ ਇਸ ਪ੍ਰੋਜੈਕਟ ਬਾਰੇ ਜਾਗਰੂਕ ਵੀ ਕਰਨਗੇ ਤਾਂ ਜੋ ਅਟਾਰੀ ਹਲਕਾ 100 ਫੀਸਦੀ ਖੁਲੇ ਵਿਚ ਸ਼ੌਚ ਕਰਨ ਤੋਂ ਮੁਕਤ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਹ ਉੱਚ ਅਧਿਕਾਰੀਆਂ ਦੇ ਨਾਲ ਇਨ੍ਹਾਂ ਪਿੰਡਾਂ ਵਿਚ ਚੱਲ ਰਹੇ ਪਖਾਨਿਆਂ ਦੀ ਉਸਾਰੀ ਦੇ ਕੰਮ ਦਾ ਨਿਰੀਖਣ ਵੀ ਕਰਨਗੇ।ਹੋਰਨਾਂ ਤੋਂ ਇਲਾਵਾ ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐੱਸ. ਪੀ. ਆਂਗਰਾ), ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ ਅਤੇ ਵਿਕਾਸ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Post Daily Online Newspaper & Print Media