Monday, July 8, 2024

ਸੰਸਦੀ ਪੈਨਲ ਨੇ ਸੁਣੀਆਂ ਸਰਹੱਦੀ ਇਲਾਕੇ ਦੇ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ

PPN1202201609

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ ਸੱਗੂ)- ਸਰਹੱਦੀ ਇਲਾਕੇ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੁਸ਼ਕਿਲਾਂ ਦੇ ਹੱਲ ਲਈ ਇਕ ਵਿਆਪਕ ਰਿਪੋਰਟ ਤਿਆਰ ਕਰਕੇ ਸੰਸਦ ਵਿਚ ਪੇਸ਼ ਕਰਨ ਲਈ ਬਣਾਈ ਗਈ ਸੰਸਦੀ ਕਮੇਟੀ ਗ੍ਰਹਿ ਮਾਮਲੇ ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਰਹੱਦੀ ਇਲਾਕੇ ਦੇ ਕਿਸਾਨਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ। ਇਸ ਮੌਕੇ ‘ਤੇ ਕਮੇਟੀ ਦੇ ਨਾਲ ਮੁੱਖ ਸਕੱਤਰ ਪੰਜਾਬ, ਪ੍ਰਮੁੱਖ ਸਕੱਤਰ ਗ੍ਰਹਿ, ਡੀ.ਜੀ.ਪੀ. ਪੰਜਾਬ ਅਤੇ ਬੀ.ਐੱਸ.ਐੱਫ. ਦੇ ਸੀਨੀਅਰ ਅਧਿਕਾਰੀ ਨਾਲ ਵੀ ਸਰਹੱਦੀ ਇਲਾਕੇ ਸੰਬੰਧੀ ਗੱਲਬਾਤ ਬਾਬਤ ਵਿਸ਼ੇਸ਼ ਮੀਟਿੰਗ ਕੀਤੀ।
ਕਿਸਾਨ ਜਥੇਬੰਦੀਆਂ ਅਤੇ ਪੰਜਾਬ ਰਾਜ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਸੰਸਦੀ ਪੈਨਲ ਕਮੇਟੀ ਦੇ ਚੇਅਰਮੈਨ, ਮੈਂਬਰ ਰਾਜ ਸਭਾ ਸ੍ਰੀ ਪ੍ਰਦੀਪ ਭੱਟਾਚਾਰਿਆ ਨੇ ਦੱਸਿਆ ਕਿ ਸੰਸਦੀ ਪੈਨਲ ਕਮੇਟੀ ਵੱਲੋਂ ਸਰਹੱਦ ‘ਤੇ ਰਹਿੰਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਸੁਣਕੇ ਇਕ ਵਿਸ਼ੇਸ਼ ਰਿਪੋਰਟ ਤਿਆਰ ਕੀਤੀ ਜਾਣੀ ਹੈ ਅਤੇ ਇਹ ਰਿਪੋਰਟ ਕਮੇਟੀ ਦੀਆਂ ਸਿਫਾਰਸ਼ਾਂ ਸਮੇਤ ਕੇਂਦਰ ਸਰਕਾਰ ਨੂੰ 2-3 ਮਹੀਨਿਆਂ ਦੇ ਅੰਦਰ-ਅੰਦਰ ਪੇਸ਼ ਕੀਤੀ ਜਾਵੇਗੀ ਤਾਂ ਜੋ ਇਸ ਰਿਪੋਰਟ ਦੇ ਅਧਾਰ ‘ਤੇ ਸਰਕਾਰ ਵੱਲੋਂ ਸਰਹੱਦ ਤੇ ਰਹਿੰਦੇ ਵੱਖ-ਵੱਖ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਲੋਕ ਪੱਖੀ ਸਕੀਮਾਂ ਤਿਆਰ ਕੀਤੀਆਂ ਜਾ ਸਕਣ।
ਸ੍ਰੀ ਭੱਟਾਚਾਰਿਆ ਨੇ ਕਿਹਾ ਕਿ ਇਸ ਪੈਨਲ ਕਮੇਟੀ ਦੀ ਅਗਲੀ ਮੀਟਿੰਗ ਦਿੱਲੀ ਵਿਖੇ ਹੋਵੇਗੀ ਜਿੱਥੇ ਸਰਹੱਦੀ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ, ਸੁਰੱਖਿਆ ਨੂੰ ਮਜਬੂਤ ਕਰਨ, ਇਨਫਰਾਸਟਰਕਚਰ ਦੀ ਉਸਾਰੀ, ਸੜਕੀ ਜਾਲ ਅਤੇ ਜਲ ਸਪਲਾਈ ਆਦਿ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ‘ਤੇ ਵਿਚਾਰ ਚਰਚਾ ਕਰਨ ਉਪਰੰਤ ਉਨ੍ਹਾਂ ਵੱਲੋਂ ਇਹ ਰਿਪੋਰਟ ਪ੍ਰਵਾਨਗੀ ਹਿੱਤ ਪੇਸ਼ ਕੀਤੀ ਜਾਵੇਗੀ।
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦਿਆਂ ਸ੍ਰੀ ਭੱਟਾਚਾਰਿਆ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਕਿਸਾਨਾਂ ਵੱਲੋਂ ਕਈ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਗਈਆਂ ਹਨ ਜਿਸ ਵਿਚ ਮੁਆਵਜੇ ਦੀ ਰਾਸ਼ੀ ਵਿਚ ਵਾਧਾ ਕਰਨਾ, ਕਿਸਾਨਾਂ ਦੇ ਬੱਚਿਆਂ ਲਈ ਸਿੱਖਿਆ ਅਤੇ ਨੌਕਰੀਆਂ, ਮੁੱਢਲੀਆਂ ਸਿਵਕ ਸਹੂਲਤਾਂ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਅਜਿਹੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਹੱਦੀ ਇਲਾਕੇ ਦੇ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾਵੇਗਾ।
ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਸਰਹੱਦ ਤੋਂ ਪਾਰ ਖੇਤੀ ਕਰਨ ਵਿਚ ਆਉਾਂਦੀਆਂ ੁਸ਼ਕਿਲਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਸਰਹੱਦੀ ਏਰੀਆ ਵਿਕਾਸ ਪ੍ਰੋਜੈਕਟ ਅਧੀਨ ਫੰਡ ਦੀ ਰਾਸ਼ੀ ਵਿਚ ਵਾਧਾ ਕਰਨ ਅਤੇ ਕਿਸਾਨਾਂ ਲਈ ਮੁਆਵਜੇ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਹਲਕਾ ਅਟਾਰੀ ਦੇ ਮੰਤਰੀ ਸ. ਗੁਲਜਾਰ ਸਿੰਘ ਰਣੀਕੇ, ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਕਮੇਟੀ ਦੀ ਮੀਟਿੰਗ ਵਿਚ ਪੇਸ਼ ਕੀਤੀਆਂ ਗਈਆਂ ਹਨ ਅਤੇ ਕਮੇਟੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰ ਲੈਣ ਦਾ ਭਰੋਸਾ ਦਿੱਤਾ ਗਿਆ ਹੈ।
ਇਕ ਸਵਾਲ ਦੇ ਜਵਾਬ ਵਿਚ ਪ੍ਰੋ. ਚੰਦੁਮਾਜਰਾ ਨੇ ਕਿਹਾ ਕਿ ਸਾਡੇ ਵੱਲੋਂ ਪੈਨਲ ਕਮੇਟੀ ਕੋਲ ਸਰਹੱਦੀ ਇਲਾਕੇ ਨੂੰ ਸਪੈਸ਼ਲ ਜੋਨ ਵਜੋਂ ਮੰਨਿਆ ਜਾਵੇ ਅਤੇ ਇੱਥੇ ਸੇਵਾ ਕਰਦੇ ਅਧਿਆਪਕਾਂ ਅਤੇ ਡਾਕਟਰਾਂ ਨੂੰ ਸਪੈਸ਼ਲ ਭੱਤਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬੀ.ਐੱਸ.ਐੱਫ. ਫੋਰਸ ਦੀ ਤਾਇਨਾਤੀ ਵਿਚ ਵਾਧਾ ਕਰਨ ਦੀ ਵੀ ਮੰਗ ਕੀਤੀ ਗਈ ਹੈ ਤਾਂ ਜੋ ਇਸ ਸਰਹੱਦੀ ਇਲਾਕੇ ਨੂੰ ਘੁਸਪੈਠ ਤੋਂ ਚੰਗੀ ਤਰ੍ਹਾਂ ਸੁਰੱਖਿਅਤ ਕੀਤਾ ਜਾ ਸਕੇ।
ਸੰਸਦੀ ਕਮੇਟੀ ਵਿਚ ਸ਼ਾਮਿਲ ਚੇਅਰਮੈਨ ਸ੍ਰੀ ਪ੍ਰਦੀਪ ਭੱਟਾਚਾਰਿਆ ਤੋਂ ਇਲਾਵਾ ਮੈਂਬਰ ਰਾਜ ਸਭਾ ਸ੍ਰੀ ਕੇ. ਰਹਿਮਾਨ ਖਾਨ, ਸ੍ਰੀ ਬਿਸ਼ਨੁ ਪਾਡਾ ਰਾਏ ਮੈਂਬਰ ਪਾਰਲੀਮੈਂਟ, ਸ੍ਰੀ ਪ੍ਰਤਾਪ ਰਾਓ ਜੈਡਹਾਵ ਮੈਂਬਰ ਪਾਰਲੀਮੈਂ, ਸ੍ਰੀ ਨੀਰਜ ਸ਼ੇਖਰ ਚੌਧਰੀ ਮੈਂਬਰ ਪਾਰਲੀਮੈਂਟ, ਸ੍ਰੀ ਦੀਲੀਪ ਪਟੇਲ ਮੈਂਬਰ ਪਾਰਲੀਮੈਂ ਅਤੇ ਡਾ. ਸਤਿਆ ਪਾਲ ਸਿੰਘ ਮੈਂਬਰ ਪਾਰਲੀਮੈਂਟ ਵੱਲੋਂ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਗਪਾਲ ਸਿੰਘ ਸੰਧੂ, ਸ੍ਰੀ ਸੁਰੇਸ਼ ਅਰੋੜਾ ਡੀ.ਜੀ.ਪੀ. ਪੰਜਾਬ, ਸ੍ਰੀ ਅਨਿਲ ਪਾਲੀਵਾਲ ਆਈ.ਜੀ. ਬੀ.ਐੱਸ.ਐੱਫ. ਪੰਜਾਬ ਸਰਹੱਦ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਉਪਰੰਤ ਸ੍ਰੀ ਪੀ. ਭੱਟਾਚਾਰਿਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਹੱਦ ‘ਤੇ ਕਾਨੂੰਨ ਵਿਵਸਥਾ ਅਤੇ ਸਰਹੱਦੀ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿਚ ਵਿਆਪਕ ਰਿਪੋਰਟ ਪ੍ਰਵਾਨਗੀ ਹਿੱਤ ਪੇਸ਼ ਕੀਤੀ ਜਾਵੇਗੀ।
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੈਂਬਰ ਰਾਜ ਸ਼ਭਾ ਸ੍ਰੀ ਕੇ. ਰਹਿਮਾਨ ਖਾਨ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਸਮੁੱਚੇ ਪ੍ਰੋਗਰਾਮ ਸੰਬੰਧੀ ਮੀਟਿੰਗ ਦੌਰਾਨ ਸੂਬੇ ਦੇ ਸੀਨੀਅਰ ਅਧਿਕਾਰੀਆਂ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ ਹੈ।
ਇਸਤੋਂ ਪਹਿਲਾਂ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਮੀਟਿੰਗ ਵਿਚ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਮੁਆਵਜੇ ਦੀ ਰਕਮ 20000 ਰੁਪਏ ਦੇਣੀ ਚਾਹੀਦੀ ਹੈ ਅਤੇ ਸਰਹੱਦੀ ਇਲਾਕੇ ਵਿਚ ਸਕੂਲਾਂ ਦੇ ਨੈਟਵਰਕ ਨੂੰ ਹੋਰ ਮਜਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ‘ਤੇ ਨੌਕਰੀਆਂ ਪ੍ਰਦਾਨ ਕਰੇ।
ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਜਲਦ ਤੋਂ ਜਲੱਦ ਕਰਨ ਕਰਨ ਦੀ ਲੋੜ ਹੈ।
ਸੰਸਦੀ ਪੈਨਲ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਜਿੱਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਆਈ.ਜੀ. ਬਾਰਡਰ ਜੋਨ ਸ੍ਰੀ ਲੋਕ ਨਾਥ ਆਂਗਰਾ, ਡੀ.ਆਈ.ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ, ਪੁਲੀਸ ਕਮਿਸ਼ਨਰ ਸ੍ਰੀ ਜੇ.ਐੱਸ. ਔਲਖ, ਡੀ.ਆਈ.ਜੀ. ਜਨਰਲ ਸ੍ਰੀ ਆਰ.ਐੱਸ. ਕਾਟਾਰੀਆ, ਡੀ.ਆਈ.ਜੀ. ਅੰਮ੍ਰਿਤਸਰ ਸੈਕਟਰ ਸ੍ਰੀ ਸੁਮੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਐੱਸ.ਐੱਸ.ਪੀ. ਸ੍ਰੀ ਜਸਦੀਪ ਸਿੰਘ, ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply