Sunday, June 30, 2024

ਕਿਸਾਨਾਂ ਦੇ ਧਰਨੇ ‘ਤੇ ਪੁਲਿਸ ਵੱਲੋਂ ਤਸ਼ੱਦਦ ‘ਤੇ ਭਕਿਯੂ ਨੇ ਜਤਾਇਆ ਰੋਸ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ)- ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ਼ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਪੁਲਿਸ ਦੁਆਰਾ ਕੀਤੀਆਂ ਗਈਆਂ ਪਾਣੀ ਦੀਆਂ ਬੌਛਾੜਾਂ ਦੀ ਭਾਰਤੀ ਕਿਸਾਨ ਯੂਨੀਅਨ ਨੇ ਅੱਜ ਸਖ਼ਤ ਨਿੰਦਾ ਜਾਹਿਰ ਕੀਤੀ। ਇਸ ਸਬੰਧੀ ਅੱਜ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਕੌਮੀ ਮੀਤ ਪ੍ਰਧਾਨ ਸ: ਬਲਵਿੰਦਰ ਸਿੰਘ ਗੁੰਮਟਾਲਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਧਾਨ ਸ: ਸੁਖਦੇਵ ਸਿੰਘ ਹੇਰ ਦੇ ਗ੍ਰਹਿ ਵਿਖੇ ਹੋਈ।
ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਮਾੜੇ ਵਤੀਰੇ ‘ਤੇ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਗੁੰਮਟਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਡਾ. ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸਾਂ ਅਨੁਸਾਰ ਖੇਤੀ ਉਪਜਾਂ ਦੀਆਂ ਕੀਮਤਾਂ ਐਲਾਨਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਜਿਸ ਨਾਲ ਆਰਥਿਕ ਮੰਦਹਾਲੀ ਕਾਰਨ ਕਿਸਾਨਾਂ ਦੀਆਂ ਖੁਦਕਸ਼ੀਆਂ ਦਿਨੋਂ-ਦਿਨ ਵੱਧ ਰਹੀਆਂ ਹਨ, ਸਬੰਧੀ ਅਵਾਜ਼ ਬੁਲੰਦ ਕਰ ਰਹੇ ਕਿਸਾਨਾਂ ਦੇ ਸ਼ਾਂਤਮਈ ਧਰਨੇ ‘ਤੇ ਜੋ ਜ਼ੋਰ-ਅਜਮਾਇਸ਼ ਕੀਤੀ ਗਈ ਹੈ, ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਈ ਕਿਸਾਨ ਜਖ਼ਮੀ ਹੋਏ ਅਤੇ ਅਨੇਕਾਂ ਦੀਆਂ ਪੱਗਾਂ ਲੱਥ ਗਈਆਂ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਕਤ ਤਸ਼ੱਦਦ ਕੇਂਦਰ ਸਰਕਾਰ ਦੀ ਸੋਚ-ਸਮਝੀ ਸਾਜਿਸ਼ ਹੈ ਜੋ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਲਈ ਅਜਿਹੇ ਕਾਰੇ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਅਜਿਹੇ ਰਹੇ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਯੂਨੀਅਨ ਦੇ ਪੰਜਾਬ ਪ੍ਰਧਾਨ ਸ: ਅਜ਼ਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਭਾਰਤ ਦੇ ਕਿਸਾਨ ਆਪਣਾ ਤਿੱਖਾ ਸੰਘਰਸ਼ ਮੰਗਾਂ ਲਿਖਤੀ ਤੌਰ ‘ਤੇ ਮੰਨ੍ਹੇ ਜਾਣ ਤੱਕ ਜਾਰੀ ਰੱਖਣਗੇ। ਮੀਟਿੰਗ ਵਿੱਚ ਉਨ੍ਹਾਂ ਆਪਣੀਆਂ ਹੋਰ ਭੱਖਦੀਆਂ ਜਾਇਜ ਮੰਗਾਂ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸ: ਅਜ਼ਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਣ, ਕੁਲਬੀਰ ਸਿੰਘ, ਸਤਨਾਮ ਸਿੰਘ, ਅਨੂਪ ਸਿੰਘ, ਹਰਪ੍ਰੀਤ ਸਿੰਘ ਆਦਿ ਕਿਸਾਨ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply