ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ 95 ਫੀਸਦੀ ਤੋਂ ਜ਼ਿਆਦਾ ਵਾਅਦੇ ਪੂਰੇ ਕੀਤੇ
ਬਟਾਲਾ, 1 ਮਾਰਚ (ਨਰਿੰਦਰ ਸਿੰਘ ਬਰਨਾਲ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਗਲੇ ਹਫਤੇ ਪੇਸ਼ ਹੋਣ ਵਾਲੇ ਪੰਜਾਬ ਬਜਟ ਵਿਚ ਪੰਜਾਬ ਸਰਕਾਰ ਨੇ ਬਹੁਤ ਸਾਰੇ ਲੋਕ ਪੱਖੀ ਫੈਸਲੇ ਲਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2016 ਨੂੰ ਵਿਕਾਸ ਵਰ੍ਹੇ ਵੱਜੋਂ ਮਨਾਇਆ ਜਾਵੇਗਾ ਅਤੇ ਪੰਜਾਬ ਦੇ ਹਰ ਹਲਕੇ ਵਿਚ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖੀਆ ਜਾਣਗੀਆਂ।
ਇੱਥੇ ਸੰਗਤ ਦਰਸ਼ਨ ਸਮਾਗਮ ਦੌਰਾਨ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ 95 ਫੀਸਦੀ ਤੋਂ ਜ਼ਿਆਦਾ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ 2017 ਦੀਆਂ ਚੋਣਾਂ ਤੋਂ ਪਹਿਲਾਂ ਰਹਿੰਦੇ ਵਾਅਦੇ ਵੀ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ-ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਆਈ ਹੈ, ਵਿਕਾਸ ਉਦੋਂ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਜਿੱਥੇ ਹਰ ਖੇਤਰ ਵਿਚ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹੀਆਂ ਹਨ ਉੱਥੇ ਹੀ ਆਉਣ ਵਾਲੇ ਸਮੇਂ ਵਿਚ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਚੁੱਕਿਆ ਹੈ ਉੱਥੇ ਹੀ 20000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਨੂੰ 4-6 ਮਾਰਗੀ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਿਰਫ ਪੰਜਾਬ ਅਜਿਹਾ ਰਾਜ ਹੈ ਜਿੱਥੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਲੋਕ ਭਲਾਈ ਤੇ ਸਮਾਜਿਕ ਭਲਾਈ ਦੀਆਂ ਸਭ ਤੋਂ ਜ਼ਿਆਦਾ ਸਕੀਮਾਂ ਜਿਵੇਂ ਕਿ ਸ਼ਗਨ ਸਕੀਮ, ਆਟਾ-ਦਾਲ ਸਕੀਮ, ਐਸ.ਸੀ.ਪਰਿਵਾਰਾਂ ਨੂੰ ਮੁਫਤ ਬਿਜਲੀ, ਬੁਢਾਪਾ ਪੈਨਸ਼ਨ ਆਦਿ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਜਦਕਿ ਪੰਜਾਬੀ ਸੂਬੇ ਲਈ ਸੰਘਰਸ਼ ਕਰਨ ਵਾਲਿਆਂ ਨੂੰ ਪੈਨਸ਼ਨ ਲਾਈ ਗਈ ਹੈ, ਮੁਫਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਸਭ ਤੋਂ ਜ਼ਿਆਦਾ ਨੌਕਰੀਆਂ ਵੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਹੀ ਦਿੱਤੀਆਂ ਗਈਆਂ ਹਨ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ 1.13 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜਦਕਿ ਇਸ ਤੋਂ ਪਹਿਲਾਂ ਵੀ ਇਕ ਲੱਖ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਡੇਢ ਸਾਲ ਵਿਚ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਗਲੀਆਂ-ਨਾਲੀਆਂ, ਸੀਵਰੇਜ, ਸਟਰੀਟ ਲਾਈਟਾਂ, ਪਿੰਡਾਂ ਨੂੰ ਪੱਕੀਆਂ ਫਿਰਨੀਆਂ, ਧਰਮਸ਼ਾਲਾਵਾਂ ਆਦਿ ਸਬੰਧੀ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ।
ਇਸ ਮੌਕੇ ਸ. ਬਾਦਲ ਨੇ ਵਿਸ਼ੇਸ਼ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਮੰਡਲਾਂ ਅਤੇ ਯੂਥ ਕਲੱਬਾਂ ਨੂੰ ਵੀ ਖਾਸ ਗ੍ਰਾਂਟਾਂ ਦਿੱਤੀਆਂ ਜਾਇਆ ਕਰਨਗੀਆਂ। ਉਨ੍ਹਾਂ ਕਿਹਾ ਕਿ ਅਗਲੇ ਦੋ ਮਹੀਨਿਆਂ ਵਿਚ ਡਾਕਟਰਾਂ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਲ 2016 ਦੌਰਾਨ ਵਿਕਾਸ ਕੰਮਾਂ ਵਿਚ ਹੋਰ ਤੇਜ਼ੀ ਆਵੇਗੀ।
ਇਸ ਮੌਕੇ ਉਨ੍ਹਾਂ ਬਟਾਲਾ ਸ਼ਹਿਰ ਵਿਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਲਈ 150 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਅਤੇ 81 ਪਿੰਡਾਂ ਦੀਆਂ ਪੰਚਾਇਤਾਂ ਨੂੰ 13 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡੀਆ। ਮੌਕੇ ਉੱਤੇ ਹੀ ਉਨ੍ਹਾਂ 12 ਕਰੋੜ ਰੁਪਏ ਪਿੰਡਾਂ ਦੇ ਵਿਕਾਸ ਲਈ ਹੋਰ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਬਟਾਲਾ ਹਲਕੇ ਦੇ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੇ ਉੱਪ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਅੱਗੇ ਕੁਝ ਮੰਗਾਂ ਰੱਖੀਆ ਜੋ ਉਨ੍ਹਾਂ ਨੇ ਮੌਕੇ ਉੱਤੇ ਹੀ ਮੰਨ ਲਈਆਂ। ਸ. ਬਾਦਲ ਨੇ ਐਲਾਨ ਕੀਤਾ ਕਿ ਬਟਾਲਾ ਵਿਚ ਮੁੜ ਤੋਂ ਏਡੀਸੀ ਤਇਨਾਤ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਦੇ ਉਦਯੋਗਾਂ ਲਈ ਵੀ ਖਾਸ ਨੀਤੀ ਲਿਆਂਦੀ ਜਾਵੇਗੀ ਤਾਂ ਜੋ ਸਨਅਤ ਮੁੜ ਪੈਰਾਂ ਸਿਰ ਹੋ ਸਕੇ।
ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਨਾਲ ਹੀ ਹੋਵੇਗਾ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਵਿਚ ਬੁਰੀ ਤਰ੍ਹਾਂ ਲਤਾੜੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਅਰਵਿੰਦ ਕੇਜਰੀਵਾਲ ਸਿਰਫ ਇਸ਼ਤਿਹਾਰੀ ਆਗੂ ਹੈ ਅਤੇ ਉਸ ਨੇ ਇਸ਼ਤਿਹਾਰਾਂ ਲਈ 532 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਕਿ ਆਮ ਜਨਤਾ ਦੇ ਖਜ਼ਾਨੇ ਦੀ ਸਰਾਸਰ ਲੁੱਟ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਜੋ ਕਿਹਾ ਸੀ, ਚੋਣਾਂ ਜਿੱਤਣ ਤੋਂ ਬਾਅਦ ਉਸ ਦੇ ਫੈਸਲੇ ਬਿਲਕੁਲ ਉਸ ਤੋਂ ਉਲਟ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵਰਗਾ ਝੂਠਾ ਸਿਆਸਤਦਾਨ ਉਨ੍ਹਾਂ ਅੱਜ ਤੱਕ ਨਹੀਂ ਵੇਖਿਆ। ਇਸ ਮੌਕੇ ਪ੍ਰੈੱਸ ਕਲੱਬ ਬਟਾਲਾ ਵੱਲੋਂ ਉੱਪ ਮੁੱਖ ਮੰਤਰੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਜਿਸ ‘ਤੇ ਕਾਰਵਾਈ ਕਰਨ ਦਾ ਉਨ੍ਹਾਂ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪਾਰਲੀਮਾਨੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ, ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ, ਆਈ.ਜੀ. ਲੋਕ ਨਾਥ ਆਂਗਰਾ, ਡੀਆਈਜੀ ਬਾਰਡਰ ਰੇਜ਼ ਕੁੰਵਰ ਵਿਜੈ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ, ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਤਤਲਾ, ਬਲਦੇਵ ਸਿੰਘ ਪਾਰਸ, ਸ਼ਹਿਰੀ ਪ੍ਰਧਾਨ ਸੁਭਾਸ਼ ਓਹਰੀ, ਬਲਬੀਰ ਸਿੰਘ ਬਿੱਟੂ, ਯੂਥ ਆਗੂ ਕੰਵਰ ਸੰਦੀਪ ਸਿੰਘ ਲੋਧੀਨੰਗਲ ਤੋਂ ਇਲਾਵਾ ਵੱਡੀ ਗਿਣਤੀ ਅਕਾਲੀ-ਭਾਜਪਾ ਹਾਜ਼ਰ ਸਨ।
Punjab Post Daily Online Newspaper & Print Media