Friday, July 5, 2024

ਹਰਸਿਮਰਤ ਬਾਦਲ ਨੇ ਦਿੱਤਾ ਔਰਤਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ ਲੜਣ ਦਾ ਸੱਦਾ

PPN0803201610

ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਔੌਰਤਾਂ ਨੂੰ ਭਰੂਣ ਹੱਤਿਆ ਅਤੇ ਦਾਜ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਨ੍ਹਾਂ ਵਿਰੁੱਧ ਸਾਂਝੀ ਜੰਗ ਛੇੜਣ ਦਾ ਸੱਦਾ ਦਿੱਤਾ ਤਾਂ ਜੋ ਔਰਤਾਂ ਖਿਲਾਫ ਵੱਧ ਰਹੇ ਅੱਤਿਆਚਾਰਾਂ ਨੂੰ ਜੜੋਂ ਖਤਮ ਕੀਤਾ ਜਾ ਸਕੇ। ਅੱਜ ਸਥਾਨਕ ਖਾਲਸਾ ਕਾਲਜ ਵਿੱਚ ਨੰਨੀ ਛਾਂ ਚੈਰੀਟੇਬਲ ਟਰੱਸਟ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਔਰਤਾਂ ਦੇ ਲਾਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਬਾਦਲ ਨੇ ਔਰਤਾਂ ਨੂੰ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਅਹਿਦ ਲੈਣ ਦੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਖਿਲਾਫ ਸਾਂਝੀ ਜੰਗ ਸਮਾਜ ਦੀ ਦਸ਼ਾ ਸੁਧਾਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਮੰਗ ਭਰੂਣ ਹੱਤਿਆ ਅਤੇ ਦਾਜ ਦਾ ਮੁਕੰਮਲ ਖਾਤਮਾ ਹੈ ਜਿਸ ਲਈ ਔਰਤਾਂ ਨੂੰ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਅਲਾਮਤਾਂ ਦੇ ਭਵਿੱਖੀ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਜਾ ਸਕੇ। ਦਾਜ ਰਹਿਤ ਵਿਆਹਾਂ ਦੀ ਜ਼ੋਰਦਾਰ ਵਕਾਲਤ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਵੀ ਅਜਿਹੀਆਂ ਸਮਾਜਿਕ ਕੁਰੀਤੀਆਂ ਖਿਲਾਫ ਬਹਾਦਰੀ ਨਾਲ ਡਟਣ ਦਾ ਸੱਦਾ ਦਿੱਤਾ ਸੀ ਅਤੇ ਸਾਨੂੰ ਸਾਰਿਆਂ ਨੂੰ ਦਾਜ ਰਹਿਤ ਵਿਆਹਾਂ ਦਾ ਅਹਿਦ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਅਤੇ ਦਾਜ ਦੇ ਖਾਤਮੇ ਨਾਲ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕਦੀ ਹੈ ਅਤੇ ਇਸ ਕਾਰਜ ਵਿੱਚ ਮਹਿਲਾਵਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸਰਗਰਮ ਭੂਮਿਕਾ ਨਾਲ ਸਮਾਜ ਅੰਦਰ ਫੈਲ ਰਹੀਆਂ ਕੁਰੀਤੀਆਂ ਨੂੰ ਅਸਰਦਾਰ ਢੰਗ ਨਾਲ ਖਤਮ ਕੀਤਾ ਜਾ ਸਕਦਾ ਹੈ, ਜਿਸ ਲਈ ਔਰਤਾਂ ਨੂੰ ਵੀ ਆਪਣੀ ਢੁਕਵੀਂ ਸ਼ਮੂਲੀਅਤ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਔਰਤਾਂ ਖਿਲਾਫ ਹੋ ਰਹੇ ਅੱਤਿਆਚਾਰਾਂ ‘ਤੇ ਗੰਭੀਰਤਾ ਪ੍ਰਗਟਾਉਂਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਔਰਤਾਂ ਖਿਲਾਫ ਅੱਤਿਆਚਾਰਾਂ ਦੇ ਅੰਕੜੇ ਡੂੰਘੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਅੰਦਰ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਔਰਤਾਂ ਖਿਲਾਫ ਜੁਰਮਾਂ ਨੂੰ ਵੱਡੇ ਪੱਧਰ ‘ਤੇ ਠੱਲ ਪਾਈ ਜਾ ਸਕੇ। ਸ੍ਰੀਮਤੀ ਬਾਦਲ ਨੇ ਨੰਨੀ ਛਾਂ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਲੜਕੀਆਂ ਦੀ ਜਨਮ ਦਰ ਵਿੱਚ ਭਾਰੀ ਵਾਧਾ ਆਪਣੇ ਆਪ ਵਿੱਚ ਇਕ ਵੱਡੀ ਪ੍ਰਾਪਤੀ ਹੈ।  ਇਸੇ ਦੌਰਾਨ ਪੱਤਰਕਾਰਾਂ ਵੱਲੋਂ ਲੋਕ ਸਭਾ ਵਿੱਚ ਔਰਤਾਂ ਲਈ ਰਾਖਵਾਂਕਰਨ ਦੇ ਲਟਕੇ ਮਾਮਲੇ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਇਹ ਬਿੱਲ ਪਾਸ ਨਾ ਹੋਣ ਲਈ ਵਿਰੋਧੀ ਧਿਰਾਂ ਪੂਰੀ ਤਰ੍ਹਾਂ ਜਿੰਮੇਵਾਰ ਹਨ।
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਔਰਤਾਂ ਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੇ ਸਾਂਝੇ ਹੰਭਲਿਆਂ ਨਾਲ ਸਮਾਜਿਕ ਬੁਰਾਈਆਂ ਦਾ ਖਾਤਮਾ ਯਕੀਨੀ ਬਣਾਇਆ ਜਾ ਸਕਦਾ ਹੈ।  ਇਸ ਮੌਕੇ ਨੰਨੀ ਛਾਂ ਚੈਰੀਟੇਬਲ ਟਰੱਸਟ ਵੱਲੋਂ ਆਈਆਂ ਸੰਗਤਾਂ ਨੂੰ ਬੂਟੇ ਵੀ ਵੰਡੇ ਗਏ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਜਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ, ਬੀਬੀ ਰਾਜਵਿੰਦਰ ਕੌਰ ਰਾਜੂ, ਬੀਬੀ ਗੁਰਦੇਵ ਕੌਰ ਸੰਘਾ ਤੋਂ ਇਲਾਵਾ ਭਾਰੀ ਗਿਣਤੀ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply