ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਪੀ.ਐਚ.ਡੀ.,ਪੋਸਟ ਡਾਕਟਰਲ ਸਕਾਲਰ ਅਤੇ ਟੀਚਿੰਗ ਫੈਕਲਟੀ ਲਈ ਜੈਂਡਰ ਸੰਵੇਦੀਕਰਨ ਅਤੇ ਵਿਵਧਤਾ ਪ੍ਰਬੰਧਨ ‘ਤੇ ਵਰਕਸ਼ਾਪ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 33 ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ। ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ ਦੇ ਚਾਂਸਲਰ, ਪ੍ਰੋ. ਐਸ.ਐਸ. ਜੌਹਲ ਇਸ ਮੌਕੇ ਮੁੱਖ ਮਹਿਮਾਨ ਸਨ। ਕੰਨਿਆ ਮਹਾਵਿਦਿਆਲਾ ਜਲੰਧਰ ਦੇ ਪ੍ਰਿੰਸੀਪਲ ਅਤੇ ਕੋਰਸ ਕੋਆਰਡੀਨੇਟਰ, ਡਾ. ਆਤਿਮਾ ਸ਼ਰਮਾ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ।
ਪ੍ਰੋ. ਜੌਹਲ ਨੇ ਦੇਸ਼ ਦੇ ਮੌਜੂਦਾ ਸਮਾਜਿਕ-ਆਰਥਿਕ ਤੇ ਰਾਜਨੀਤਿਕ ਮਾਹੌਲ ਵਿਚ ਵਰਕਸ਼ਾਪ ਦੀ ਸਾਰਥਕਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਜੈਂਡਰ ਸੰਵੇਦੀਕਰਨ ਘਰ ਤੋਂ ਸ਼ੁਰੂ ਹੋਣਾ ਚਾਹੀਦਾ ਹੈ ਅਤੇ ਵਿਤਕਰੇ ਨੂੰ ਖਾਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ-ਬਾਪ ਨੂੰ ਬਿਨਾ ਭੇਦਭਾਵ ਦੇ ਬੇਟਾ-ਬੇਟੀ ਨੂੰ ਇਕ ਸਮਾਨ ਸਮਝਦੇ ਹੋਏ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਇਸਤਰੀਆਂ ਨੇ ਪੁਰਸ਼ਾਂ ਦੇ ਮੁਕਾਬਲੇ ਬੀਤੇ ਸਮੇਂ ਦੌਰਾਨ ਕਾਫੀ ਤਰੱਕੀ ਕੀਤੀ ਹੈ ਪਰ ਸਮਾਜਿਕ-ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੀ ਸਥਿਤੀ ਬਹੁਤੀ ਵਧੀਆ ਨਹੀਂ ਹੈ। ਉਨ੍ਹਾਂ ਦੀ ਮਾਨਸਿਕਤਾ ਹਾਲੇ ਵੀ ਪੁਰਸ਼ ਪ੍ਰਧਾਨ ਸਮਾਜ ਵਾਲੀ ਹੈ, ਜਿਸ ਪ੍ਰਤੀ ਜਾਗਰੂਕਤਾ ਫਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੇ ਪੁਰਸ਼ ਪ੍ਰਧਾਨ ਸਮਾਜ ਵਿਚ ਰਿਵਾਇਤੀ ਮਾਨਸਿਕਤਾ ਨੂੰ ਛੱਡਦੇ ਹੋਏ ਬੱਚੀਆਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਅੱਗੇ ਆਉਣ ਵਿਚ ਮਦਦ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸੈਂਟਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਦਿਆਂ ਵਿਭਾਗੀ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਆਸ ਪ੍ਰਗਟਾਈ ਕਿ ਅਧਿਆਪਕਾਂ ਅਤੇ ਖੋਜਾਰਥੀਆਂ ਲਈ ਕਰਵਾਏ ਜਾ ਰਹੇ ਇਸ ਕੋਰਸ ਦਾ ਉਨ੍ਹਾਂ ਨੂੰ ਕਾਫੀ ਲਾਹਾ ਪ੍ਰਾਪਤ ਹੋਵੇਗਾ।ਡਿਪਟੀ ਡਾਇਰੈਕਟਰ, ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media