ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ-ਲਵਜੀਤ ਕਲਸੀ
ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾਨਯੋਗ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ‘ਸੁਰੱਖਿਅਤ ਸਕੂਲੀ ਵਾਹਨ’ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਨੇ ਕੀਤਾ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕਲਸੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ. ਸਤਿੰਦਰ ਬੀਰ ਸਿੰਘ ਦੀ ਹਾਜ਼ਰੀ ਵਿਚ ਹੋਈ ਇਸ ਮੀਟਿੰਗ ਵਿਚ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕਾਂ, ਮੁਖੀਆਂ ਅਤੇ ਪ੍ਰਤੀਨਿਧਾਂ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਰੋਹਿਤ ਗੁਪਤਾ ਨੇ ਕਿਹਾ ਕਿ ਸਾਰੇ ਸਕੂਲਾਂ ਨੂੰ ਸਕੂਲੀ ਵਾਹਨਾਂ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਸਕੂਲ ਆਪਣੇ ਵਾਹਨਾਂ ਸਬੰਧੀ ਨਿਰਧਾਰਤ ਪ੍ਰੋਫਾਰਮਾ ਭਰ ਕੇ 21 ਮਾਰਚ 2016 ਤੱਕ ਜਮ੍ਹਾਂ ਕਰਵਾਉਣ ਕਿਉਂਕਿ ਇਸੇ ਪ੍ਰੋਫਾਰਮੇ ਵਿਚ ਉਨ੍ਹਾਂ ਵੱਲੋਂ ਮੁਹੱਈਆ ਕਰਵਾਈ ਵਿਸਥਾਰਤ ਜਾਣਕਾਰੀ ਦੇ ਆਧਾਰ ‘ਤੇ ਹੀ ਉਨ੍ਹਾਂ ਦੇ ਵਾਹਨਾਂ ਦੀ ਜਾਂਚ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਕਿਉਂਕਿ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲਿਆਂ ਲਈ ਕੋਈ ਜ਼ਮਾਨਤ ਨਹੀਂ ਹੈ।
ਇਸ ਮੌਕੇ ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕਲਸੀ ਨੇ ਅਖਿਆ ਕਿ ਸਕੂਲੀA ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਜ਼ਿਲ੍ਹਾ ਟ੍ਰਾਂਸਪੋਰਟ ਦਫਤਰ ਸਕੂਲਾਂ ਨੂੰ ਵਾਹਨਾਂ ਬਾਰੇ ਦਿਸ਼ਾ-ਨਿਰਦੇਸ਼ਾਂ ਤੋਂ ਪਹਿਲਾਂ ਹੀ ਜਾਣੂ ਕਰਵਾ ਚੁੱਕਾ ਹੈ ਅਤੇ ਵਾਹਨਾਂ ਨੂੰ ਅਪਗ੍ਰੇਡ ਕਰਨ ਲਈ ਉਨ੍ਹਾਂ ਨੂੰ ਢੁਕਵਾਂ ਸਮਾਂ ਵੀ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਸਕੂਲੀ ਵਾਹਨਾਂ ਸਬੰਧੀ ਨਿਯਮਾਂ ਬਾਰੇ ਜਾਣਕਾਰੀ ਪੰਜਾਬ ਟ੍ਰਾਂਸਪੋਰਟ ਵਿਭਾਗ ਦੀ ਵੈੱਬਸਾਈਟ ਤੋਂ ਵੀ ਲਈ ਜਾ ਸਕਦੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ. ਸਤਿੰਦਰ ਬੀਰ ਸਿੰਘ ਨੇ ਇਸ ਮੌਕੇ ਸਾਰੇ ਸਕੂਲ ਮੁਖੀਆਂ ਨੂੰ ਸਕੂਲ ਟ੍ਰਾਂਸਪੋਰਟ ਕਮੇਟੀ ਲਈ ਆਪਣੇ ਮੈਂਬਰਾਂ ਦੇ ਨਾਂਅ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਸਬੰਧੀ ਨਵੀਆਂ ਹਦਾਇਤਾਂ ਬਾਰੇ ਜਾਣਕਾਰੀ ਡੀ. ਈ. ਓ ਸੈਕੰਡਰੀ ਦੇ ਪੋਰਟਲ ਤੋਂ ਲਈ ਜਾ ਸਕਦੀ ਹੈ। ਇਸ ਮੌਕੇ ਐਮ. ਵੀ. ਆਈ ਮਹਿੰਦਰ ਪਾਲ, ਟ੍ਰੈਫਿਕ ਇੰਸਪੈਕਟਰ ਸ. ਬਲਰਾਜ ਸਿੰਘ, ਸੈਕਸ਼ਨ ਅਫ਼ਸਰ ਡੀ. ਟੀ. ਓ ਦਫ਼ਤਰ ਸ੍ਰੀ ਸ਼ਿਵ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media