Sunday, April 19, 2026

ਤਰਕਸ਼ੀਲ ਸੁਸਾਇਟੀ ਦੇ ਵਫਦ ਨੇ ਕਾਂਗਰਸੀ ਵਿਧਾਇਕ ਸੋਨੀ ਨੂੰ ਦਿੱਤੀ ਤਰਕਸ਼ੀਲ ਬਿੱਲ ਦੇ ਖਰੜੇ ਦੀ ਕਾਪੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਕ ਵਿਕਸਤ, ਸਿਹਤਮੰਦ ਅਤੇ ਵਿਗਿਆਨਕ ਸਮਾਜ ਦੀ ਸਥਾਪਤੀ ਅਤੇ ਆਮ ਜਨਤਾ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ ਵਿਸ਼ਵਾਸ ਰੋਕੂ ਬਿੱਲ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਪਾਸ ਕਰਵਾ ਕੇ ਇਸ ਕਾਨੂੰਨ ਨੂੰ ਜਲਦੀ ਲਾਗੂ ਕੀਤਾ ਜਾਵੇ ਤਾਂ ਕਿ ਸਮੁੱਚੇ ਪੰਜਾਬ ਵਿਚ ਪਾਖੰਡੀ ਬਾਬਿਆਂ, ਤਾਂਤਰਿਕਾਂ, ਚੌਂਕੀਆ ਲਾ ਕੇ ਪੁੱਛਾਂ ਦੇਣ ਵਾਲੇ ਅਖੌਤੀ ਸਿਆਣਿਆਂ ਅਤੇ ਜੋਤਸ਼ੀਆਂ ਵਲੋਂ ਆਮ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਉਤੇ ਪਾਬੰਦੀ ਲਾਈ ਜਾ ਸਕੇ।
ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਦੀ ਅਗਵਾਈ ਹੇਠ ਤਰਕਸ਼ੀਲ ਆਗੂਆਂ ਅਮਰਜੀਤ ਬਾਈ, ਸੁਖਮੀਤ ਸਿੰਘ, ਮਾਸਟਰ ਕੁਲਜੀਤ ਵੇਰਕਾ, ਕਰਨ ਰਾਜ ਸਿੰਘ, ਧਰਵਿੰਦਰ ਕੋਹਾਲੀ ਤੇ ਆਧਾਰਿਤ ਵਫਦ ਵਲੋਂ ਕਾਂਗਰਸ ਦੇ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਦਿੱਤੇ ਇਸ ਬਿੱਲ ਦੇ ਖਰੜੇ ਅਤੇ ਮੰਗ ਪੱਤਰ ਵਿਚ ਦੱਸਿਆ ਗਿਆ ਕਿ ਪਾਖੰਡੀ ਬਾਬਿਆਂ ਅਤੇ ਜੋਤਸ਼ੀਆਂ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਦੁੱਖ ਵਿਚ ਘਿਰੇ ਭੋਲੇ ਭਾਲੇ ਮਜਬੂਰ ਲੋਕਾਂ ਨੂੰ ਕਈ ਤਰ੍ਹਾਂ ਦੇ ਵਹਿਮਾਂ ਭਰਮਾਂ ਤੇ ਅੰਧ ਵਿਸ਼ਵਾਸ਼ਾਂ ਵਿਚ ਫਸਾ ਕੇ ਲੁੱਟਿਆ ਜਾ ਰਿਹਾ ਹੈ ਅਤੇ ਅਖੌਤੀ ਭੂਤ ਪ੍ਰੇਤ ਕੱਢਣ ਦੀ ਆੜ ਹੇਠ ਤਸੀਹੇ ਦੇ ਕੇ ਮਰੀਜ਼ਾਂ ਨੂੰ ਜਾਨੋਂ ਮਾਰਨ ਅਤੇ ਔਰਤਾਂ ਦੀ ਇੱਜ਼ਤ ਨਾਲ ਖਿਲਵਾੜ ਕਰਨ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ ਪਰ ਅਜਿਹੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਪੰਜਾਬ ਵਿਚ ਕੋਈ ਵਿਸ਼ੇਸ਼ ਕਾਨੂੰਨ ਲਾਗੂ ਨਹੀਂ ਕੀਤਾ ਗਿਆ।
ਸੁਮੀਤ ਸਿੰਘ ਨੇ ਦਸਿਆ ਕਿ ਤਰਕਸ਼ੀਲ ਸੁਸਾਇਟੀ ਵਲੋਂ ਪੰਜਾਬ ਦੇ 117 ਵਿਧਾਇਕਾਂ ਨੂੰ ਇਸ ਬਿੱਲ ਦੇ ਖਰੜੇ ਦੀ ਕਾਪੀ ਦੇ ਕੇ ਇਸ ਨੂੰ ਵਿਧਾਨ ਸਭਾ ਵਿਚ ਜਲਦੀ ਤੋਂ ਜਲਦੀ ਪਾਸ ਕਰਾਉਣ ਦੀ ਮੰਗ ਕੀਤੀ ਗਈ ਹੈ। ਤਰਕਸ਼ੀਲ ਆਗੂਆਂ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਰਾਜਨੀਤੀ ਤੋਂ ਉਪਰ ਉਠ ਕੇ ਇਸ ਬਿੱਲ ਨੂੰ ਪਾਸ ਕਰਾਉਣ ਲਈ ਆਪਣਾ ਸਮਰਥਨ ਦੇਣ। ਇਸ ਮੌਕੇ ਬਲਦੇਵ ਰਾਜ ਵੇਰਕਾ, ਰਾਜ ਕੁਮਾਰ ਵੇਰਕਾ, ਕਾਮਰੇਡ ਅਜੀਤ ਸਿੰਘ, ਨਾਗਰ ਮੱਲ, ਸੁਖਬੀਰ ਸਿੰਘ, ਮੇਜਰ ਸਿੰਘ ਅਤੇ ਬਲਦੇਵ ਸਿੰਘ ਵੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply