ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਨੁਮਾਇੰਦੇ ਚੁਣਨ ਦਾ ਅਧਿਕਾਰ ਕੇਵਲ ਸਿੱਖਾਂ ਪਾਸ ਹੀ ਸੁਰੱਖਿਅਤ ਰਹਿਣਾ ਚਾਹੀਦਾ ਹੈ। ਸਿੱਖ ਰਹਿਤ ਮਰਯਾਦਾ ਅਨੁਸਾਰ ਜੇਕਰ ਕੋਈ ਸਿੱਖ ਕੇਸ ਕਤਲ ਕਰਵਾ ਦੇਵੇ ਤਾਂ ਉਹ ਪਤਿਤ ਅਖਵਾਉਂਦਾ ਹੈ, ਸਹਿਜਧਾਰੀ ਨਹੀਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੀਤਾ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਕੀਤੇ ਗਏ ਇੱਕ ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਨੂੰ ਪ੍ਰਵਾਨਗੀ ਦੇਣ ਦਾ ਫੈਸਲਾ ਸ਼ਲਾਘਾਯੋਗ ਹੈ, ਜਿਸ ਨਾਲ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਹਾਊਸ ਦਾ ਮਸਲਾ ਹੱਲ ਹੋਣ ਵੱਲ ਵਧੇਗਾ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਯਾਦਾ ਦੀ ਰੌਸ਼ਨੀ ਵਿਚ ਸਿੱਖੀ ਜੀਵਨ ਹੀ ਸਿੱਖ ਦੀ ਅਸਲ ਪਛਾਣ ਹੈ, ਇਸ ਲਈ ਪਤਿਤ ਨੂੰ ਸਿੱਖ ਕੌਮ ਦੇ ਨੁਮਾਇੰਦਿਆਂ ਦੀ ਚੋਣ ਕਰਨ ਦਾ ਹੱਕਦਾਰ ਬਣਾਉਣਾ ਦਰੁਸਤ ਨਹੀਂ ਹੋ ਸਕਦਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਸੰਜੀਦਾ ਮਸਲੇ ‘ਤੇ ਸਮੇਂ-ਸਮੇਂ ਕੇਂਦਰੀ ਨੇਤਾਵਾਂ ਪਾਸ ਮੰਗ ਰੱਖੀ, ਜਿਸ ਦੀ ਬਦੌਲਤ ਕੇਂਦਰੀ ਵਜਾਰਤ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਨੂੰ ਸੰਸਦ ਵਿੱਚ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਅੱਗੇ ਕਿਹਾ ਕਿ ਸਿੱਖਾਂ ਦੀ ਵੱਖਰੀ ਪਛਾਣ ਨੂੰ ਖੋਰਾ ਲਾ ਰਹੀ ਧਾਰਾ 25 ਵਿਚ ਸੋਧ ਕਰ ਕੇ ਸਿੱਖਾਂ ਦੀ ਵੱਖਰੀ ਹਸਤੀ ਨੂੰ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਸਬੰਧੀ ਵੀ ਕੇਂਦਰ ਸਰਕਾਰ ਜਲਦੀ ਹੀ ਸੰਜੀਦਾ ਯਤਨ ਕਰੇਗੀ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media