Monday, March 16, 2026

ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨ ਜੁੜਨਗੇ ਵਾਤਾਵਰਨ ਸੰਭਾਲ ਮੁਹਿੰਮ ਨਾਲ – ਡੀ.ਸੀ

PPN1603201614

ਫਾਜ਼ਿਲਕਾ, 16 ਮਾਰਚ (ਵਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੇ ਨੌਜਵਾਨਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਵਿਚ ਵਾਤਾਵਰਨ ਸੰਭਾਲ ਮੁਹਿੰਮ ਦਾ ਹਿੱਸਾ ਬਣਨ ਦਾ ਅਹਿਦ ਲਿਆ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨਾਲ ਬੈਠਕ ਦੌਰਾਨ ਜ਼ਿਲ੍ਹੇ ਦੀਆਂ ਯੂਥ ਕਲੱਬਾਂ ਦੇ ਮੈਂਬਰਾਂ ਨੇ ਅਪ੍ਰੈਲ ਮਹੀਨੇ ਦੌਰਾਨ ਇਹ ਮੁਹਿੰਮ ਆਰੰਭ ਕਰਨ ਦਾ ਫੈਸਲਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਦੇ ਹੱਲ ਕਰਨ ਨੂੰ ਵਿਸੇਸ਼ ਤਰਜੀਹ ਦਿੱਤੀ ਜਾਵੇਗੀ।
ਇਸ ਬੈਠਕ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਨੌਜਵਾਨਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜੇ ਮੁੱਦਿਆਂ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਦੀ ਭਾਗੀਦਾਰੀ ਨਾਲ ਵਾਤਾਵਰਨ ਸੰਭਾਲ ਲਈ ਸਾਰਥਕ ਮੁਹਿੰਮ ਆਰੰਭ ਕਰਨ ਦਾ ਨਿਰਣਾ ਲਿਆ ਹੈ। ਇਸ ਮੁਹਿੰਮ ਤਹਿਤ ਅਪ੍ਰੈਲ ਮਹੀਨੇ ਦੌਰਾਨ ਪਿੰਡਾਂ ਵਿਚ ਯੂਥ ਕਲੱਬਾਂ ਅਤੇ ਹੋਰ ਨੌਜਵਾਨਾਂ ਦੇ ਸੰਗਠਨਾਂ ਵੱਲੋਂ ਚੌਗਿਰਦੇ ਨੂੰ ਹਰਾ ਭਰਾ ਰੱਖਣ ਲਈ ਪੌਦੇ ਲਗਾਏ ਜਾਣਗੇ ਅਤੇ ਇਸ ਤੋਂ ਬਿਨ੍ਹਾਂ ਪਰਾਲੀ ਸਾੜਨ ਦੇ ਰੁਝਾਨ ਨੂੰ ਘੱਟ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਵੀ ਅਭਿਆਨ ਆਰੰਭ ਕਰਨ ਦਾ ਨਿਰਣਾ ਕੀਤਾ। ਉਨ੍ਹਾਂ ਦੱਸਿਆ ਕਿ ਨੌਜਵਾਨ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਵਾਤਾਵਰਨ ਨੂੰ ਹੁੰਦੇ ਨੁਕਸਾਨ ਦੇ ਨਾਲ ਨਾਲ ਇਸ ਕਾਰਨ ਕਿਸਾਨ ਦੇ ਖੇਤਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪੈਂਦੇ ਮਾਰੁੂ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਉਣਗੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਸ਼ਕਤੀ ਦਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿਚ ਸਹਿਯੋਗ ਲਿਆ ਜਾਵੇਗਾ।
ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਨੌਜਵਾਨ ਸੰਗਠਨਾਂ ਦੇ ਨੁੰਮਾਇੰਦਿਆਂ ਦੇ ਵਿਚਾਰ ਸੁਣਦਿਆਂ ਕਿਹਾ ਕਿ ਨੌਜਵਾਨਾਂ ਨੂੰ ਸਵੱਛ ਭਾਰਤ ਅਭਿਆਨ, ਬੇਟੀ ਬਚਾਓ ਬੇਟੀ ਪੜਾਓ ਅਭਿਆਨ ਜਿਹੀਆਂ ਸਮਾਜਿਕ ਮੁਹਿੰਮਾਂ ਵਿਚ ਵੀ ਯੋਗਦਾਨ ਦੇਣਾ ਚਾਹੀਦਾ ਹੈ। ਇਸੇ ਹੀ ਤਰਾਂ ਜ਼ਿਲ੍ਹੇ ਨੂੰ ਖੁੱਲੇ ਵਿਚ ਸੌਚ ਤੋਂ ਮੁਕਤ ਕਰਨ ਲਈ ਵੀ ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਵਿਚ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਖੁਲੇ ਵਿਚ ਪਖਾਨੇ ਲਈ ਨਾ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਪਿੰਡਾਂ ਵੱਲੋਂ ਅਜਿਹੇ ਉਪਰਾਲਿਆਂ ਵਿਚ ਵਿਸੇਸ਼ ਪ੍ਰਾਪਤੀਆਂ ਕੀਤੀਆਂ ਜਾਣਗੀਆਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਲਈ ਹੁਨਰ ਸਿਖਲਾਈ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨੌਜਵਾਨਾਂ ਦੀ ਹੁਨਰ ਸਿਖਲਾਈ ਤੇ ਵਿਸੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਜਲਾਲਾਬਾਦ ਵਿਖੇ ਮੈਰਾਥਨ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਮੈਰਾਥਨ ਵਿਚ ਭਾਗ ਲੈਣ ਦਾ ਸੱਦਾ ਵੀ ਦਿੱਤਾ। ਬੈਠਕ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਸ: ਬਲਵੰਤ ਸਿੰਘ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ: ਰਘੁਵੀਰ ਸਿੰਘ ਮਾਨ, ਯੂਥ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸ: ਸਤਿੰਦਰ ਸਿੰਘ ਸਵੀ ਕਾਠਪਾਲ, ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ: ਲਖਵਿੰਦਰ ਸਿੰਘ ਰੋਹੀਵਾਲਾ, ਸ: ਹਰਵਿੰਦਰ ਸਿੰਘ ਹੈਰੀ, ਸ: ਨਰਿੰਦਰ ਸਿੰਘ ਸਵਾਨ ਜ਼ਿਲ੍ਹਾ ਪ੍ਰਧਾਨ ਸੋਈ, ਸ: ਹਰਮਨਦੀਪ ਸਿੰਘ ਚੀਮਨੇਵਾਲਾ, ਸ: ਮੁਖਪਾਲ ਦੀਪ ਸਿੰਘ ਆਦਿ ਵੀ ਹਾਜਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply