
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ ਸੱਗੂ) – ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸ੍ਰੀ ਔਜਲਾ ਨੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਾਰ ਮੈਮੋਰੀਅਲ, ਰਾਮਤੀਰਥ, ਦੁਰਗਿਆਨਾ ਮੰਦਿਰ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸਰਕਟ ਹਾਊਸ, ਸਵਾਗਤੀ ਗੇਟ, ਟਾਊਨ ਹਾਲ, ਗੋਲਡਨ ਟੈਂਪਲ ਪਲਾਜ਼ਾ, ਸਾਲਿਡ ਵੇਸਟ ਮੈਨੇਜਮੈਂਟ, ਵੱਖ-ਵੱਖ ਕੌਰੀਡੋਰਾਂ, ਸੁੰਦਰੀਕਰਨ, ਬੀ. ਆਰ. ਟੀ. ਐਸ ਅਤੇ ਹੋਰਨਾਂ ਵਿਕਾਸ ਪ੍ਰਾਜੈਕਟਾਂ ਦੇ ਹੁਣ ਤੱਕ ਹੋਏ ਅਤੇ ਹੋ ਚੁੱਕੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕਰਨ ਅਤੇ ਇਨ੍ਹਾਂ ‘ਤੇ ਲਗਾਤਾਰ ਨਜ਼ਰਸਾਨੀ ਕਰਨ।
ਸ੍ਰੀ ਔਜਲਾ ਨੇ ਸ਼ਹਿਰ ਵਿਚ ਬਣ ਰਹੀਆਂ ਚਾਰ ਤੇ ਛੇ ਮਾਰਗੀ ਸੜਕਾਂ, ਪੁਲਾਂ, ਸੀਵਰੇਜ, ਵਾਟਰ ਸਪਲਾਈ ਅਤੇ ਬਿਜਲੀ ਆਦਿ ਨਾਲ ਸਬੰਧਤ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਨਾਲ ਹੀ ਇਨ੍ਹਾਂ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਸ੍ਰੀ ਔਜਲਾ ਨੇ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਕੰਮ ਮੁਕੰਮਲ ਕਰ ਲਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਖ਼ਤਮ ਹੋਣ ਦੇ ਨਾਲ ਦੀ ਨਾਲ ਮਲਬਾ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਟਰੈਂਚਾਂ ਵਿਚ ਪਾਣੀ ਨਾ ਰੁਕੇ ਅਤੇ ਇਸ ਦੀ ਨਿਕਾਸੀ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਈ. ਸ੍ਰੀ ਪੀ. ਕੇ ਗੋਇਲ, ਐਕਸੀਅਨ ਸ੍ਰੀ ਜੇ. ਐਸ ਸੋਢੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media