Monday, March 16, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸੇ ਵੀ ਉਦਯੋਗਿਕ ਫ਼ਿਲਮ ਦੀ ਸ਼ੂਟਿੰਗ ਨਹੀਂਹੋਵੇਗੀ- ਜਥੇ: ਅਵਤਾਰ ਸਿੰਘ

PPN1803201624

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਗੁਰਦੁਆਰਾ ਐਕਟ ਸੋਧ ਬਿੱਲ ਨੂੰ ਪ੍ਰਵਾਨਗੀ ਦੇਣੀ ਸ਼ਲਾਘਾਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਸ ਫੈਸਲੇ ਨਾਲ ਸਿੱਖਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਕਾਰਜ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਿਰਤੋੜ ਕੋਸ਼ਿਸ਼ਾਂ ਸਦਕਾ ਸੰਭਵ ਹੋ ਸਕਿਆ ਹੈ।ਉਨ੍ਹਾਂ ਕਿਹਾ ਕਿ ਅਸੀਂ ਜਿਥੇ ਕੇਂਦਰ ਸਰਕਾਰ ਤੇ ਰਾਜ ਸਭਾ ਮੈਂਬਰਾਂ ਦੇ ਧੰਨਵਾਦੀ ਹਾਂ, ਉਥੇ ਅਕਾਲੀ ਦਲ ਵੱਲੋਂ ਨਿਭਾਈ ਸਾਰਥਿਕ ਭੂਮਿਕਾ ਦੀ ਵੀ ਸ਼ਲਾਘਾ ਕਰਦੇ ਹਾਂ।
ਸਿੱਖਾਂ ਤੇ ਬਣਦੇ ਚੁਟਕਲਿਆਂ ਦੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਕੌਮ ਸਮੁੱਚੀ ਮਨੁੱਖਤਾ ਦੀ ਭਲਾਈ ਵਾਸਤੇ ਸਦਾ ਯਤਨਸ਼ੀਲ ਰਹੀ ਹੈ, ਪਰ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕਾਂ ਵੱਲੋਂ ਸਿੱਖਾਂ ‘ਤੇ ਚੁਟਕਲੇ ਬਣਾ ਕੇ ਮਜ਼ਾਕ ਉਡਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਕੁਰਬਾਨੀਆਂ ਤੇ ਇਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਦਾ ਸ਼ਾਨਾਮੱਤਾ ਇਤਿਹਾਸ ਹੈ।ਉਨਾਂ੍ਹ ਕਿਹਾ ਕਿ ਜੋ ਲੋਕ ਸਿੱਖਾਂ ਵਿਰੁੱਧ ਚੁਟਕਲੇ ਬਣਾਉਂਦੇ ਹਨ ਉਹ ਸਿੱਖਾਂ ਵੱਲੋਂ ਦੇਸ਼ ਲਈ ਕੀਤੀਆਂ ਗਈਆਂ ਕੁਰਬਾਨੀਆਂ ਦੇ ਇਤਿਹਾਸ ਤੋਂ ਕੋਰੇ ਹਨ।ਉਨਾਂ੍ਹ ਕਿਹਾ ਕਿ ਇਸ ਕਰਕੇ ਹੀ ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ, ਜੋ ਮਾਣਯੋਗ ਅਦਾਲਤ ਨੇ ਸਵੀਕਾਰ ਕਰ ਲਈ ਹੈ।ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਆਸ ਹੈ ਕਿ ਮਾਨਯੋਗ ਅਦਾਲਤ ਇਸ ਮਾਮਲੇ ਤੇ ਸਿੱਖਾਂ ਦੇ ਹੱਕ ਵਿੱਚ ਫੈਸਲਾ ਦੇਵੇਗੀ। ਅੰਬਾਲੇ ਦੀ ਅਦਾਲਤ ਵੱਲੋਂ ਸਿੱਖ ਨੂੰ ਕਕਾਰ ਪਾਉਣ ਕਾਰਨ ਗਵਾਹੀ ਦੇਣ ਤੋਂ ਰੋਕੇ ਜਾਣ ਦੇ ਸਵਾਲ ਬਾਰੇ ਉਨ੍ਹਾਂ ਕਿਹਾ ਕਿ ਮਾਨਯੋਗ ਹਾਈ ਕੋਰਟ ਨੇ ਇਸ ਸਬੰਧੀ ਸ਼ਲਾਘਾਯੋਗ ਫੈਸਲਾ ਦਿੱਤਾ ਹੈ ਜਿਸ ਨਾਲ ਹੁਣ ਸਿੱਖ ਕਕਾਰ ਪਹਿਨ ਕੇ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋ ਸਕੇਗਾ।ਉਨ੍ਹਾਂ ਕਿਹਾ ਕਿ ਸਿੱਖ ਨੂੰ ਰੋਕਣ ਵਾਲੇ ਜੱਜ ਖਿਲਾਫ ਸੁਪਰੀਮ ਕੋਰਟ ਨੂੰ ਲਿਖਿਆ ਜਾਵੇਗਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਦਿਨੋਂ-ਦਿਨ ਵੱਧ ਰਹੀਆਂ ਘਟਨਾਵਾਂ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਸਮੂਹ ਪ੍ਰਬੰਧਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਗੁਰਦੁਆਰਾ ਸਾਹਿਬਾਨ ਵਿੱਚ 24 ਘੰਟੇ ਪਹਿਰੇਦਾਰੀ ਨੂੰ ਸੁਨਿਸ਼ਚਿਤ ਕਰਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਜਾਗਤ ਗੁਰੂ ਹਨ ਤੇ ਅਜਿਹੀਆਂ ਘਿਨੌਣੀਆਂ ਘਟਨਾਵਾਂ ਨਾਲ ਸਿੱਖ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਫਾਂਸੀ ਦਾ ਕਾਨੂੰਨ ਬਣਾਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫਿਲਮਾਂ ਦੀ ਸ਼ੂਟਿੰਗ ਬਾਰੇ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਿਰਫ ਤੇ ਸਿਰਫ ਡਾਕੂਮੈਂਟਰੀ ਤੇ ਨਿਰੋਲ ਧਾਰਮਿਕ ਫਿਲਮਾਂ ਨੂੰ ਹੀ ਮਾਨਤਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜਿਸ ਵੀ ਧਾਰਮਿਕ ਫਿਲਮ ਦੀ ਸਕ੍ਰਿਪਟ ਪਾਸ ਹੋਵੇਗੀ ਉਸ ਨੂੰ ਹੀ ਸ਼ੂਟਿੰਗ ਦੀ ਆਗਿਆ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦਾ ਪ੍ਰਸਾਰ ਹੁੰਦਾ ਹੈ ਉਥੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਫਿਲਮਾਂ ਨੂੰ ਕਿਸੇ ਵੀ ਕੀਮਤ ਤੇ ਆਗਿਆ ਨਹੀਂ ਦਿੱਤੀ ਜਾ ਸਕਦੀ।  ਇਸ ਮੌਕੇ ਸ. ਹਰਜਾਪ ਸਿੰਘ ਤੇ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼ੋ੍ਰਮਣੀ ਕਮੇਟੀ, ਦਿਲਜੀਤ ਸਿੰਘ ਬੇਦੀ, ਹਰਭਜਨ ਸਿੰਘ ਮਨਾਵਾਂ, ਬਲਵਿੰਦਰ ਸਿੰਘ ਜੌੜਾਸਿੰਘਾ, ਬਿਜੈ ਸਿੰਘ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸਤਿੰਦਰ ਸਿੰਘ ਨਿਜੀ ਸਹਾਇਕ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਤੇ ਗੁਰਵਿੰਦਰ ਸਿੰਘ ਨਿਜੀ ਸਹਾਇਕ ਆਦਿ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply