
ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ ਕਮ ਸਹਾਇਕ ਕਮਿਸ਼ਨਰ ਜਨਰਲ, ਡਾ. ਅਜੈ ਬੱਗਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਤਰਸੇਮ ਸਿੰਘ ਡੀ.ਐਚ.ਓ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਹਿੱਸਾ ਲਿਆ।
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵੱਖ ਵੱਖ ਬੀਮਾਰੀਆਂ ਨਾਲ ਸਬੰਧਤ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਸਕੀਮਾਂ ਦਾ ਲਾਭ ਦੇਣ ਲਈ ਦੂਰ ਦੁਰਾਡੇ ਦੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਭੱਠਿਆਂ ਅਤੇ ਮਾਈਨਿੰਗ ਲੇਬਰ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਛਾਤੀ ਦਾ ਰੋਗ (ਟੀ.ਬੀ. ਰੋਗ) ਦੇ ਚੈਕਅੱਪ ਕਰਨ ਲਈ ਜੀ.ਐਮ. ਮਾਈਨਿੰਗ ਦੇ ਸਹਿਯੋਗ ਨਾਲ ਹਰ ਰੋਜ਼ ਘੱਟੋ ਘੱਟ 10 ਮਜ਼ਦੂਰਾਂ ਦਾ ਸਿਵਲ ਹਸਪਤਾਲ ਵਿਖੇ ਚੈਂਕਅੱਪ ਕੀਤਾ ਜਾਵੇ ਅਤੇ ਲੋੜਵੰਦ ਮਰੀਜਾਂ ਦਾ ਇਲਾਜ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਬਾਲ ਸਵਸਥਤਾ ਸਕੀਮ ਤਹਿਤ ਸਕੂਲਾਂ ਵਿੱਚ ਪੜ੍ਹਦੇ ਬੱਚੇ ਜੋ ਦਿਲ ਦੀ ਬਿਮਾਰੀ ਨਾਲ ਪੀੜ੍ਹਤ ਹਨ, ਉਨ੍ਹਾਂ ਦਾ ਪੀ.ਜੀ.ਆਈ. ਚੰਡੀਗੜ੍ਹ ਤੋਂ ਮੁਫ਼ਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਇਸੇ ਹੀ ਸਕੀਮ ਤਹਿਤ ਘੱਟ ਸੁਣਨ ਵਾਲੇ ਬੱਚਿਆਂ ਨੂੰ 18000 ਰੁਪਏ ਦੀ ਕੀਮਤ ਦੀ ਮੁਫ਼ਤ ਸੁਣਨ ਵਾਲੀ ਮਸ਼ੀਨ ਸਿਹਤ ਵਿਭਾਗ ਵੱਲੋਂ ਲਗਾਈ ਜਾਂਦੀ ਹੈ।
ਡਾ. ਅਜੈ ਬੱਗਾ ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਜ਼ਿਲ੍ਹਾ ਪਠਾਨਕੋਟ ਵਿੱਚ ਕੋਰਨੀਆ ਬਿਮਾਰੀ ਨਾਲ ਪੀੜ੍ਹਤ (ਦੋਨਾਂ ਅੱਖਾਂ ਤੋਂ ਅੰਨੇ ਪਨ ਦੇ ਸ਼ਿਕਾਰ) ਮਰੀਜ਼ ਹੈ ਤਾਂ ਉਸ ਦਾ ਇਲਾਜ ਇੱਕ ਮਹੀਨੇ ਦੇ ਅੰਦਰ ਅੰਦਰ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਇਸ ਬਿਮਾਰੀ ਨਾਲ ਪੀੜ੍ਹਤ ਹੈ ਤਾਂ ਆਪਣੇ ਸਬੰਧਤ ਐਸ.ਐਮ.ਓ. ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੀ ਬਿਮਾਰੀ ਨਾਲ ਪੀੜ੍ਹਤ ਮਰੀਜ਼ਾਂ ਨੂੰ ਸਿਵਲ ਸਰਜਨ ਦੇ ਦਫ਼ਤਰ ਵਿੱਚ ਲਿਆਉਣ ਲਈ ਮਦਦ ਕਰਨ ਤਾਂ ਜੋ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਜਿਹੜੀ ਵੀ ਸੰਸਥਾ ਇਸ ਤਰ੍ਹਾਂ ਦੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿੱਚ ਲਿਆਉਣ ਵਿੱਚ ਮਦਦ ਕਰੇਗੀ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਨੇ ਆਪਣੇ ਵਿਭਾਗ ਵੱਲੋਂ ਕੀਤੀ ਗਈ ਪ੍ਰਗਤੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਜ਼ਿਲ੍ਹਾ ਮਾਲ ਅਧਿਕਾਰੀਆਂ, ਸੁਵਿਧਾ ਸੈਂਟਰ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਉਹ ਆਪਣੇ ਮਿਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ।
Punjab Post Daily Online Newspaper & Print Media