Monday, July 1, 2024

ਪੰਜਾਬ ਦੇਸ਼ ਵਿੱਚ ਵਧੀਆ ਬਿਜਲੀ ਸਪਲਾਈ ਦੇਣ ਵਾਲਾ ਸੂਬਾ ਬਣਿਆ – ਮਜੀਠੀਆ

PPN0404201617

ਮਜੀਠਾ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ‘ਪੰਜਾਬ ਸਰਕਾਰ ਵੱਲੋਂ ਸਾਲ 2007 ਤੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਅਤੇ ਬਿਜਲੀ ਸਪਲਾਈ ਵਿੱਚ ਸੁਧਾਰ ਲਿਆਉਣ ਨਾਲ ਅੱਜ ਪੰਜਾਬ ਦੇਸ਼ ਵਿੱਚ ਵਧੀਆ ਬਿਜਲੀ ਸਪਲਾਈ ਕਰਨ ਵਾਲਾ ਸੂਬਾ ਬਣ ਗਿਆ ਹੈ ਅਤੇ ਪੰਜਾਬ ਪਾਵਰ ਕਾਰਪੋਰੇਸ਼ਨ ਨੂੰ ਇਸ ਵਿੱਚ ਏ ਪਲੱਸ ਰੇਟਿੰਗ ਮਿਲੀ ਹੈ।’ ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪਿੰਡ ਜਲਾਲਪੁਰਾ ਵਿਖੇ 3.62 ਕਰੋੜ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ. ਗਰਿੱਡ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਕੀਤਾ।ਉਹਨਾਂ ਦਸਿਆ ਕਿ ਉਕਤ ਸਬ ਸਟੇਸ਼ਨ 31 ਅਗਸਤ ਤਕ ਆਪਣਾ ਕੰਮ ਸ਼ੁਰੂ ਕਰ ਦੇਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਜਿੱਥੇ ਸੂਬੇ ਵਿੱਚ 33 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਲੱਗੇ ਥਰਮਲ ਪਲਾਂਟਾਂ ਅਤੇ ਬਿਜਲੀ ਸਪਲਾਈ ਵਿੱਚ ਸੁਧਾਰ ‘ਤੇ ਖਰਚ ਕੀਤੇ ਗਏ ਕਰੀਬ 4400 ਕਰੋੜ ਰੁਪਏ ਦੇ ਨਿਵੇਸ਼ ਦਾ ਸਿੱਟਾ ਹੈ ਕਿ ਅੱਜ ਪੰਜਾਬ ਬਿਜਲੀ ਖੇਤਰ ਵਿੱਚ ਸਰਪਲੱਸ ਸੂਬਾ ਬਣਾਇਆ। ਇੰਨਾਂ ਨੇ ਕਰੀਬ 6 ਹਜ਼ਾਰ ਲੋਕਾਂ ਨੂੰ ਰੋਜ਼ਗਾਰ ਦਾ ਮੌਕਾ ਦਿੱਤਾ ਹੈ। ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਪਿੰਡਾਂ, ਸ਼ਹਿਰਾਂ ਅਤੇ ਡੇਰਿਆਂ ‘ਤੇ ਰਹਿਣ ਵਾਲੇ ਲੋਕਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੁੜ ਨਵਿਆਉਣ ਯੋਗ ਊਰਜਾ ਦੇ ਖੇਤਰ ਵਿੱਚ ਵੀ ਪੰਜਾਬ ਦੇਸ਼ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲਾ ਸੂਬਾ ਦੇਸ਼ ਭਰ ਵਿੱਚ ਬਣਿਆ ਹੈ ਅਤੇ ਪ੍ਰਧਾਨ ਮੰਤਰੀ ਨੇ ਇਸ ਲਈ ਸੂਬੇ ਨੂੰ ਐਵਾਰਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ 12 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ 9 ਮੈਗਾਵਾਟ ਤੋਂ 1500 ਮੈਗਾਵਾਟ ਬਿਜਲੀ ਉਤਪਾਦਨ ਵਿੱਚ ਵਾਧਾ ਹੋ ਰਿਹਾ ਹੈ ਅਤੇ ਇਸ ਖੇਤਰ ਵਿੱਚ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਟੋਲ ਫਰੀ ਨੰਬਰ 1912 ‘ਤੇ ਹੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਬਿਜਲੀ ਪੈਦਾ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਮਾਮਲੇ ਵਿੱਚ ਵੀ ਪੰਜਾਬ ਦੇਸ਼ ਦੀ ਅਗਵਾਈ ਕਰ ਰਿਹਾ ਹੈ ਅਤੇ 2007 ਤੋਂ ਲੈ ਕੇ ਹੁਣ ਤੱਕ ਲਗਭਗ 42 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਹੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਕਿਸਾਨਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਢਾਈ ਲੱਖ ਟਿਊਬਵੈੱਲ ਕੁਨੈਕਸ਼ਨ ਜਾਰੀ ਕੀਤੇ ਜਾ ਰਹੇ ਹਨ।
ਹਲਕਾ ਮਜੀਠਾ ਦੀ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਵਡਾਲਾ, ਨਾਗ ਕਲਾਂ, ਢੱਡੇ, ਮੱਤੇਵਾਲ ਵਿਖੇ ਨਵੇਂ ਗਰਿੱਡ ਕਾਇਮ ਕੀਤੇ ਜਾ ਚੁੱਕੇ ਹਨ ਅਤੇ ਮਜੀਠਾ, ਭੰਗਾਲੀ, ਕੱਥੂਨੰਗਲ, ਪਾਖਰਪੁਰਾ ਅਤੇ ਉਦੋਕੇ ਦੇ ਗਰਿੱਡਾਂ ਦੀ ਸਮਰੱਥਾ ਵਿੱਚ ਦੁੱਗਣੇ ਤੋਂ ਵੀ ਵੱਧ ਵਾਧਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਲਾਲਪੁਰਾ ਅਤੇ ਸੋਹੀਆਂ ਦੇ ਬਿਜਲੀ ਗਰਿੱਡ ਵੀ ਛੇਤੀ ਕੰਮ ਕਰਨਾ ਸ਼ੁਰੂ ਕਰ ਦੇਣਗੇ। ਸ ਮਜੀਠੀਆ ਨੇ ਦੱਸਿਆ ਕਿ ਇਕੱਲੇ ਮਜੀਠਾ ਹਲਕੇ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਲਈ ਲਾਈਨਾਂ ‘ਤੇ ਹੀ 17 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।ਇਸ ਮੌਕੇ ਸ: ਮਜੀਠੀਆ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 25 ਲੱਖ ਦੀ ਗਰਾਂਟ ਦਿੱਤੀ।
ਇਸ ਮੌਕੇ ਮੁੱਖ ਇੰਜੀ ਬਾਰਡਰ ਰੇਂਜ ਜੇ ਐਸ ਸੁੱਚੂ, ਮੁੱਖ ਇੰਜੀ ਸਿਕੰਦਰ ਸਿੰਘ, ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਜੋਧ ਸਿੰਘ ਸਮਰਾ, ਗਗਨਦੀਪ ਸਿੰਘ ਭਕਨਾ,ਸਰਬਜੀਤ ਸਿੰਘ ਸਪਾਰੀਵਿੰਡ, ਐਕਸੀਅਨ ਮਨਿੰਦਰ ਪਾਲ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਪ੍ਰੋ: ਸਰਚਾਂਦ ਸਿੰਘ, ਐਡਵੋਕੇਟ ਰਕੇਸ਼ ਪ੍ਰਾਸ਼ਰ, ਰਵੀ ਸਿੱਧੂ, ਬੱਬੀ ਭੰਗਵਾਂ, ਸਰਪੰਚ ਇੰਦਰਜੀਤ ਸਿੰਘ, ਸਾਬਕਾ ਚੇਅਰਮੈਨ ਅਵਤਾਰ ਸਿੰਘ, ਬਲਵਿੰਦਰ ਸਿੰਘ ਸ਼ਾਹ, ਗੁਰਦਿਆਲ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply