ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਈਕਰੋਬਾਇਓਲੋਜੀ ਵਿਭਾਗ ਵੱਲੋਂ ਸੰਵਾਦਾਤਮਕ ਇਕੱਤਰਤਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬਲੂਸਕੋਪ ਸਟੀਲ, ਆਸਟਰੇਲੀਆ ਦੇ ਐਚ.ਆਰ. ਮੈਨੇਜਰ ਅਤੇ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ, ਸ੍ਰੀ ਸਨਮ ਸ਼ਰਮਾ ਨੇ ‘ਯਾਤਰਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਆਸਟਰੇਲੀਆ’ ਵਿਸ਼ੇ ‘ਤੇ ਭਾਸ਼ਣ ਦਿੱਤਾ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਅਲੂਮਿਨੀ ਐਸੋਸੀਏਸ਼ਨ ਦੇ ਡੀਨ, ਪ੍ਰੋ. ਸੁਬੋਧ ਕੁਮਾਰ ਇਸ ਮੌਕੇ ਮੁੱਖ ਮਹਿਮਾਨ ਸਨ। ਵਿਭਾਗ ਦੇ ਮੁਖੀ, ਡਾ. ਡੀ.ਐਸ. ਅਰੋੜਾ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਬੀ.ਐਸ. ਚੱਢਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਸ੍ਰੀ ਸਨਮ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੇ ਭਾਸ਼ਣ ਵਿਚ ਜੀਵਨ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਅੱਗੇ ਵਧਣ ਲਈ ਬਹੁਤ ਮਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਅੱਗੇ ਵਧਣਾ ਹੀ ਜ਼ਿੰਦਗੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਪ੍ਰੋਤਸਾਹਿਤ ਕੀਤਾ ਅਤੇ ਸਾਕਾਰਤਮਕ ਸੋਚ ਰੱਖਣ ਦੀ ਪੇ੍ਰਰਨਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹਵਧੂ ਸੋਚ ਰੱਖਣ ਅਤੇ ਸਮੇਂ ਦੀ ਲੋੜ ਅਨੁਸਾਰ ਆਪਣੇ ਆਪ ਦੇ ਹੁਨਰ ਨੂੰ ਨਿਖਾਰਨ ਲਈ ਕਿਹਾ।
ਪ੍ਰੋ. ਸੁਬੋਧ ਕੁਮਾਰ ਨੇ ਕਿਹਾ ਕਿ ਕਿਸੇ ਵੀ ਸੰਸਥਾਨ ਦੀ ਉਨਤੀ ਅਤੇ ਸਾਖ ਵਿਚ ਐਲੂਮਨੀ ਦੀ ਬਹੁਤ ਮਹੱਤਤਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਉਪਰ ਰਜਿਸਟਰਡ ਹੋਣਾ ਚਾਹੀਦਾ ਹੈ। ਇਸ ਮੌਕੇ ਕੁੱਝ ਸਥਾਨਕ ਪੁਰਾਣੇ ਵਿਦਿਆਰਥੀ ਡਾ. ਮੁਕੇਸ਼ ਸ਼ਰਮਾ, ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media