ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਕੀਮ ਨੂੰ ਜ਼ਿਲ੍ਹੇ ਵਿਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਸ੍ਰੀ ਰੂਜਮ ਨੇ ਦੱਸਿਆਂ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨੀਲੇ ਕਾਰਡ ਧਾਰਕ ਗਰੀਬ ਲੋਕਾਂ ਨੂੰ ਸਰਕਾਰੀ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾਉਣ ਦੀ ਮੁਫਤ ਸਹੂਲਤ ਦਿੱਤੀ ਗਈ ਹੈ ਤਾਂ ਜੋ ਇਨ੍ਹਾਂ ਨੂੰ ਆਪਣਾ ਇਲਾਜ ਕਰਵਾਉਣ ਸਮੇਂ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਅੱਗੇ ਦੱਸਿਆਂ ਕਿ ਇਹ ਯੋਜਨਾ ਗਰੀਬਾਂ ਦੀ ਭਲਾਈ ਲਈ ਬਣੀ ਹੈ ਅਤੇ ਇਸ ਨੂੰ ਜ਼ਿਲ੍ਹੇ ਵਿਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂਂ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਂਇਸ ਯੋਜਨਾ ਤਹਿਤ ਪਰਿਵਾਰ ਦੇ ਮੁਖੀ ਤੋਂ ਇਲਾਵਾ ਪਰਿਵਾਰ ਦੇ ਚਾਰ ਮੈਂਬਰ ਸਰਕਾਰੀ ਅਤੇ ਕੁਝ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਸਾਲਾਨਾ 50 ਹਜ਼ਾਰ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਕੋਈ ਨਕਦ ਰਕਮ ਦਾ ਭੁਗਤਾਨ ਹਸਪਤਾਲ ਨੂੰ ਨਹੀਂ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦੀ ਹਾਦਸੇ ਵਿਚ ਮੌਤ ਜਾਂ ਪੂਰਨ ਅਪੰਗਤਾ ਹੋਣ ‘ਤੇ 5 ਲੱਖ ਰੁਪਏ ਦੇ ਬੀਮੇ ਦਾ ਵੀ ਪ੍ਰਾਵਧਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕਾਂ ਤੋਂ ਇਲਾਵਾ ਹੁਣ ਕਿਸਾਨਾਂ ਅਤੇ ਖੇਤੀ ਮਜ਼ਦੂਰ ਪਰਿਵਾਰਾਂ ਨੂੰ ਵੀ ਇਸ ਸਕੀਮ ਦੇ ਘੇਰੇ ਵਿਚ ਲਿਆਂਦਾ ਗਿਆ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪ੍ਰਭਦੀਪ ਕੌਰ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਡੇਢ ਲੱਖ ਦੇ ਕਰੀਬ ਕਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚੋਂ 80 ਫੀਸਦੀ ਦੇ ਕਰੀਬ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਟੋਲ ਫਰੀ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਆਈ. ਏ. ਐਸ ਡਾ. ਪ੍ਰੀਤੀ ਯਾਦਵ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਆਰ. ਕੇ ਪੋਪਲੀ, ਐਸ. ਡੀ. ਐਮ ਅਜਨਾਲਾ ਡਾ. ਅਨੁਪ੍ਰੀਤ ਕੌਰ ਅਤੇ ਹੋਰਨਾਂ ਅਧਿਕਾਰੀਆਂ ਨੇ ਭਾਗ ਲਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media