Thursday, March 19, 2026

ਵਰਦਾਨ ਸਿੱਧ ਹੋ ਰਿਹੈ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਤੇ ਇਲਾਜ ਕੇਂਦਰ – ਡੀ. ਸੀ

PPN1204201614

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਸਥਾਪਿਤ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਤੇ ਇਲਾਜ ਕੇਂਦਰ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ, ਜਿਸ ਵਿਚੋਂ ਹਜ਼ਾਰਾਂ ਨੌਜਵਾਨ ਨਸ਼ਿਆਂ ਤੋਂ ਛੁਟਕਾਰਾ ਪਾ ਕੇ ਸੁਖੀ ਜ਼ਿੰਦਗੀ ਬਸਰ ਕਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਪਿਛਲੇ ਤਿੰਨ ਸਾਲਾਂ ਦੌਰਾਨ ਇਥੇ 45,000 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਕੇਂਦਰ ਵਿਚ ਮਰੀਜ਼ਾਂ ਦਾ ਚੈਕਅੱਪ, ਕਾਊਂਸਲਿੰਗ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਆਰਥਿਕ ਤੌਰ ‘ਤੇ ਕਮਜ਼ੋਰ ਮਰੀਜ਼ਾਂ ਨੂੰ ਖਾਣਾ ਵੀ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 50 ਬਿਸਤਰਿਆਂ ਵਾਲੇ ਇਸ ਕੇਂਦਰ ਵਿਚ 17 ਮਾਹਿਰ ਡਾਕਟਰਾਂ ਦੀ ਟੀਮ ਅਤੇ ਹੋਰ ਸਟਾਫ ਵੱਲੋਂ ਮਰੀਜ਼ਾਂ ਦਾ ਇਲਾਜ ਪੂਰੇ ਮਨੋਵਿਗਿਆਨਕ ਢੰਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ‘ਨੈਕੋ’ ਤਹਿਤ ਚਲਾਏ ਜਾ ਰਹੇ ‘ਸੀ. ਐਸ. ਸੀ’ ਵਿਚ ਵੀ ਮਰੀਜ਼ਾਂ ਦਾ ਸੰਪੂਰਨ ਇਲਾਜ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਜਿਥੇ ਵੱਡੀ ਪੱਧਰ ‘ਤੇ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ ਉਥੇ ਮੁੜ ਵਸੇਬਾ ਕੇਂਦਰ ਵੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਇਨ੍ਹਾਂ ਲਈ ਸਰਕਾਰ ਕੋਲ ਪੈਸੇ, ਬੁਨਿਆਦੀ ਢਾਂਚੇ ਅਤੇ ਸਟਾਫ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਨਸ਼ੇ ਜਿਥੇ ਮਨੁੱਖੀ ਸਿਹਤ ‘ਤੇ ਮਾੜਾ ਅਸਰ ਪਾਉਂਦੇ ਹਨ, ਉਥੇ ਘਰਾਂ ਦੀ ਬਰਬਾਦੀ ਦਾ ਕਾਰਨ ਵੀ ਬਣਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਿਵਲ ਪ੍ਰਸ਼ਾਸਨ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਗਠਨਾਂ ਵੱਲੋਂ ਵੀ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਲਈ ਵੀ ਲੋਕਾਂ ਨੂੰ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਮਨੁੱਖਤਾ ਦੇ ਇਨ੍ਹਾਂ ਦੁਸ਼ਮਣਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply