
ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੁਖ ਦਫਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਰੈਫਰੈਂਸ ਲਾਇਬਰੇਰੀ ਵਿੱਚੋਂ ਸਿੱਖ ਸਾਹਿਤ ਤੇ ਹੋਰ ਸਮਾਨ ਜੋ 1984 ਵਿਚ ਭਾਰਤੀ ਫੌਜ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ, ਉਹ ਅਜੇ ਤਕ ਸ਼੍ਰੋਮਣੀ ਕਮੇਟੀ ਨੂੰ ਵਾਪਿਸ ਨਹੀਂ ਮਿਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਮੰਗ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇ ਸਾਬਕਾ ਮੁਖੀ ਸ. ਜੇ.ਜੇ. ਸਿੰਘ ਵੱਲੋਂ ਲਾਇਬਰੇਰੀ ਦਾ ਸਮਾਨ ਵਾਪਸ ਕਰ ਦਿੱਤੇ ਜਾਣ ਸਬੰਧੀ ਦਿੱਤੇ ਗਏ ਬਿਆਨ ਵਿਚ ਕੋਈ ਸੱਚਾਈ ਨਹੀਂ ਹੈ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੇਵਲ 75 ਪੁਸਤਕਾਂ ਵਾਪਿਸ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਵੇਰਵਾ ਸ਼੍ਰੋਮਣੀ ਕਮੇਟੀ ਕੋਲ ਮੌਜੂਦ ਹੈ ਪਰ ਵੱਡੀ ਗਿਣਤੀ ਵਿਚ ਦੁਰਲੱਭ ਇਤਿਹਾਸਿਕ ਗ੍ਰੰਥ ਤੇ ਪੁਸਤਕਾਂ ਦੀ ਵਾਪਸੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਰੈਫਰੈਂਸ ਲਾਇਬਰੇਰੀ ਦਾ ਆਪਣਾ ਇੱਕ ਇਤਿਹਾਸ ਹੈ ਅਤੇ 1984 ਦੌਰਾਨ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਵੱਲੋਂ ਜਾਣ-ਬੁੱਝ ਕੇ ਸੋਚੀ ਸਮਝੀ ਚਾਲ ਤਹਿਤ ਹੀ ਇਸ ਨੂੰ ਨਸ਼ਟ ਕਰਨ ਦੀ ਯੋਜਨਾ ਨੂੰ ਅੰਜਾਮ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਸਾਬਕਾ ਫੌਜ ਮੁਖੀ ਦੇ ਕਹਿਣ ਅਨੁਸਾਰ ਭਾਰਤੀ ਫੌਜ ਨੇ ਲਾਇਬਰੇਰੀ ਦਾ ਸਾਰਾ ਖਜ਼ਾਨਾ ਕੇਂਦਰ ਸਰਕਾਰ ਨੂੰ ਦੇ ਦਿੱਤਾ ਸੀ, ਪਰ ਸਵਾਲ ਪੈਦਾ ਹੁੰਦਾ ਹੈ ਕਿ ਉਹ ਕਿਥੇ ਚਲਾ ਗਿਆ, ਜਦਕਿ ਸ਼੍ਰੋਮਣੀ ਕਮੇਟੀ ਪਾਸ ਤਾਂ ਇਹ ਪੁੱਜਾ ਹੀ ਨਹੀਂ ਹੈ।ਉਨ੍ਹਾਂ ਕਿਹਾ ਕਿ ਲਾਇਬਰੇਰੀ ਨਾਲ ਸਬੰਧਤ ਸਿੱਖਾਂ ਦਾ ਕੀਮਤੀ ਸਮਾਨ ਬਾਰੇ ਪਤਾ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਨੀ ਚਾਹੀਦੀ ਹੈ।
ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਛਾਪਣ ਸਬੰਧੀ ਪਾਕਿ ਔਕਾਫ ਬੋਰਡ ਵੱਲੋਂ ਦਿੱਤੇ ਬਿਆਨ ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਛਾਪਣ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ ਅਤੇ ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਦੀ ਛਪਾਈ ਪੂਰਨ ਮਰਯਾਦਾ ਨਾਲ ਕਰ ਕੇ ਦੇਸ਼-ਵਿਦੇਸ਼ ਵਿਚ ਭੇਜੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਵਿਖੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਦੀ ਲੋੜ ਹੈ ਤਾਂ ਸ਼੍ਰੋਮਣੀ ਕਮੇਟੀ ਭੇਜਣ ਦਾ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੇਸਾਂ ਤੋਂ ਵਿਹੂਣੇ ਪਤਿਤ ਸਿੱਖਾਂ ਨੂੰ ਵੋਟ ਪਾਉਣ ਦੇ ਅਧਿਕਾਰ ਸਬੰਧੀ ਲੋਕ ਸਭਾ ਵਿਚ ਮੁੱਦਾ ਉਠਾਉਣ ਦੀ ਗੱਲ ਕਰਨੀ ਬੇਤੁਕੀ ਹੈ।ਅਜਿਹੇ ਲੋਕਾਂ ਨੂੰ ਸਿੱਖ ਪਛਾਣ ਵਿਚ ਮਿਲਗੋਭਾ ਪੈਦਾ ਕਰਨ ਤੋਂ ਬਾਜ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਵਿਚ ਵੋਟ ਪਾਉਣ ਲਈ ਰੁਚੀ ਰੱਖਣ ਵਾਲਿਆਂ ਨੂੰ ਪਤਿਤਪੁਣਾ ਤਿਆਗ ਕੇ ਕੇਸਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਾਬਤ ਸੂਰਤ ਸਰੂਪ ਵਿਚ ਵਾਪਿਸ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜਿਸ ਨੇ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਸਰਹਿੰਦ ਦੀ ਇੱਟ ਨਾਲ ਇੱਟ ਵਜਾ ਕੇ ਲਿਆ ਸੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਮਨਾਉਣ ਵੱਡੇ ਪੱਧਰ ‘ਤੇ ਮਨਾਉਣ ਲਈ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ 21 ਤੋਂ 29 ਮਈ ਤੱਕ ਇੱਕ ਸ਼ਹੀਦੀ ਮਾਰਚ (ਨਗਰ ਕੀਰਤਨ) ਗੁਰਦੁਆਰਾ ਗੜ੍ਹੀ ਗੁਰਦਾਸ ਨੰਗਲ ਤੋਂ ਮਹਿਰੋਲੀ (ਦਿੱਲੀ) ਤੱਕ ਸਜਾਇਆ ਜਾਵੇਗਾ।ਇਸ ਸ਼ਹੀਦੀ ਮਾਰਚ ਦਾ ਰੂਟ ਗੁਰਦਾਸ ਨੰਗਲ ਤੋਂ ਰਮਾਦਾਸ, ਬੀੜ ਬਾਬਾ ਬੁੱਢਾ ਸਾਹਿਬ ਠੱਠਾ, ਸੁਲਤਾਨਪੁਰ ਲੋਧੀ (ਕਪੂਰਥਲਾ), ਮੌ ਸਾਹਿਬ (ਜਲੰਧਰ), ਸ੍ਰੀ ਫਤਹਿਗੜ੍ਹ ਸਾਹਿਬ (ਸਰਹੰਦ), ਅੰਬਾਲਾ (ਹਰਿਆਣਾ), ਕਰਨਾਲ ਤੋਂ ਹੁੰਦਾ ਹੋਇਆ ਮਜਨੂ ਕਾ ਟਿੱਲਾ ਪਹੁੰਚੇਗਾ, ਜਿਥੋਂ 29 ਮਈ ਨੂੰ ਮਹਿਰੋਲੀ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।ਇਸੇ ਤਰ੍ਹਾਂ ਹਰਿਆਣਾ ਵਿਖੇ ਇੱਕ ਨਗਰ ਕੀਰਤਨ 30 ਅਪ੍ਰੈਲ ਨੂੰ ਕਿਲ੍ਹਾ ਲੋਹਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਸੋਢਲ ਵਿਖੇ ਵਿਸ਼ਰਾਮ ਕਰੇਗਾ ਅਤੇ 1 ਮਈ ਨੂੰ ਸੋਢਲ ਤੋਂ ਚੱਲ ਕੇ ਸਢੌਰਾ ਹੁੰਦਾ ਹੋਇਆ ਕਪਾਲ ਮੋਚਨ ਵਿਖੇ ਸਮਾਪਤ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਵੱਖ-ਵੱਖ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਕੁਝ ਧਿਰਾਂ ਵੱਲੋਂ 10 ਨਵੰਬਰ ਨੂੰ ਬੁਲਾਏ ਗਏ ਇਕੱਠ ਨੂੰ ਸਰਬੱਤ ਖਾਲਸਾ ਦਾ ਨਾਂ ਵਰਤਣ ਤੋਂ ਗੁਰੇਜ ਕਰਨ ਲਈ ਕਹਿੰਦਿਆਂ ਸਰਬੱਤ ਖਾਲਸਾ ਬੁਲਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਧਿਕਾਰਤ ਦੱਸਿਆ। ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿਗ ਮੈਂਬਰ, ਭਾਈ ਰਾਮ ਸਿੰਘ ਮੈਂਬਰ, ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਐਡੀ. ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸ. ਜਗਜੀਤ ਸਿੰਘ ਮੀਤ ਸਕੱਤਰ ਆਦਿ ਹਾਜ਼ਰ ਸਨ।
Punjab Post Daily Online Newspaper & Print Media