Friday, July 5, 2024

ਅਵਿਨਾਸ਼ ਰਾਏ ਖੰਨਾ ਨੇ ਰੈੱਡ ਕਰਾਸ ਸੁਸਾਇਟੀ ਦੇ ਕੰਮਕਾਜ਼ ਦੀ ਕੀਤੀ ਸਮੀਖਿਆ

PPN1804201622ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਉੱਪ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੇ ਕੰਮਕਾਜ਼ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ, ਰੈੱਡ ਕਰਾਸ ਸੁਸਾਇਟੀ ਦੀ ਸਕੱਤਰ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਠਾਕੁਰ ਰਣਧੀਰ ਸਿੰਘ, ਸੁਪਰਡੈਂਟ ਸ੍ਰੀ ਦਵਿੰਦਰ ਸ਼ਰਮਾ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀ ਦੇ ਪੈਟਰਨ ਅਤੇ ਮੈਂਬਰ ਹਾਜ਼ਰ ਸਨ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਰੈੱਡ ਕਰਾਸ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੀ ਸੰਸਥਾ ਹੈ ਜੋ ਲੋੜਵੰਦ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਬਣਾਈ ਗਈ ਹੈ। ਉਨ੍ਹਾਂ ਸੁਸਾਇਟੀ ਦੀ ਸਥਾਈ ਮੈਂਬਰਸ਼ਿਪ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸੁਸਾਇਟੀ ਦੀ ਆਮਦਨ ਵਧੇਗੀ ਜਿਸ ਨਾਲ ਵੱਧ ਤੋਂ ਵੱਧ ਗ਼ਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰੈੱਡ ਕਰਾਸ ਦੇ ਸਥਾਈ ਮੈਂਬਰਾਂ ਨਾਲ ਸਾਲ ਵਿਚ ਘੱਟੋ-ਘੱਟ ਇਕ ਮੀਟਿੰਗ ਜ਼ਰੂਰ ਕੀਤੀ ਜਾਵੇ।
ਸ੍ਰੀ ਖੰਨਾ ਨੇ ਕਿਹਾ ਕਿ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਨਾਲ ਰਾਬਤਾ ਕਾਇਮ ਕਰਕੇ ਡਾਇਲਸਿਜ਼ ਦੇ ਰੇਟ ਨਿਰਧਾਰਤ ਕੀਤੇ ਜਾਣ ਤਾਂ ਜੋ ਉਥੋਂ ਰੈੱਡ ਕਰਾਸ ਜ਼ਰੀਏ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਡਾਇਲਸਿਜ਼ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਵੱਲੋਂ ਕੀਤੇ ਜਾ ਰਹੇ ਵਿਲੱਖਣ ਕਾਰਜਾਂ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਹਦਾਇਤ ਕੀਤੀ ਕਿ ਇਨ੍ਹਾਂ ਨੂੰ ਵਿਸ਼ਵ ਪੱਧਰ ‘ਤੇ ਦਰਸਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਵੈੱਬਸਾਈਟ ਸ਼ੁਰੂ ਕੀਤੀ ਜਾਵੇ। ਇਸ ‘ਤੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਕਿਹਾ ਕਿ ਕੁਝ ਹੀ ਦਿਨਾਂ ਵਿਚ ਇਸ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਉਨ੍ਹਾਂ ਰੈੱਡ ਕਰਾਸ ਦੇ ਪੰਘੂੜੇ ਦੀ ਖਾਸ ਤੌਰ ‘ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਿਲੱਖਣ ਉਪਰਾਲੇ ਦੀ ਚਰਚਾ ਦੂਰ-ਦੂਰ ਤੱਕ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਵਰਕਿੰਗ ਵਿਮਨ ਹੋਸਟਲ ਦੀ ਦਸ਼ਾ ਸੁਧਾਰਨ ਅਤੇ ਓਲਡ ਏਜ ਹੋਮ ਦੇ ਨਿਰਮਾਣ ਲਈ ਫੰਡ ਮੁਹੱਈਆ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਉਨ੍ਹਾਂ ਰੈੱਡ ਕਰਾਸ ਸੁਸਾਇਟੀ ਦੇ ਕੰਮਕਾਜ਼ ਨੂੰ ਹੋਰ ਬਿਹਤਰ ਕਰਨ ਲਈ ਮੈਂਬਰਾਂ ਦੇ ਸੁਝਾਅ ਵੀ ਲਏ।
ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੀ ਸਕੱਤਰ ਮੈਡਮ ਵਿਨੇ ਸ਼ਰਮਾ ਨੇ ਸ੍ਰੀ ਖੰਨਾ ਨੂੰ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸ੍ਰੀ ਖੰਨਾ ਨੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਉਥੇ ਦਾਖ਼ਲ ਮਰੀਜ਼ਾਂ ਨੂੰ ਫ਼ਲ ਤਕਸੀਮ ਕੀਤੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply