ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਲੜਕੀਆਂ ਦੀ ਮਿਆਰੀ ਸਿੱਖਿਆ ਲਈ ਹਮੇਸ਼ਾ ਵਚਨਬੱਧ ਹੈ ਅਤੇ ਇਸ ਮਕਸਦ ਲਈ ਵਿਦਿਅਕ ਸੰਸਥਾਵਾਂ ਵਿਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਧੁਨਿਕ ਸਹੂਲਤਾਂ ਵਾਲੇ ਆਲੀਸ਼ਾਨ ਆਡੀਟੋਰੀਅਮ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਕਰੀਬ ਇਕ ਕਰੋੜ ਦੀ ਲਾਗਤ ਨਾਲ ਇਹ ਕੰਮ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ ਕਰਵਾਇਆ ਜਾ ਰਿਹਾ ਹੈ। ਸ੍ਰੀ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਨਾਅਰੇ ਨੂੰ ਅਮਲੀ ਰੂਪ ਦੇਣ ਲਈ ਧੀਆਂ ਦਾ ਮਾਣ-ਸਤਿਕਾਰ ਕਰਨਾ ਲਾਜ਼ਮੀ ਹੈ ਅਤੇ ਧੀਆਂ ਦੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਉਨ੍ਹਾ ਦਾ ਸੁਪਨਾ ਹੀ ਨਹੀਂ ਬਲਕਿ ਉਨ੍ਹਾਂ ਲਈ ਪੂਜਾ ਹੈ, ਇਸੇ ਲਈ ਉਹ ਆਪਣੇ ਫੰਡਾਂ ਦੀ ਸੁਯੋਗ ਵਰਤੋਂ ਵਿਦਿਆ ਦੇ ਮੰਦਿਰ ਵਿਚ ਕਰ ਰਹੇ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਇਹ ਇਕ ਮੀਲ ਪੱਥਰ ਸਾਬਿਤ ਹੋਵੇਗਾ ਕਿ ਅਜਿਹੇ ਆਲੀਸ਼ਾਨ ਆਡੀਟੋਰੀਅਮ ਦੀ ਉਸਾਰੀ ਇਕ ਸਰਕਾਰੀ ਸੰਸਥਾ ਵਿਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਸਤਿੰਦਰਬੀਰ ਸਿੰਘ ਨੇ ਕਿਹਾ ਕਿ ਇਸ ਆਡੀਟੋਰੀਅਮ ਦੇ ਨਵੀਨੀਕਰਨ ਨਾਲ ਮਾਲ ਰੋਡ ਸਕੂਲ ਕਿਸੇ ਵੀ ਪ੍ਰਾਈਵੇਟ ਸਕੂਲ ਤੋਂ ਘੱਟ ਨਹੀਂ ਬਲਕਿ ਦੋ ਕਦਮ ਅੱਗੇ ਹੀ ਹੋਵੇਗਾ।
ਇਸ ਤੋਂ ਪਹਿਲਾਂ ਸਮਾਰੋਹ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਨ ਉਪਰੰਤ ਸ਼ਬਦ ਗਾਇਨ ਨਾਲ ਹੋਈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਮੁੱਖ ਮਹਿਮਾਨ ਨੂੰ ਜੀਅ ਆਇਆਂ ਕਹਿੰਦਿਆਂ ਦੱਸਿਆ ਕਿ ਸਕੂਲ ਦਾ ਇਹ ਆਡੀਟੋਰੀਅਮ ਪ੍ਰਿੰਸੀਪਲ ਸੁਰਜੀਤ ਕੌਰ ਭਿੰਡਰ ਵੱਲੋਂ ਪ੍ਰਿੰਸੀਪਲ ਭਗਵੰਤ ਕੌਰ ਬਾਵਾ ਦੀ ਯਾਦ ਵਿਚ ਲੋਕਾਂ ਵੱਲੋਂ ਦਾਨ ਇਕੱਠਾ ਕਰਕੇ ਉਸਾਰਿਆ ਗਿਆ ਸੀ ਅਤੇ ਹੁਣ ਇਸ ਆਡੀਟੋਰੀਅਮ ਨੂੰ ਆਧੁਨਿਕ ਸਹੂਲਤਾ ਨਾਲ ਲੈਸ ਕੀਤਾ ਜਾਵੇਗਾ। ਇਸ ਮੌਕੇ ਐਸ ਈ ਸ੍ਰੀ ਰਾਜੀਵ ਸੇਖੜੀ, ਐਕਸੀਅਨ ਸ੍ਰੀ ਪ੍ਰਦੀਪ ਜਸਵਾਲ, ਐਸ. ਡੀ. ਓ ਸ੍ਰੀ ਰਾਜੀਵ ਵਸਲ, ਈ. ਓ ਸ੍ਰੀ ਅਰਵਿੰਦ ਸ਼ਰਮਾ, ਸ੍ਰੀ ਸੁਧੀਰ ਸ੍ਰੀਧਰ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀਮਤੀ ਸੁਦੀਪ ਕੌਰ, ਸਕੂਲ ਸਟਾਫ ਅਤੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media