ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦੇ ਕੰਮ ਦੀ ਰੋਜ਼ਾਨਾ ਸਮੀਖਿਆ ਹੋਵੇਗੀ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਅਧਿਕਾਰੀਆਂ ਨਾਲ ਖ਼ਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਰੂਜਮ ਨੇ ਕਿਹਾ ਕਿ ਖ਼ਰੀਦ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ 56 ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਵਿਚ ਢੋਆ-ਢੁਆਈ, ਲੇਬਰ, ਬਾਰਦਾਨਾ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾਂ ਅਤੇ ਤਰਪਾਲਾਂ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਦਾ ਹਿੱਸਾ ਨਿਰਧਾਰਿਤ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਮੰਡੀਆਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਕਿਹਾ ਕਿ ਉਹ ਜਾਰੀ ਹਦਾਇਤਾਂ ਮੁਤਾਬਿਕ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਸਹਾਹਿਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ,ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਆਰ. ਕੇ ਪੋਪਲੀ, ਜ਼ਿਲ੍ਹਾ ਮੰਡੀ ਅਫ਼ਸਰ ਸ. ਜਸਬੀਰ ਸਿੰਘ ਪੰਨੂੰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਤੋਂ ਬਾਅਦ ਸ੍ਰੀ ਵਰੁਣ ਰੂਜਮ ਨੇ ਭਗਤਾਂਵਾਲਾ ਮੰਡੀ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਉਥੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media