Friday, July 5, 2024

ਚੇਅਰਮੈਨ ਰਵੀਕਰਨ ਸਿੰਘ ਕਾਹਲੋਂ ਤੇ ਡੀ.ਸੀ ਸੱਭਰਵਾਲ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

PPN1904201602

ਬਟਾਲਾ, 18 ਅਪ੍ਰੈਲ (ਨਰਿੰਦਰ ਬਰਨਾਲ) -ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਮੰਡੀਆਂ ‘ਚ ਕਣਕ ਦੀ ਖਰੀਦ ਦੇ ਪ੍ਰਬੰਧ ਪੂਰੀ ਤਰਾਂ ਮੁਕੰਮਲ ਹਨ ਅਤੇ ਮੰਡੀਆਂ ‘ਚ ਕਣਕ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਨੇ ਅੱਜ ਬਟਾਲਾ ਮੰਡੀ ‘ਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਕਿਸਾਨਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਬ ਅਰੋੜਾ, ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਸ. ਗੁਰਚਰਨ ਸਿੰਘ ਕਰਵਾਲੀਆਂ, ਜ਼ਿਲ੍ਹਾ ਖੁਰਾਕ ਸਪਲਾਈ ਅਫਸਰ ਮੈਡਮ ਸੰਜੋਗਤਾ, ਮਾਰਕਿਟ ਕਮੇਟੀ ਦੇ ਸੈਕਟਰੀ ਬਿਕਰਮਜੀਤ ਸਿੰਘ, ਯੂਥ ਆਗੂ ਗੁਰਜੀਤ ਸਿੰਘ ਬਿਜਲੀਵਾਲ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰੰਧਾਵਾ, ਸੁਦੇਸ਼ ਖੋਸਲਾ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਜ਼ਿਲ੍ਹੇ ‘ਚ ਕਣਕ ਦੀ ਖਰੀਦ ਲਈ 93 ਖਰੀਦ ਕੇਂਦਰ ਬਣਾਏ ਗਏ ਹਨ। ਉਨਾਂ ਦੱਸਿਆ ਕਿ ਪਿਛਲੇ ਸ਼ੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ‘ਚ 3 ਲੱਖ 77 ਹਜ਼ਾਰ ਮੀਟਰਕ ਟਨ ਕਣਕ ਆਈ ਸੀ ਜਦਕਿ ਇਸ ਸ਼ੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਕਰੀਬ 4 ਲੱਖ 60 ਹਜ਼ਾਰ ਮੀਟਰਕ ਟਨ ਤੋਂ ਵੱਧ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ‘ਚ ਕਿਸਾਨਾਂ ਲਈ ਬੈਠਣ ਲਈ ਸਾਫ-ਸੁਥਰੇ ਥਾਂ, ਪੀਣ ਲਈ ਪਾਣੀ ਅਤੇ ਛਾਂ ਆਦਿ ਦੇ ਪ੍ਰਬੰਧ ਮਾਰਕਿਟ ਕਮੇਟੀਆਂ ਵੱਲੋਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਮੰਡੀਆਂ ‘ਚ ਲਿਫਟਿੰਗ ਦੀ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਵੀ ਬਿਨਾ ਕਿਸੇ ਦੇਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ‘ਚ ਕਣਕ ਦੀ ਖਰੀਦ ਦਾ ਕੰਮ ਜੋਰਾਂ ‘ਤੇ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਸਦਕਾ ਇਸ ਵਾਰ ਕਿਸਾਨਾਂ ਦੀ ਕਣਕ ਦੀ ਫਸਲ ਬਹੁਤ ਵਧੀਆ ਹੋਈ ਹੈ ਅਤੇ ਇਸ ਵਾਰ ਕਣਕ ਦਾ ਝਾੜ ਪਹਿਲਾਂ ਨਾਲੋਂ ਵਧੇਰੇ ਨਿਕਲਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਹਮੇਸ਼ਾਂ ਹੀ ਕਿਸਾਨ ਹਿਤੈਸ਼ੀ ਰਹੇ ਹਨ ਅਤੇ ਇਸ ਵਾਰ ਵੀ ਉਨ੍ਹਾਂ ਦੀਆਂ ਇਹ ਸਪੱਸ਼ਟ ਹਦਾਇਤਾਂ ਹਨ ਕਿ ਮੰਡੀਆਂ ‘ਚ ਆਪਣੀ ਜਿਨਸ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਦਾਣਾ ਮੰਡੀ ਜੋ ਕਿ ਪੰਜਾਬ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਹੈ ਵਿਖੇ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਇਥੇ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਚੇਅਰਮੈਨ ਸ. ਕਾਹਲੋਂ ਨੇ ਕਿਹਾ ਕਿ ਜਿਥੇ ਪ੍ਰਸ਼ਾਸਨ ਵੱਲੋਂ ਮੰਡੀਆਂ ‘ਚ ਕਿਸਾਨਾਂ ਦੀ ਸਹੂਲਤ ਲਈ ਆਪਣੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ ਉਥੇ ਇਸ ਵਾਰ ਉਨ੍ਹਾਂ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਬਟਾਲਾ ਮੰਡੀ ‘ਚ ਕਿਸਾਨਾਂ ਲਈ ਵਿਸ਼ੇਸ਼ ਤੌਰ ‘ਤੇ ਗੁਰੂ ਕੇ ਲੰਗਰ ਲਗਾਏ ਜਾਣਗੇ ਤਾਂ ਜੋ ਫਸਲ ਵੇਚਣ ਆਏ ਕਿਸਾਨ ਗੁਰੂ ਕਾ ਲੰਗਰ ਛੱਕ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ‘ਚ ਕਣਕ ਦਾ ਇੱਕ-ਇੱਕ ਦਾਣਾ ਪੂਰੇ ਭਾਅ ‘ਤੇ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਸੂਰਤ ‘ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਬਟਾਲਾ ਮੰਡੀ ਦੇ ਦੌਰੇ ਮੌਕੇ ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਵੱਲੋਂ ਵੱਖ-ਵੱਖ ਢੇਰੀਆਂ ‘ਤੇ ਜਾ ਕੇ ਖਰੀਦ ਦਾ ਮੁਆਇਨਾ ਕੀਤਾ ਗਿਆ ਅਤੇ ਕਣਕ ਦੀ ਸਰਕਾਰੀ ਖਰੀਦ ਕਰਵਾਈ ਗਈ। ਇਸ ਉਪਰੰਤ ਚੇਅਰਮੈਨ ਕਾਹਲੋਂ ਤੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਸਮੇਤ ਫਤਿਹਗੜ੍ਹ ਚੂੜੀਆਂ ਦੀ ਦਾਣਾ ਮੰਡੀ ਦਾ ਦੌਰਾ ਵੀ ਕੀਤਾ ਗਿਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply