Wednesday, July 3, 2024

ਰਣਜੀਤ ਸਾਗਰ ਡੈਮ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ- ਸੁਖਬੀਰ ਬਾਦਲ

ਵਪਾਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਬੇ ਦੇ 2.33 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਲਾਭ

PPN1904201619

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਣਜੀਤ ਸਾਗਰ ਡੈਮ ਇਲਾਕੇ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਜਿਸ ਨਾਲ ਵਪਾਰੀ ਵਰਗ ਅਤੇ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਇਹ ਪ੍ਰਗਟਾਵਾ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨੇ ਅੱਜ ਸਥਾਨਿਕ ਗੁਰਕਰਤਾਰ ਪੈਲਸ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵਪਾਰੀਆਂ ਨੂੰ ਰਾਜ ਪੱਧਰੀ ਸਮਾਗਮ ਮੌਕੇ ਸਿਹਤ ਬੀਮਾ ਕਾਰਡ ਵੰਡਣ ਦੀ ਸ਼ੁਰੂਆਤ ਕਰਦਿਆਂ ਕੀਤਾ।
ਸ. ਬਾਦਲ ਨੇ ਇਸ ਮੌਕੇ ‘ਤੇ ਵਪਾਰੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਪਾਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਬੇ ਦੇ 2.33 ਲੱਖ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਲਈ ਰਾਹਤ ਸਕੀਮ ਵੀ ਲਾਗੂ ਕਰਨ ਦਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ। ਜਿਸ ਤਹਿਤ 1.86 ਲੱਖ ਛੋਟੇ ਵਪਾਰੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਪਲਾਈਵੁਡ ਇੰਡਸਟਰੀ, ਬੇਕਰੀ, ਢਾਬਿਆਂ ਅਤੇ ਭੱਠਿਆਂ ਵਾਸਤੇ ਯੱਕਮੁਸ਼ਤ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਸਕੀਮ ਅਧੀਨ ਵਪਾਰੀ ਅਤੇ ਉਸ ‘ਤੇ ਨਿਰਭਰ ਪਰਿਵਾਰਿਕ ਮੈਂਬਰਾਂ ਨੂੰ 50,000/-ਰੁਪਏ ਤੱਕ ਮੁਫ਼ਤ ਇਲਾਜ਼ ਸਰਕਾਰ ਵੱਲੋਂ ਪ੍ਰਵਾਨਿਤ ਸਰਕਾਰੀ ਅਤੇ ਪ੍ਰਾਈਵੇਟ 403 ਹਸਪਤਾਲਾਂ ਵਿੱਚ ਇਲਾਜ਼ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਪਾਰੀ ਦੀ ਹਾਦਸੇ ਵਿੱਚ ਮੌਤ ਅਤੇ ਅਪਾਹਿਜ ਹੋਣ ‘ਤੇ 5 ਲੱਖ ਰੁਪਏ ਦਾ ਬੀਮਾ ਕਵਰ ਕੀਤਾ ਗਿਆ ਹੈ ਅਤੇ ਵਪਾਰੀ ਦੇ ਸਮਾਨ ਨੂੰ ਅੱਗ ਨਾਲ ਨੁਕਸਾਨ ਹੋਣ ‘ਤੇ 5 ਲੱਖ ਰੁਪਏ ਦੇ ਬੀਮੇ ਦਾ ਲਾਭ ਦਿੱਤਾ ਜਾਵੇਗਾ।
ਉੱਪ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਰਾਜ ਦੀਆਂ ਪ੍ਰਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਬਣਾਉਣ ਲਈ 22000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 7 ਹਜਾਰ ਕਰੋੜ ਰੁਪਏ ਅਤੇ ਪਿੰਡਾਂ ਦੇ ਵਿਕਾਸ ਲਈ 5 ਹਜਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਠਾਨਕੋਟ ਜ਼ਿਲ੍ਹਾ ਬਣਨ ਤੋਂ ਬਾਅਦ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ 732 ਕਰੋੜ ਰੁਪਏ ਸਰਕਾਰ ਵੱਲੋਂ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਅੰਦਰ 21000 ਸੇਵਾ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ 4 ਪਿੰਡਾਂ ਪਿਛੇ ਇੱਕ ਸੇਵਾ ਕੇਂਦਰ ਅਤੇ ਸ਼ਹਿਰ ਅੰਦਰ 2 ਵਾਰਡਾਂ ਪਿੱਛੇ ਇੱਕ ਸੇਵਾ ਕੇਂਦਰ ਬਣਾਏ ਜਾ ਰਹੇ ਹਨ, ਜੋ ਆਉਣ ਵਾਲੇ ਦੋ ਮਹੀਨਿਆਂ ਦੇ ਅੰਦਰ ਅੰਦਰ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸੇਵਾ ਕੇਂਦਰਾਂ ਵਿੱਚ 206 ਨਾਗਰਿਕ ਪੱਖੀ ਸੇਵਾਵਾਂ ਜੋ ਵੱਖ ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਹਨ, ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਬਣੀ ਹੈ ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਰਣਜੀਤ ਸਾਗਰ ਡੈਮ, ਥਰਮਲ ਪਲਾਂਟ, ਅੰਮ੍ਰਿਤਸਰ ਏਅਰਪੋਰਟ ਅਤੇ ਮੁਹਾਲੀ ਏਅਰਪੋਰਟ ਵਰਗੇ ਵੱਡੇ ਪ੍ਰਾਜੈਕਟ ਮੁਕੰਮਲ ਕਰਕੇ ਪੰਜਾਬ ਦਾ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲੋਕਾਂ ਨੂੰ ਦੂਸਰੇ ਰਾਜਾਂ ਦੇ ਮੁਕਾਬਲੇ ਸਸਤੀ ਅਤੇ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕੀਤਾ ਹੈ ਅਤੇ ਪੰਜਾਬ ਸਰਕਾਰ ਸਾਰੇ ਧਾਰਮਾਂ ਦੇ ਧਾਰਮਿਕ ਦਿਹਾੜੇ ਸਰਕਾਰੀ ਪੱਧਰ ‘ਤੇ ਮਨਾਉਂਦੀ ਹੈ ਅਤੇ ਵੱਖ ਵੱਖ ਧਾਰਮਾਂ ਦੇ ਧਾਰਮਿਕ ਸਥਾਨਾਂ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਧਾਰਮਾਂ ਦੇ ਲੋਕਾਂ ਨੂੰ ਆਪਣੇ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਰਾਜ ਦੇ ਸਮੂਹ ਵਰਗਾਂ ਦੀ ਭਲਾਈ ਅਹਿਮ ਭਲਾਈ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਵਿਰੋਧੀ ਪਾਰਟੀਆਂ ਦੇ ਗੁਮਰਾਹ ਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਨਸ਼ਾ ਪੈਦਾ ਨਹੀਂ ਹੁੰਦਾ ਹੈ ਅਤੇ ਸਾਰਾ ਨਸ਼ਾ ਪਾਕਿਸਤਾਨ ਤੇ ਅਫ਼ਗਾਨੀਸਤਾਨ ਤੋਂ ਆਉਂਦਾ ਹੈ। ਜਿਸ ਨੂੰ ਪੰਜਾਬ ਪੁਲਿਸ ਅਤੇ ਸੁਰੱਖਿਆ ਫੋਰਸਾਂ ਦੇ ਜਵਾਨਾਂ ਵੱਲੋਂ ਫੜਿਆ ਜਾਂਦਾ ਹੈ, ਜੇ ਅਸੀਂ ਇਹ ਨਸ਼ਾ ਨਾ ਫੜੀਏ ਤਾਂ ਇਹ ਨਸ਼ਾ ਦੇਸ਼ ਦੇ ਹਰ ਕੋਨੇ ਵਿੱਚ ਪਹੁੰਚ ਕੇ ਨੌਜਵਾਨ ਪੜ੍ਹੀ ਨੂੰ ਬਰਬਾਦ ਕਰ ਦਵੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਇਹ ਵੀ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਕਰਜ਼ੇਈ ਹੋ ਗਿਆ ਹੈ ਜਦ ਕਿ ਪੰਜਾਬ ਦਾ ਕਰਜ਼ਾ ਦੂਸਰੇ ਰਾਜਾਂ ਨਾਲੋਂ ਬਹੁਤ ਘੱਟ ਹੈ ਅਤੇ ਉੱਨਤੀ ਦੇ ਖੇਤਰ ਵਿੱਚ ਪੰਜਾਬ ਹਿੰਦੁਸਤਾਨ ਦੇ ਸਾਰੇ ਸੂਬਿਆਂ ਨਾਲੋਂ ਅੱਗੇ ਹੈ।  ਸ. ਬਾਦਲ ਨੇ ਐਲਾਨ ਕੀਤਾ ਕਿ ਇਸ ਸਾਲ ਵਿਸ਼ਵ ਕਬੱਡੀ ਕੱਪ ਦੇ ਮੈਚ ਪਠਾਨਕੋਟ ਵਿਖੇ ਬਣ ਰਹੇ ਨਵੇਂ ਆਧੁਨਿਕ ਖੇਡ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਮਹੀਨੇ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਪਠਾਨਕੋਟ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਅਤੇ 1402 ਵਪਾਰੀ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ।
ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਜ਼ਿਲ੍ਹੇ ਅੰਦਰ ਅਕਾਲੀ ਭਾਜਪਾ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਸਰਕਾਰੀ ਕਾਲਜ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਆਧੁਨਿਕ ਸਟੇਡੀਅਮ, ਆਡੀਟੋਰੀਅਮ ਅਤੇ ਨਲਵਾ ਨਹਿਰ ‘ਤੇ ਬਣਾਏ ਗਏ ਪੱਕੇ ਪੁਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਲਾਕੇ ਦੀਆਂ ਹੋਰ ਮੰਗਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿ ਉਕਤ ਪ੍ਰਾਜੈਕਟਾਂ ਤੋਂ ਇਲਾਵਾ 67 ਕਰੋੜ ਰੁਪਏ ਸ਼ਹਿਰ ਦੇ ਵਿਕਾਸ ਲਈ ਖਰਚ ਕੀਤੇ ਗਏ ਹਨ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ, ਸ਼੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ, ਸ਼੍ਰੀ ਨਰੋਤਮ ਦੇਵੀ ਰੱਤੀ ਚੇਅਰਮੈਨ ਪੰਜਾਬ ਟਰੇਡ ਬੋਰਡ, ਸ਼੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਸ. ਰਾਜਿੰਦਰ ਸਿੰਘ ਮਰਵਾਹਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ਼੍ਰੀ ਅਨਿਲ ਰਾਮਪਾਲ ਜ਼ਿਲ੍ਹਾ ਪ੍ਰਧਾਨ ਭਾਜਪਾ ਅਤੇ ਸ. ਹਰਦੀਪ ਸਿੰਘ ਲਮੀਣੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮਹਿਮਾਨ ਨੂੰ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ। ਹੋਰਨਾਂ ਤੋਂ ਇਲਾਵਾ ਸ਼੍ਰੀ ਡੀ.ਪੀ. ਰੇਡੀ ਐਡੀਸ਼ਨਲ ਚੀਫ਼ ਸੈਕਟਰੀ, ਰਜਿਤ ਅਗਰਵਾਲ ਆਬਕਾਰੀ ਤੇ ਕਰ ਕਮਿਸ਼ਨਰ, ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਰਾਕੇਸ਼ ਕੌਸ਼ਲ ਐਸ.ਐਸ.ਪੀ., ਰਾਕੇਸ਼ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਹਰਸਿਮਰਤ ਕੌਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਠਾਨਕੋਟ ਅਤੇ ਸੰਜੀਵ ਮੱਲ੍ਹਣ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply