Wednesday, July 3, 2024

ਪਾਣੀ ਦਾ ਇੱਕ ਤੁਪਕਾ ਨਹੀਂ ਦੇਵਾਂਗੇ- ਹਰਸਿਮਰਤ ਕੌਰ ਬਾਦਲ

PPN2104201601
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਕਿਸੇ ਦਾ ਵੀ ਕੋਈ ਹੱਕ ਨਹੀਂ ਅਤੇ ਪੰਜਾਬ ਦੇ ਪਾਣੀਆਂ ਦਾ ਤੁਪਕਾ ਵੀ ਰਾਜ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਅਤੇ ਪੰਜਾਬ ਵਾਸੀ ਪਾਣੀਆਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ।ਸਥਾਨਕ ਬੰਬੀਹਾ ਪਿੰਡ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਰਾਏਕੇ ਖੁਰਦ, ਰਾਏਕੇ ਕਲਾਂ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਮੌਕੇ ‘ਤੇ ਹੱਲ ਕਰਨ ਤੋਂ ਇਲਾਵਾ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਬਾਦਲ ਨੇ ਹਰਿਆਣਾ ਸਰਕਾਰ ਵਲੋਂ ਪੰਜਾਬ ਦੇ ਪਾਣੀਆਂ ‘ਤੇ ਹੱਕ ਜਤਾਉਣ ਲਈ ਦਿੱਤੇ ਬਿਆਨ ਸਬੰਧੀ ਕਿਹਾ ਕਿ ਰਾਈਪੇਰੀਅਨ ਹੱਕ ਮੁਤਾਬਿਕ ਪੰਜਾਬ ਦਾ ਪਾਣੀ ਸਿਰਫ਼ ਤੇ ਸਿਰਫ਼ ਪੰਜਾਬ ਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਪਾਣੀਆਂ ਵਿਰੁੱਧ ਵੱਡੀਆਂ ਸਾਜਿਸ਼ਾਂ ਰਚੀਆਂ ਗਈਆਂ ਸਨ ਪਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਇਨ੍ਹਾਂ ਪਾਣੀਆਂ ਦੀ ਰਾਖੀ ਲਈ ਹਰ ਵੱਡੇ ਤੋਂ ਵੱਡਾ ਸੰਘਰਸ਼ ਕਰਨ ਲਈ ਤਿਆਰ-ਬਰ-ਤਿਆਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ-ਦਿੱਲੀ ਨੂੰ ਦੇਣ ਲਈ ਪੰਜਾਬ ਕੋਲ ਇੱਕ ਤੁਪਕਾ ਵੀ ਵਾਧੂ ਪਾਣੀ ਨਹੀਂ ਹੈ। ਕਣਕ ਦੀ ਮੰਡੀਆਂ ਵਿੱਚ ਵੱਡੇ ਪੱਧਰ ‘ਤੇ ਆਮਦ ਅਤੇ ਅਦਾਇਗੀਆਂ ਬਾਰੇ ਪੁੱਛੇ ਜਾਣ ‘ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਅਦਾਇਗੀਆਂ ਵਿੱਚ ਦੇਰੀ ਕੇਂਦਰ ਦੀ ਸਾਬਕਾ ਕਾਂਗਰਸ ਸਰਕਾਰ ਵਲੋਂ ਰੋਕੀਆਂ ਪੰਜਾਬ ਦੀਆਂ ਬਕਾਇਆ ਰਾਸ਼ੀਆਂ ਕਰਕੇ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਬੀਤੇ ਦਿਨੀਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਮਿਲ ਕੇ ਪੰਜਾਬ ਦਾ ਪੱਖ ਰੱਖ ਆਏ ਹਨ ਅਤੇ ਉਨ੍ਹਾਂ ਖੁਦ ਕੇਂਦਰੀ ਵਿਤ ਮੰਤਰੀ ਨਾਲ ਇਸ ਵਿਸ਼ੇ ‘ਤੇ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਬਕਾਇਆਂ ਨੂੰ ਜਲਦ ਹੀ ਜਾਰੀ ਕਰ ਰਹੀ ਹੈ। ਸ਼੍ਰੀਮਤੀ ਬਾਦਲ ਨੇ ਕਿਹਾ ਕਿ ਫ਼ਸਲ ਦੀਆਂ ਅਦਾਇਗੀਆਂ ਬਹੁਤ ਜਲਦ ਸ਼ੁਰੂ ਹੋ ਜਾਣਗੀਆਂ। ਬਰਤਾਨੀਆਂ ਵਿੱਚ ਪਏ ਕੋਹੇਨੂਰ ਹੀਰੇ ਸਬੰਧੀ ਪੁੱਛੇ ਜਾਣ ‘ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਕੋਹੇਨੂਰ ਹੀਰਾ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਦੀ ਮਹਾਨ ਵਿਰਾਸਤ ਹੈ ਜੋ ਕਿ ਪੰਜਾਬ ਦੇ ਸਪੁਰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੀਰੇ ਦੇ ਨਾਲ-ਨਾਲ ਉਸ ਵੇਲੇ ਦੀਆਂ ਹੋਰ ਵੀ ਕਈ ਮਹਾਨ ਵਿਰਾਸਤਾਂ ਪੰਜਾਬ ਨੂੰ ਸੌਂਪੀਆਂ ਜਾਣੀਆਂ ਚਾਹੀਦੀਆਂ ਹਨ। ਸ੍ਰੋਮਣੀ ਅਕਾਲੀ ਦਲ(ਅ) ਦੇ ਆਗੂ ਸਿਮਰਨਜੀਤ ਸਿੰਘ ਮਾਨ ਵਲੋਂ ਸਰਬਤ ਖਾਲਸਾ ਬੁਲਾਏ ਜਾਣ ਸਬੰਧੀ ਦਿੱਤੇ ਬਿਆਨ ‘ਤੇ ਪ੍ਰਤੀਕ੍ਰਿਆ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਇਹ ਲੋਕ ਕਾਂਗਰਸ ਪਾਰਟੀ ਨਾਲ ਰਲਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਪਰ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨਾਲ ਕਿਸੇ ਵੀ ਕਿਸਮ ਦਾ ਕੋਈ ਸਮਝੌਤਾ ਨਹੀਂ ਹੋਣ ਦੇਵੇਗੀ।ਇਸ ਤੋਂ ਪਹਿਲਾਂ ਸ਼੍ਰੀਮਤੀ ਬਾਦਲ ਨੇ ਪਿੰਡ ਬੰਬੀਹਾ, ਰਾਏਕੇ ਖੁਰਦ, ਰਾਏਕੇ ਕਲਾਂ ਅਤੇ ਬਾਅਦ ਵਿੱਚ ਨੰਦਗੜ, ਜੱਸੀ ਪੌ ਵਾਲੀ, ਮੀਆਂ, ਬਾਜਕ, ਚੱਕ ਅਤਰ ਸਿੰਘ ਵਾਲਾ ਅਤੇ ਬੱਤੀ ਪੱਤੀ ਪਿੰਡਾਂ ਦੇ ਸੰਗਤ ਦਰਸ਼ਨਾਂ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ।ਉਨ੍ਹਾਂ ਕਿਹਾ ਕਿ ਚੋਣਾਂ ਦੋਰਾਨ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਸਿਆਸੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਭਾਂਜ ਦੇਣੀ ਚਾਹੀਦੀ ਹੈ। ਸ਼੍ਰੀਮਤੀ ਬਾਦਲ ਨੇ ਲੋਕਾਂ ਨੂੰ ਆਉਂਦੀਆਂ ਚੋਣਾਂ ਵਿੱਚ ਭਲੇ ਅਤੇ ਬੁਰੇ ਦੀ ਪਰਖ ਜਰੂਰ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋ ਜਾਵੇਗੀ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਬੀਬੀ ਗੁਰਵਿੰਦਰ ਕੌਰ ਢਿਲੋਂ, ਸਿਕੰਦਰ ਸਿੰਘ, ਸਰਬਜੀਤ ਸਿੰਘ ਡੂੰਮਵਾਲੀ, ਸੁਖਬੀਰ ਸਿੰਘ ਜੱਸੀ ਪੌ ਵਾਲੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply